ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਪੰਚਾਂ, ਸਰਪੰਚਾਂ ਅਤੇ ਸਿਆਸੀ ਪਾਰਟੀਆਂ ਦੇ ਅਹੁਦੇਦਾਰਾਂ 'ਤੇ ਭੈੜੇ ਦੋਸ਼ ਲਗਾ ਰਹੀ ਹੈ : ਪ੍ਰਧਾਨ ਰਾਜਾ ਵੜਿੰਗ 

ਜਲੰਧਰ, 01 ਮਈ : ਆਪ ਸਰਕਾਰ ਸਰਪੰਚਾਂ ਅਤੇ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ਡਰਾ ਧਮਕਾ ਰਹੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਲੰਧਰ ਵਿਖੇ ਇੱਕ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰਧਾਨ ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਵੱਖ-ਵੱਖ ਹਲਕਿਆਂ ਦੇ ਪੰਚਾਂ, ਸਰਪੰਚਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਅਹੁਦੇਦਾਰਾਂ 'ਤੇ ਭੈੜੇ ਦੋਸ਼ ਲਗਾ ਰਹੀ ਹੈ। ਉਨ੍ਹਾਂ ਕਿਹਾ “ਇਹ ਚਾਲਬਾਜ਼ ਗਤੀਵਿਧੀਆਂ ਆਮ ਆਦਮੀ ਪਾਰਟੀ ਦੀ ਚਿੰਤਾ ਨੂੰ ਬੇਨਕਾਬ ਕਰਦੀਆਂ ਹਨ। ਅਪਣੀਆਂ ਅਸਫਲਤਾਵਾਂ, ਝੂਠੀਆਂ ਗਰੰਟੀਆਂ ਅਤੇ ਜਲੰਧਰ ਜ਼ਿਮਨੀ ਚੋਣ ਵਿਚ ਸਪੱਸ਼ਟ ਹਾਰ ਦੇ ਕਾਰਨ, 'ਆਪ' ਵੋਟਰਾਂ ਨੂੰ ਗੁੰਮਰਾਹ ਕਰਨ ਅਤੇ ਅਪਣੀ ਝੂਠੀ ਹਉਮੈ ਨੂੰ ਸੰਤੁਸ਼ਟ ਕਰਨ ਲਈ ਹੇਰਾਫੇਰੀ ਦੀ ਕੋਸ਼ਿਸ਼ ਕਰ ਰਹੀ ਹੈ। ਵੜਿੰਗ ਨੇ ਕਿਹਾ ਸੂਬੇ ਵਿਚ ਪੂਰੀ ਤਰ੍ਹਾਂ ਨਾਲ ਅਰਾਜਕਤਾ ਦਾ ਮਾਹੌਲ ਹੈ, ਆਮ ਆਦਮੀ ਪਾਰਟੀ ਪੰਜਾਬ ਦੀ ਲੀਡਰਸ਼ਿਪ ਜ਼ਿਮਨੀ ਚੋਣ ਤੋਂ ਪਹਿਲਾਂ ਵੋਟਰਾਂ ਨੂੰ ਧੋਖਾ ਦੇਣ ਲਈ ਸਿਆਸੀ ਬਦਲਾਖ਼ੋਰੀ ਅਤੇ ਗੁੰਮਰਾਹਕੁੰਨ ਮੁਹਿੰਮਾਂ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਇਸ ਦੇ ਲੋਕਾਂ ਨੇ ਕਦੇ ਵੀ ਅੱਤਿਆਚਾਰਾਂ ਅੱਗੇ ਆਤਮ ਸਮਰਪਣ ਨਹੀਂ ਕੀਤਾ ਅਤੇ ਉਹ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਹੱਕ ਵਿਚ ਵੋਟ ਪਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਰੂਰ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ 'ਆਪ' ਨੇ ਸੂਬੇ ਦੀਆਂ ਮਹਿਲਾ ਵੋਟਰਾਂ ਨਾਲ ਕੀਤੇ ਵਾਅਦਿਆਂ 'ਤੇ ਝੂਠ ਬੋਲਿਆ ਸੀ ਅਤੇ ਉਨ੍ਹਾਂ ਨੇ ਆਉਣ ਵਾਲੀਆਂ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਜਾਂ 'ਸ਼ਗਨ ਸਕੀਮ' ਅਤੇ 'ਵਿਧਵਾ ਪੈਨਸ਼ਨ' ਬੰਦ ਕਰਕੇ ਔਰਤਾਂ ਨਾਲ ਧੋਖਾ ਕੀਤਾ ਹੈ। 'ਆਪ' ਨੇ ਮਹਿਲਾ ਵੋਟਰਾਂ ਨੂੰ ਨਿਸ਼ਾਨਾ ਬਣਾਇਆ ਅਤੇ 'ਬਦਲਾਅ' ਦੇ ਨਾਂਅ 'ਤੇ ਜਾਣਬੁੱਝ ਕੇ ਗੁੰਮਰਾਹ ਕੀਤਾ। ਉਨ੍ਹਾਂ ਕਿਹਾ ਕਿ ਕਰਮਜੀਤ ਕੌਰ ਚੌਧਰੀ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨਗੇ, ਅਤੇ ਹਲਕੇ ਦੀ ਤਰੱਕੀ ਅਤੇ ਹਰ ਵੋਟਰ ਦੀ ਖ਼ੁਸ਼ਹਾਲੀ ਦਾ ਧਿਆਨ ਰਖਿਆ ਜਾਵੇਗਾ।