ਵਿਕਾਸ ਦੇ ਏਜੰਡੇ ’ਤੇ ਹੀ ਕੰਮ ਕਰ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ

  • ਕੈਬਨਿਟ ਮੰਤਰੀ ਨੇ ਸ਼ਹਿਰ ’ਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ  ਪੱਤਰਕਾਰਾਂ ਨਾਲ ਕੀਤੀ ਗੱਲਬਾਤ
  • ਸਾਢੇ 6 ਕਰੋੜ ਦੀ ਲਾਗਤ ਨਾਲ ਤਹਿਸੀਲ ਕੰਪਲੈਕਸ ਦਾ ਹੋਵੇਗਾ ਕਾਇਆ ਕਲਪ, ਨਵੇਂ ਤਹਿਸੀਲ ਕੰਪਲੈਕਸ ਦਾ ਹੋਵੇਗਾ ਨਿਰਮਾਣ
  • 418 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਦਾ ਜਲਦ ਸ਼ੁਰੂ ਹੋਵੇਗਾ ਨਿਰਮਾਣ ਕਾਰਜ
  • ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ’ਚ ਇਕ ਸਾਲ ਵਿਚ ਸਿੰਚਾਈ ਅਤੇ ਪੀਣ ਵਾਲੇ ਪਾਣੀ ਲਈ 31 ਟਿਊਬਵੈੱਲ ਉਸਾਰੀ ਅਧੀਨ , 10 ਕੀਤੇ ਚਾਲੂ
  • ਕਿਸੇ ਵੀ ਤਰ੍ਹਾਂ ਦਾ ਨਾਜਾਇਜ਼ ਕਬਜ਼ਾ ਅਤੇ ਨਿਯਮਾਂ ਤੋਂ ਉਲਟ ਕਲੋਨੀਆਂ ਕੱਟਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ

ਹੁਸ਼ਿਆਰਪੁਰ, 27 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਕਾਸ ਦੇ ਏਜੰਡੇ ’ਤੇ ਕੰਮ ਕਰ ਰਹੀ ਹੈ ਅਤੇ ਸਾਡਾ ਇੱਕੋ ਇੱਕ ਉਦੇਸ਼ ਸੂਬੇ ਦਾ ਸਰਬਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿੱਚ ਕੇਵਲ ਇਕ ਸਾਲ ਵਿੱਚ ਬਿਨਾਂ ਕਿਸੇ ਭੇਦ- ਭਾਵ ਸ਼ਹਿਰਾਂ ਅਤੇ ਪਿੰਡਾਂ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਵਿਕਾਸ ਕਾਰਜ ਸ਼ੁਰੂ ਹੋਣ ਜਾ ਰਹੇ ਹਨ। ਉਹ ਅੱਜ ਆਪਣੇ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਹੋਣ ਵਾਲੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਹੁਸ਼ਿਆਰਪੁਰ ਦੇ ਤਹਿਸੀਲ ਕੰਪਲੈਕਸ ਦੀ ਇਮਾਰਤ ਦੀ ਹਾਲਤ ਬਹੁਤ ਖਰਾਬ ਹੈ ਅਤੇ ਉਸ ਦੀ ਦਿੱਖ ਬਦਲਣ ਲਈ ਮੁੱਖ ਮੰਤਰੀ ਪੰਜਾਬ ਵੱਲੋਂ 6 ਕਰੋੜ 52 ਲੱਖ ਰੁਪਏ ਦੀ ਰਾਸ਼ੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਭੇਜੀ ਜਾ ਚੁੱਕੀ ਹੈ ਅਤੇ ਜਲਦ ਹੀ  ਟੈਂਡਰ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਜਾ ਰਹੇ ਸਰਕਾਰੀ ਮੈਡੀਕਲ ਕਾਲਜ ਲਈ 418 ਕਰੋੜ ਰੁਪਏ ਦੀ ਰਾਸ਼ੀ ਆ ਚੁੱਕੀ ਹੈ ਅਤੇ ਇਸ ਦੇ ਨਿਰਮਾਣ ਕਾਰਜ ਦੀ ਵੀ ਜਲਦ ਸ਼ੁਰੂਆਤ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ 13.74 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਚਿੰਤਪੁਰਨੀ ਮਾਰਗ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਲੰਬੇ ਸਮੇਂ ਤੋਂ  ਚੱਲੀ ਆ ਰਹੀ ਇਸ ਸਮੱਸਿਆ ਦਾ ਵੀ ਹੱਲ ਕੀਤਾ ਜਾਵੇਗਾ। ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਲੋਕਾਂ ਤੱਕ ਸਿੰਚਾਈ ਅਤੇ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਸਿਰਫ ਇਕ ਸਾਲ ਵਿਚ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿੱਚ 31 ਸਿੰਚਾਈ ਅਤੇ ਪੀਣ ਵਾਲੇ ਪਾਣੀ ਦੇ ਟਿਊਬਵੈੱਲਾਂ ਦਾ ਨਿਰਮਾਣ ਚੱਲ ਰਿਹਾ ਹੈ, ਜਿਨ੍ਹਾਂ ਵਿੱਚੋਂ 10 ਟਿਊਬਵੈੱਲ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਖੇਤਰ ਹੁਸ਼ਿਆਰਪੁਰ ਵਿੱਚ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਇਸ ਤੋਂ ਇਲਾਵਾ ਛੱਪੜਾਂ ਦੇ ਪਾਣੀ ਨੂੰ ਵਰਤੋਂ ਵਿੱਚ ਲਿਆਉਣ ਵਾਲੇ ਪ੍ਰੋਜੈਕਟ ’ਤੇ ਪੌਣੇ 3 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ, ਜਿਸਦਾ ਪਿੰਡਾਂ ਦੇ ਲੋਕਾਂ ਨੂੰ ਕਾਫੀ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਫਾਈ ਵਿਵਸਥਾ ਲਈ ਨਗਰ ਨਿਗਮ ਵੱਲੋਂ ਵੀ 3 ਤੋਂ 4 ਕਰੋੜ ਰੁਪਏ ਦੀ ਮਸ਼ੀਨਰੀ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਤੱਕ ਪੀਣ ਦੇ ਲਈ ਨਹਿਰੀ ਜਲ ਸਪਲਾਈ ਪਹੁੰਚਾਉਣਾ ਸਰਕਾਰ ਦਾ ਟੀਚਾ ਹੈ, ਜਿਸ ਲਈ ਲਗਾਤਾਰ ਯਤਨ ਚੱਲ ਰਹੇ ਹਨ। ਕੈਬਨਿਟ ਮੰਤਰੀ ਨੇ ਨਾਜਾਇਜ਼ ਕਬਜ਼ਿਆਂ ਸਬੰਧੀ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਕਾਨੂੰਨ ਅਤੇ ਨਿਯਮਾਂ ਤੋਂ ਉੱਪਰ ਨਹੀਂ ਹੈ। ਇਸ ਲਈ ਗੈਰ ਕਾਨੂੰਨੀ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਦੇ ਨਾਲ ਪੰਜਾਬ ਸਰਕਾਰ ਨਾ ਤਾਂ ਖੜ੍ਹੀ ਹੈ ਅਤੇ ਨਾ ਹੀ ਉਸ ਦੇ ਗੈਰ ਕਾਨੂੰਨੀ ਕੰਮ ਨੂੰ ਬਰਦਾਸ਼ਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸਾਡੇ ਲਈ ਸਤਿਕਾਰਯੋਗ ਹੈ, ਪਰ ਸਰਕਾਰ ਗ਼ਲਤ ਦਾ ਕਦੇ ਸਾਥ ਨਹੀਂ ਦੇਵੇਗੀ ਅਤੇ ਨਿਯਮਾਂ ਅਨੁਸਾਰ ਕੰਮ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿਯਮਾਂ ਦੇ ਉਲਟ ਕਲੋਨੀਆਂ ਕੱਟਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।