ਹੁਸ਼ਿਆਰਪੁਰ: ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਕੰਮ 17 ਅਕਤੂਬਰ ਤੋਂ ਹੋਵੇਗਾ ਸ਼ੁਰੂ : ਜ਼ਿਲ੍ਹਾ ਚੋਣ ਅਫ਼ਸਰ

  • 17 ਅਕਤੂਬਰ ਤੋਂ 30 ਨਵੰਬਰ ਤੱਕ ਲਏ ਜਾਣਗੇ ਦਾਅਵੇ ਤੇ ਇਤਰਾਜ਼

ਹੁਸ਼ਿਆਰਪੁਰ, 29 ਜੂਨ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 01-01-2024 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਕੰਮ ਮਿਤੀ 17 ਅਕਤੂਬਰ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 17 ਅਕਤੂਬਰ 2023 ਨੂੰ ਕਰਵਾਈ ਜਾਵੇਗੀ। ਇਸ ਤੋਂ ਬਾਅਦ 17 ਅਕਤੂਬਰ 2023 ਤੋਂ 30 ਨਵੰਬਰ 2023 ਤੱਕ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਮਿਤੀ 21 ਅਕਤੂਬਰ 2023  (ਸ਼ਨੀਵਾਰ), 22 ਅਕਤੂਬਰ 2023 (ਐਤਵਾਰ), 18 ਨਵੰਬਰ 2023 (ਸ਼ਨੀਵਾਰ) ਅਤੇ 19 ਨਵੰਬਰ 2023 (ਐਤਵਾਰ) ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਨਾਂ ਮਿਤੀਆਂ ਨੂੰ ਬੀ.ਐਲ.ਓਜ਼ ਪੋਲਿੰਗ ਬੂਥਾਂ 'ਤੇ ਬੈਠ ਕੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ। ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਮਿਤੀ 17 ਅਕਤੂਬਰ 2023 ਤੋਂ 26 ਦਸੰਬਰ 2023 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 5 ਜਨਵਰੀ 2024 ਨੂੰ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸ਼ਟਰੇਸ਼ਨ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਚੋਣ ਕਮਿਸ਼ਨ ਦੇ ਨਿਰਧਾਰਤ ਸ਼ਡਿਊਲ ਅਨੁਸਾਰ ਗਤੀਵਿਧੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ ਅਤੇ ਸੁਧਾਈ ਦੇ ਪ੍ਰੋਗਰਾਮ ਨੂੰ ਸੋਸ਼ਲ/ਇਲੈਕਟ੍ਰੋਨਿਕ/ਪ੍ਰਿੰਟ ਮੀਡੀਆ ਰਾਹੀਂ ਵੱਧ ਤੋਂ ਵੱਧ ਪ੍ਰਚਾਰ ਕਰਵਾਇਆ ਜਾਵੇ। ਉਨਾਂ ਜ਼ਿਲ੍ਹੇ ਦੀਆਂ ਸਮੂਹ ਰਾਜਸੀ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਵੋਟਰ ਸੂਚੀ ਦੀ ਸੁਧਾਈ ਵਿਚ ਲੱਗੇ ਅਧਿਕਾਰੀਆਂ/ਕਰਮਚਾਰੀਆਂ ਅਤੇ ਬੀ.ਐਲ.ਓਜ਼ ਨੂੰ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ, ਤਾਂ ਜੋ ਵੋਟਰ ਸੂਚੀ ਦੀ ਸੁਧਾਈ ਦੀ ਪ੍ਰਕਿਰਿਆਂ ਨੂੰ ਪਾਰਦਰਸ਼ੀ ਬਣਾਇਆ ਜਾ ਸਕੇ। ਉਨਾਂ ਸਮੂਹ ਜ਼ਿਲ੍ਹਾ ਸਵੀਪ ਆਇਕਨਜ਼ ਨੂੰ ਕਿਹਾ ਕਿ ਆਪਣੇ ਸੰਭਵ ਸਾਧਨਾਂ ਰਾਹੀਂ ਵੋਟਰ ਸੂਚੀ ਦੇ ਸੁਧਾਈ ਦੇ ਉਕਤ ਪ੍ਰੋਗਰਾਮ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਵੋਟ ਬਣਾਉਣ ਸਬੰਧੀ ਪ੍ਰੇਰਿਤ ਕੀਤਾ ਜਾਵੇ।