ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ : ਬ੍ਰਮ ਸ਼ੰਕਰ ਜਿੰਪਾ

  • ਕੈਬਨਿਟ ਮੰਤਰੀ ਨੇ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ
  • ਕਿਹਾ, ਸਿਵਲ ਸਰਜਨ ਨੂੰ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 30 ਨਵੰਬਰ : ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣਾਂ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ, ਜਿਸ ਦਿਸ਼ਾ ਵਿੱਚ ਬੜੀ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਦੇ ਲਈ ਸਿਹਤ ਵਿਭਾਗ ਨੂੰ ਪਹਿਲਾਂ ਤੋਂ ਵੱਧ ਮਜ਼ਬੂਤ ਬਣਾਇਆ ਜਾ ਰਿਹਾ ਹੈ। ਉਹ ਅੱਜ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਵਿੱਚ ਵੱਖ-ਵੱਖ ਵਾਰਡਾਂ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਸਰਕਾਰੀ ਹਸਪਤਾਲ ਵਿੱਚ ਦਿੱਤੀਆਂ ਜਾਣ ਵਾਲੀਆਂ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰੰਜੀਤਾ ਚੌਧਰੀ, ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ, ਐਸ.ਐਮ.ਓ ਡਾ. ਸਵਾਤੀ ਸ਼ੀਮਾਰ, ਡਾ. ਮਨਮੋਹਨ ਸਿੰਘ, ਸਤਵੰਤ ਸਿੰਘ ਸਿਆਣ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੁਵਿਧਾਵਾਂ ਤਸੱਲੀਬਖ਼ਸ਼ ਸਨ। ਇਸ ਤੋਂ ਪਹਿਲਾਂ ਹਸਪਤਾਲ ਵਿੱਚ ਲੱਗੇ ਖੂਨਦਾਨ ਕੈਂਪ ਵਿੱਚ ਜਾ ਕੇ ਖੂਨਦਾਨ ਕਰਨ ਵਾਲਿਆਂ ਦਾ ਹੌਂਸਲਾ ਵੀ ਵਧਾਇਆ। ਕੈਬਨਿਟ ਮੰਤਰੀ ਨੇ ਇਸ ਦੌਰਾਨ ਮਰੀਜ਼ਾਂ ਨਾਲ ਗੱਲਬਾਤ ਕਰਕੇ ਹਸਪਤਾਲ ਵਿਚ ਮਿਲਣ ਵਾਲੀਆਂ ਸੁਵਿਧਾਵਾਂ ਦੇ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਮੈਡੀਕਲ ਕਾਲਜ ਖੁੱਲ੍ਹਣ ਜਾ ਰਿਹਾ ਹੈ, ਜਿਸ ਨਾਲ ਕੇਵਲ ਹੁਸ਼ਿਆਰਪੁਰ ਹੀ ਨਹੀਂ, ਬਲਕਿ ਆਸ ਪਾਸ ਦੇ ਜ਼ਿਲਿ੍ਹਆਂ ਦੇ ਲੋਕਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਸਿਵਲ ਸਰਜਨ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਹਸਪਤਾਲ ਵਿੱਚ ਮਰੀਜਾਂ ਨੂੰ ਮੁਫ਼ਤ ਦਵਾਈਆਂ ਦੇਣ ਦੀ ਗੱਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵਚਨਬੱਧ ਹੈ।