ਸ਼ਹਿਰ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ : ਬ੍ਰਮ ਸ਼ੰਕਰ ਜਿੰਪਾ

  • ਕੈਬਨਿਟ ਮੰਤਰੀ ਨੇ ਵਾਰਡ ਨੰਬਰ 34 ਵਿਚ 32 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈੱਲ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ
  • ਲੋਕਾਂ ਨੂੰ ਪਾਣੀ ਦੀ ਸੁਚੱਜੀ ਵਰਤੋਂ ਕਰਨ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿਚ ਸਹਿਯੋਗ ਕਰਨ ਦੀ ਕੀਤੀ ਅਪੀਲ 

ਹੁਸ਼ਿਆਰਪੁਰ, 16 ਨਵੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਵਾਰਡ ਵਾਸੀਆਂ ਦੀ ਮੰਗ ਅਨੁਸਾਰ ਇਥੇ ਪੀਣ ਵਾਲੇ ਪਾਣੀ ਲਈ ਟਿਊਬਵੈੱਲ ਲਗਾਏ ਜਾ ਰਹੇ ਹਨ। ਉਹ ਅੱਜ ਵਾਰਡ ਨੰਬਰ 34 ਦੇ ਮੁਹੱਲਾ ਕੱਚਾ ਟੋਭਾ ਵਿਚ ਟਿਊਬਵੈੱਲ ਦੇ ਨਿਰਮਾਣ ਕਾਰਜ ਦਾ ਉਦਘਾਟਨ ਕਰਨ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਮੇਅਰ ਸੁਰਿੰਦਰ ਕੁਮਾਰ ਅਤੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਾਰਡ ਵਿਚ 32 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈੱਲ ਲਗਾਇਆ ਜਾ ਰਿਹਾ ਹੈ ਅਤੇ ਇਸ ਦਾ ਬੋਰ 800 ਫੁੱਟ ਡੂੰਘਾ ਕੀਤਾ ਗਿਆ ਹੈ ਤਾਂ ਜੋ ਲੋਕਾਂ ਤੱਕ ਪੀਣ ਵਾਲਾ ਸਾਫ਼ ਪਾਣੀ ਪਹੁੰਚ ਸਕੇ। ਉਨ੍ਹਾਂ ਦੱਸਿਆ ਕਿ ਇਸ ਟਿਊਬਵੈੱਲ ਦੇ ਨਿਰਮਾਣ ਦੀ ਪ੍ਰਕਿਰਿਆ ਜਨ ਸਿਹਤ ਵਿਭਾਗ ਵੱਲੋਂ ਨਗਰ ਨਿਗਮ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਬਦੌਲਤ ਸੂਬੇ ਦੇ ਸਾਰੇ ਬਕਾਇਆ ਕੰਮ ਪਹਿਲ ਦੇ ਆਧਾਰ 'ਤੇ ਪੂਰੇ ਕੀਤੇ ਗਏ ਹਨ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਇਲਾਕੇ ਦੀ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਵਾਸੀਆਂ ਨੂੰ ਪਾਣੀ ਦੀ ਸਹੀ ਵਰਤੋਂ ਕਰਨ ਅਤੇ ਇਸ ਦੀ ਬਰਬਾਦੀ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਵੀ ਸਾਡੀ ਪਹਿਲ ਹੈ, ਇਸ ਲਈ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਜਲਦੀ ਹੀ ਸ਼ਹਿਰ ਨੂੰ ਕੂੜਾ ਮੁਕਤ ਕਰ ਦਿੱਤਾ ਜਾਵੇਗਾ। ਇਸ ਮੌਕੇ ਕੌਂਸਲਰ ਵਿਜੇ ਅਗਰਵਾਲ, ਪ੍ਰਦੀਪ ਬਿੱਟੂ, ਮੁਖੀ ਰਾਮ, ਡਰਿੱਪਨ ਸੈਣੀ, ਐਕਸੀਅਨ ਵਾਟਰ ਸਪਲਾਈ ਸਿਮਰਨਜੀਤ ਸਿੰਘ ਖਾਂਬਾ, ਸਤੀਸ਼ ਪੁਰੀ, ਅਮਿਤ ਚਾਵਲਾ, ਰਾਜਨ ਸੋਨੂੰ, ਬਾਵੀ, ਕੁਲਦੀਪ, ਮੋਹਨਜੀਤ ਸਿੰਘ, ਇੰਦਰ ਮੋਹਨ ਗੁਪਤਾ, ਕਰੁਣ ਸ਼ਰਮਾ, ਕਰਨ ਚੋਪੜਾ, ਡਾ. ਬੋਵੀ ਜੋਸ਼ਨ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।