ਰਾਸ਼ਟਰੀ ਰੋਡ ਸੇਫ਼ਟੀ ਮਹੀਨਾ-2024 ਤਹਿਤ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਦਿੱਤੀ ਜਾਣਕਾਰੀ

  • ਟਰਾਂਸਪੋਰਟ ਅਧਿਕਾਰੀ ਅਤੇ ਟ੍ਰੈਫਿਕ ਸੈੱਲ ਵਲੋਂ ਵਿਦਿਆਰਥੀਆਂ ਨੂੰ ਡਰਾਈਵਿੰਗ ਸਮੇਂ ਪੂਰੀ ਸਾਵਧਾਨੀ ਵਰਤਨ ਦੀ ਤਾਕੀਦ

ਕਪੂਰਥਲਾ, 6 ਫਰਵਰੀ : ਜ਼ਿਲ੍ਹੇ ਵਿਚ ਰਾਸ਼ਟਰੀ ਰੋਡ ਸੇਫ਼ਟੀ ਮਹੀਨਾ-2024 ਤਹਿਤ ਕੀਤੀਆਂ ਜਾ ਰਹੀਆਂ ਵੱਖ-ਵੱਖ ਸਰਗਰਮੀਆਂ ਦੀ ਲੜੀ ਵਿਚ ਅੱਜ ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀ ਅਤੇ ਟ੍ਰੈਫਿਕ ਸੈੱਲ ਵਲੋਂ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀ ਅਮਨਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਡਰਾਈਵਿੰਗ ਕਰਦੇ ਸਮੇਂ ਪੂਰੀ ਸਾਵਧਾਨੀ ਵਰਤਨ ਅਤੇ ਸੜਕ ਸੁਰੱਖਿਆ ਦੇ ਨਿਯਮਾਂ ਦੀ ਪਾਲਨਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਵਾਹਨ ਚਾਲਕਾਂ ਦਾ ਇਹ ਮੁਢਲਾ ਫਰਜ ਬਣਦਾ ਹੈ ਕਿ ਉਹ ਵਾਹਨ ਨਿਰਧਾਰਿਤ ਰਫਤਾਰ ਵਿਚ ਚਲਾਉਣ ਤਾਂ ਜੋ ਕਿਸੇ ਤਰ੍ਹਾਂ ਦੀ ਅਨਹੋਣੀ ਘਟਨਾਂ ਨਾ ਵਾਪਰੇ। ਉਨ੍ਹਾਂ ਕਿਹਾ ਕਿ ਸਾਵਧਾਨੀ ਵਰਤਨ ਨਾਲ ਸੜਕੀ ਹਾਦਸਿਆਂ ਦੀ ਦਰ ਵਿਚ ਗਿਰਾਵਟ ਲਿਆਂਦੀ ਜਾ ਸਕਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਲਾਇਸੈਂਸ ਬਣਾਉਣ ਉਪਰੰਤ ਹੀ ਵਾਹਨ ਚਲਾਉਣ। ਟ੍ਰੈਫਿਕ ਸੈੱਲ ਦੇ ਇੰਚਾਰਜ ਦਰਸ਼ਨ ਸਿੰਘ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸੜਕ ਸੁਰੱਖਿਆ ਅਤਿ ਜ਼ਰੂਰੀ ਹੈ ਜਿਸਦਾ ਹਰੇਕ ਨੂੰ ਪਾਲਨ ਕਰਨਾ ਚਾਹੀਦਾ ਹੈ। ਇਸ ਮੌਕੇ ਸਕੂਲ ਸਟਾਫ਼, ਵਿਦਿਆਰਥੀਆਂ ਤੋਂ ਇਲਾਵਾ ਏ.ਐਸ.ਆਈ ਬਲਵਿੰਦਰ ਸਿੰਘ ਨਟਕਰ, ਏ.ਐਸ.ਆਈ ਗੁਰਬਚਨ ਸਿੰਘ ਆਦਿ ਵੀ ਮੌਜੂਦ ਸਨ।