ਪੰਜਾਬ ਸਰਕਾਰ ਬਜ਼ੁਰਗਾਂ ਦੇ ਮਾਣ-ਸਨਮਾਨ ਅਤੇ ਸਤਿਕਾਰ ਲਈ ਬੇਹੱਦ ਗੰਭੀਰ : ਬ੍ਰਮ ਸ਼ੰਕਰ ਜਿੰਪਾ

  • ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ
  • 60 ਸਾਲ ਅਤੇ ਇਸ ਤੋਂ ਉੱਪਰ ਦੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿਚ ਲਿਆ ਲਾਭ

ਹੁਸ਼ਿਆਰਪੁਰ, 17 ਨਵੰਬਰ : ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਸੂਬੇ ਵਿਚ ਸ਼ੁਰੂ ਕੀਤੀ ਗਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਅੱਜ ਸਥਾਨਕ ਡੀ. ਏ. ਵੀ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਜ਼ੁਰਗਾਂ ਲਈ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ। ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਮੇਅਰ ਸੁਰਿੰਦਰ ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਨਪ੍ਰੀਤ ਸਿੰਘ ਵੀ ਮੌਜੂਦ ਸਨ। ਕੈਬਨਿਟ ਮੰਤਰੀ ਜਿੰਪਾ ਨੇ ਇਸ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਬਜ਼ੁਰਗਾਂ ਦਾ ਮਾਣ-ਸਨਮਾਨ ਅਤੇ ਸਤਿਕਾਰ ਕਰਨਾ ਜਿਥੇ ਸਾਡੀ ਜ਼ਿੰਮੇਵਾਰੀ ਹੈ, ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਬਜ਼ੁਰਗਾਂ ਦੇ ਸਤਿਕਾਰ ਪ੍ਰਤੀ ਬੇਹੱਦ ਗੰਭੀਰ ਹੈ। ਇਸ ਸਬੰਧੀ ਸਮੂੁਹ ਸਰਕਾਰੀ ਵਿਭਾਗਾਂ ਨੂੰ ਵਿਸ਼ੇਸ਼ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।   ਇਸ ਦੌਰਾਨ ਡਿਪਟੀ ਕਮਿਸ਼ਨਰ ਦੇ ਦੱਸਿਆ ਕਿ ਇਸ ਮੌਕੇ ਲਗਾਏ ਗਏ ਵਿਸ਼ੇਸ਼ ਮੁਫ਼ਤ ਮੈਡੀਕਲ ਅਤੇ ਹੋਰ ਕੈਂਪਾਂ ਵਿਚ ਬਜ਼ੁਰਗਾਂ ਨੂੰ ਸਿਹਤ ਜਾਂਚ ਤੋਂ ਇਲਾਵਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 690 ਬਜ਼ੁਰਗਾਂ ਨੂੰ ਨਜ਼ਰ ਦੀਆਂ ਐਨਕਾਂ ਬਿਲਕੁਲ ਮੁਫ਼ਤ ਦਿੱਤੀਆਂ ਗਈਆਂ, 64 ਬਜ਼ੁਰਗਾਂ ਦਾ ਹੱਡੀਆਂ ਦੇ ਮਾਹਿਰ ਡਾਕਟਰਾਂ ਵੱਲੋਂ ਇਲਾਜ ਕੀਤਾ ਗਿਆ। ਇਸੇ ਤਰ੍ਹਾਂ 77 ਬਜ਼ੁਰਗਾਂ ਦੀ ਦੰਦਾਂ ਦੇ ਮਾਹਿਰਾਂ ਵੱਲੋਂ ਅਤੇ 109 ਦਾ ਈ. ਐਨ. ਟੀ ਮਾਹਿਰਾਂ ਵੱਲੋਂ ਜਾਂਚ ਕੀਤੀ ਗਈ ਅਤੇ 94 ਬਜ਼ੁਰਗਾਂ ਦਾ ਜਨਰਲ ਚੈਕਅੱਪ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ 15 ਬਜ਼ੁਰਗਾਂ ਨੂੰ ਸੁਣਨ ਵਾਲੀਆਂ ਮਸ਼ੀਨਾਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸੇ ਤਰ੍ਹਾਂ ਪੈਨਸ਼ਨਾਂ ਦੀਆਂ 96 ਅਰਜ਼ੀਆਂ ਪ੍ਰਾਪਤ ਕੀਤੀਆਂ ਗਈਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਟਾਲ ਵਿਚ 64 ਬਜ਼ੁਗਰਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਗਈ। ਇਸ ਤੋਂ ਇਲਾਵਾ 25 ਆਯੂਸ਼ਮਾਨ ਕਾਰਡ ਸਬੰਧੀ ਅਰਜ਼ੀਆਂ ਪ੍ਰਾਪਤ ਕੀਤੀਆਂ ਗਈਆਂ। ਮੁੱਖ ਮਹਿਮਾਨ ਵੱਲੋਂ ਇਸ ਦੌਰਾਨ ਬਜ਼ੁਰਗਾਂ ਨੂੰ ਪੈਨਸ਼ਨ ਸੈਂਕਸ਼ਨ ਲੈਟਰ ਅਤੇ ਸੀਨੀਅਰ ਸਿਟੀਜ਼ਨ ਕਾਰਡ ਵੱਡੇ ਗਏ। ਇਸ ਦੌਰਾਨ ਨਾਟ ਮੰਡਲੀ ਵੱਲੋਂ ਸੀਨੀਅਰ ਸਿਟੀਜ਼ਨਾਂ ਬਾਬਤ ਪੇਸ਼ ਕੀਤੀ ਗਏ ‘ਮੁਕਤੀ ਧਾਮ’ ਨਾਟਕ ਨੂੰ ਬੇਹੱਦ ਸਰਾਹਿਆ ਗਿਆ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਕੌਂਸਲਰ ਜਸਪਾਲ ਸਿੰਘ ਚੇਚੀ, ਸਚਿਨ ਗੁਪਤਾ, ਪ੍ਰਿੰਸੀਪਲ ਡਾ. ਵਿਨੈ ਸ਼ਰਮਾ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ, ਸੇਵਾਮੁਕਤ ਡੀ. ਐਸ. ਐਸ. ਓ ਮੁਕੇਸ਼ ਗੌਤਮ, ਜਰਨੈਲ ਸਿੰਘ ਧੀਰ, ਮਨਜੀਤ ਸਿੰਘ ਲੱਕੀ, ਕੁਲਦੀਪ ਸਿੰਘ ਤੇ ਹੋਰ ਹਾਜ਼ਰ ਸਨ।