ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕਰਮਜੀਤ ਕੌਰ ਚੌਧਰੀ ਨੁੰ ਉਮੀਦਵਾਰ ਐਲਾਨਿਆ 

ਜਲੰਧਰ, 13 ਮਾਰਚ : ਕੁੱਝ ਸਮਾਂ ਪਹਿਲਾਂ ਲੋਕ ਸਭਾ ਹਲਕਾ ਜਲੰਧਰ ਦੇ ਪਾਰਲੀਮੈਂਟ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਹੋ ਗਈ ਸੀ, ਜਿਸ ਕਾਰਨ ਲੋਕ ਸਭਾ ਦੀ ਜਿਮਨੀ ਚੋਣ ਹੋਣ ਜਾ ਰਹੀ ਹੈ, ਜਿਸ ਨੁੰ ਲੈ ਕੇ ਵੱਖ ਵੱਖ ਪਾਰਟੀਆਂ ਵੱਲੋਂ ਦਿਨ ਰਾਤ ਇੱਕ ਕੀਤਾ ਹੋਇਆ ਹੈ, ਇਸੇ ਨੂੰ ਲੈ ਕੇ ਅੱਜ ਲੋਕ ਸਭਾ ਹਲਕਾ ਜਲੰਧਰ ਤੋਂ ਸਵ. ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੁੰ ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਬਣਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰ ਸਮੇਂ ਕਰਮਜੀਤ ਕੌਰ ਚੌਧਰੀ ਨੂੰ ਹਾਈਕਮਾਂਡ ਵੱਲੋਂ ਦਿੱਲੀ ਬੁਲਾਇਆ ਗਿਆ ਸੀ, ਜਿਸ ਤੋਂ ਬਾਅਦ ਸ਼ਾਮ ਸਮੇਂ ਪਾਰਟੀ ਵੱਲੋਂ ਉਨ੍ਹਾਂ ਨੂੰ ਜਲੰਧਰ ਹਲਕੇ ਤੋਂ ਜਿਮਨੀ ਚੋਣ ਲਈ ਉਮੀਦਵਾਰ ਐਲਾਨ ਦਿੱਤਾ ਹੈ। ਕਰਮਜੀਤ ਕੌਰ ਚੌਧਰੀ ਨੂੰ ਉਮੀਦਵਾਰ ਬਣਾਏ ਜਾਣ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਵਧਾਈ ਦਿੱਤੀ ਗਈ ਹੈ। ਉਨ੍ਹਾਂ ਤੋਂ ਇਲਾਵਾ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਪ੍ਰਗਟ ਸਿੰਘ ਵੱਲੋਂ ਵੀ ਕਰਮਜੀਤ ਕੌਰ ਚੌਧਰੀ ਨੂੰ ਮੁਬਾਰਕਵਾਦ ਦਿੱਤੀ ਗਈ ਹੈ।