ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣਾ ਸਮੇਂ ਦੀ ਮੁੱਖ ਲੋੜ : ਸੰਤ ਸੀਚੇਵਾਲ

  • ਪਿੰਡ ਧਨੋਆ ਤੋਂ ਨਿਰਮਲ ਕੁਟੀਆ ਗਾਲੋਵਾਲ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ

ਮੁਕੇਰੀਆਂ, 03 ਦਸੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਿੰਡ ਧਨੋਆ ਤੋਂ ਨਿਰਮਲ ਕੁਟੀਆ ਗਾਲੋਵਾਲ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਇਹ ਨਗਰ ਕੀਰਤਨ ਸਵੇਰੇ 8 ਵਜੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਧਨੋਆ ਤੋਂ ਰਵਾਨਾ ਹੋਇਆ। ਇਸ ਮੌਕੇ ਵਿਸ਼ੇਸ਼ ਰੂਪ ਵਿਚ ਪਹੁੰਚੇ ਪ੍ਰਸਿੱਧ ਵਾਤਾਵਰਨ ਪ੍ਰੇਮੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਨਾਲ ਸਬੰਧਤ ਪਵਿੱਤਰ ਨਦੀ ਦਾ ਜਲ ਪਿੰਡ ਧਨੋਆ ਤੋਂ ਸ਼ੁਰੂ ਹੁੰਦਾ ਹੈ। ਗੁਰੂ ਪਾਤਸ਼ਾਹ ਦੀ ਯਾਦ ਸਦਕਾ ਧੰਨ ਹੋ ਕੇ ਪਿੰਡ ਧਨੋਆ ਬਣ ਗਿਆ ਜੋ ਆਪਣੀ ਵੱਖਰੀ ਪਹਿਚਾਣ ਬਣਾਉਣ ਵਿਚ ਕਾਮਯਾਬ ਹੋਇਆ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ।ਇਸ ਮੌਕੇ ਆਪਣੇ ਸੰਬੋਧਨ ਵਿਚ ਉਨ੍ਹਾਂ ਅਕਾਲ ਪੁਰਖ ਅੱਗੇ ਤੱਤਕਾਲੀ ਸਰਕਾਰਾਂ ਨੂੰ ਬਲ ਬਖਸ਼ਣ ਦੀ ਅਰਦਾਸ ਕੀਤੀ ਅਤੇ ਪੰਜਾਬ ਸਰਕਾਰ ਤੋਂ ਵੀ ਮੰਗ ਕੀਤੀ ਕਿ ਪਵਿੱਤਰ ਨਦੀ ਦੇ ਕੰਢਿਆਂ ਵਾਲੀ ਸੜਕ ਨੂੰ ਤੁਰੰਤ ਪੱਕਾ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਪਤਵੰਤਿਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪ੍ਰੋਫੈਸਰ ਜੀ.ਐਸ ਮੁਲਤਾਨੀ, ਮਾਰਕੀਟ ਕਮੇਟੀ ਚੇਅਰਮੈਨ ਹਰਜੀਤ ਸਿੰਘ ਸਹੋਤਾ, ਜਥੇਦਾਰ ਹਰਬੰਸ ਸਿੰਘ ਮੰਝਪੁਰ, ਰਵਿਦਾਸੀਆ ਧਰਮ ਪ੍ਰਚਾਰ ਕਮੇਟੀ ਮੁਕੇਰੀਆਂ ਦੇ ਚੇਅਰਮੈਨ ਨੰਬਰਦਾਰ ਚੌਧਰੀ ਸਵਰਨ ਦਾਸ ਗੁਰੂ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਇੰਜੀਨੀਅਰ ਸਤਨਾਮ ਸਿੰਘ ਧਨੋਆ ਅਤੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਧਨੋਆ ਦੇ ਪ੍ਰਧਾਨ ਪਿਆਰਾ ਸਿੰਘ ਅਤੇ ਗੁਰਨਾਮ ਦਾਸ ਨੇ ਦੱਸਿਆ ਕਿ ਜਦੋਂ ਤੋਂ ਪਵਿੱਤਰ ਬੇਈਂ ਦੀ ਸਫ਼ਾਈ ਲਈ ਪਿੰਡ ਧਨੋਆ ਤੋਂ ਪਵਿੱਤਰ ਬੇਈਂ ਨਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਮੌਕੇ ਗੁਰਨਾਮ ਦਾਸ, ਸਾਬਕਾ ਚੀਫ਼ ਇੰਜੀਨੀਅਰ ਨਿਰਮਲ ਸਿੰਘ, ਭਾਈ ਮੋਹਨ ਸਿੰਘ, ਸੁਰਿੰਦਰ ਸਿੰਘ, ਬੀਬੀ ਸੁਨੀਤਾ ਦੇਵੀ, ਇੰਦਰਜੀਤ ਸਿੰਘ ਗਲੋਵਾਲ ਆਦਿ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਇੰਜਨੀਅਰ ਸਤਨਾਮ ਸਿੰਘ ਧਨੋਆ ਅਤੇ ਗੁਰਨਾਮ ਦਾਸ ਨੇ ਦੱਸਿਆ ਕਿ ਇਹ ਨਗਰ ਕੀਰਤਨ ਪਿੰਡ ਧਨੋਆ ਤੋਂ ਸ਼ੁਰੂ ਹੋ ਕੇ ਹਿੰਮਤਪੁਰ, ਸਤਾਬਕੋਟ, ਵਢਾਈਆ, ਟੇਰਕੀਆਣਾ, ਚੂੜੀਆਂ, ਬੇਗਪੁਰ, ਭੇਖੋਵਾਲ, ਖੇਪੜਾ, ਸੈਦੋਵਾਲ, ਬੁੱਢੋ ਬਰਕਤ, ਛੋਡੀਆਂ ਆਦਿ ਦਰਜਨਾਂ ਪਿੰਡਾਂ ਵਿੱਚੋਂ ਲੰਘਦਾ ਹੋਇਆ ਨਿਰਮਲ ਕੁਟੀਆ ਗਾਲੋਵਾਲ ਵਿਚ ਜਾ ਕੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਸੰਤ ਬਲਬੀਰ ਸਿੰਘ ਸੀਂਚੇਵਾਲ ਨੇ ਰਸਤੇ ਵਿਚ ਹਜ਼ਾਰਾਂ ਫਲਦਾਰ, ਛਾਂਦਾਰ ਅਤੇ ਫੁੱਲਦਾਰ ਪੌਦਿਆਂ ਦਾ ਲੰਗਰ ਲਗਾਇਆ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ।