ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ : ਰਾਜੇਸ਼ ਧੀਮਾਨ 

  • ਡਿਪਟੀ ਕਮਿਸ਼ਨਰ ਨੇ ਨਵਾਂਸ਼ਹਿਰ ਵਿਖੇ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ 

ਨਵਾਂਸ਼ਹਿਰ , 8 ਅਕਤੂਬਰ, 2024 : ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ, ਆੜ੍ਹਤੀਆਂ, ਸ਼ੈਲਰ ਮਾਲਕਾਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਦਾਣਾ ਮੰਡੀ ਨਵਾਂ ਸ਼ਹਿਰ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਉਪਰੰਤ ਕਿਸਾਨਾਂ, ਆੜ੍ਹਤੀਆਂ ਤੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ (ਬੱਲੂ), ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ ਵੀ ਉਨ੍ਹਾਂ ਦੇ ਨਾਲ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ,ਅਦਾਇਗੀ ਜਾਂ ਲਿਫਟਿੰਗ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾਲ ਹੀ ਕਿਸਾਨ ਭਰਾਵਾਂ ਨੂੰ ਝੋਨੇ ਦੀ ਖ਼ਰੀਦ ਦੀ ਅਦਾਇਗੀ ਵੀ ਸਮੇਂ ਸਿਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ 30 ਖਰੀਦ ਕੇਂਦਰਾਂ ਵਿਚ ਛਾਂ, ਰੋਸ਼ਨੀ, ਪਾਣੀ, ਬਾਰਦਾਨੇ ਤੇ ਸਫ਼ਾਈ ਆਦਿ ਦੇਖ ਢੁਕਵੇਂ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਨਿਰਧਾਰਿਤ ਸਮੇਂ ਅਨੁਸਾਰ ਹੀ ਕੰਬਾਇਨ ਉਪਰ ਸੁਪਰ ਐਸ.ਐਮ.ਐਸ ਲਗਾ ਕੇ ਹੀ ਕਰਨ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਆਧੁਨਿਕ ਤਕਨੀਕਾਂ/ਮਸ਼ੀਨਰੀਂ ਰਾਹੀਂ ਖੇਤਾਂ ਵਿਚ ਹੀ ਮਿਲਾਉਣ ਅਤੇ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ। ਇਸ ਦੌਰਾਨ ਉਨਾਂ ਆੜ੍ਹਤੀਆ ਯੂਨੀਅਨ ਦੇ ਅਹੁਦੇਦਾਰਾਂ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮਨਜਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਰੁਪਿੰਦਰ ਮਿਨਹਾਸ, ਆੜ੍ਹਤੀਆ ਯੂਨੀਅਨ ਨਵਾਂਸ਼ਹਿਰ ਦੇ ਪ੍ਰਧਾਨ ਮਨਜਿੰਦਰ ਸਿੰਘ ਵਾਲੀਆ ਸਕੱਤਰ ਹਰਵਿੰਦਰ ਸਿੰਘ ਗੁਲਾਟੀ ਤੇ ਸੁਰਿੰਦਰ ਕੁਮਾਰ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਅਧਿਕਾਰੀ, ਆੜ੍ਹਤੀਏ ਅਤੇ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ।