ਇਨਕਲਾਬ ਫੈਸਟੀਵਲ ਦੇ ਦੂਸਰੇ ਦਿਨ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਨੇ ਬੰਨ੍ਹਿਆ ਰੰਗ

  • ਵੱਖ-ਵੱਖ ਸੋਸਾਇਟੀਆਂ ਵਲੋਂ ਲਗਾਏ ਗਏ ਸਟਾਲ ਰਹੇ ਖਿੱਚ ਦਾ ਕੇਂਦਰ

ਨਵਾਂਸ਼ਹਿਰ, 30 ਸਤੰਬਰ : ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਵਰੇਗੰਢ ‘ਤੇ ਖਟਕੜ ਕਲਾਂ ਵਿਖੇ ਕਰਵਾਏ ਜਾ ਰਹੇ ਇਨਕਲਾਬ ਫੈਸਟੀਵਲ ਦੇ ਦੂਸਰੇ ਦਿਨ ਦੇਸ਼ ਭਗਤੀ ਅਤੇ ਸਭਿਆਚਾਰ ਨਾਲ ਸਬੰਧਤ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਪ੍ਰੋਗਰਾਮ ਪੇਸ਼ ਕੀਤੇ ਗਏ। ਇਸ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੈਸਟੀਵਲ ਵਿੱਚ ਲਗਾਏ ਗਏ ਵੱਖ-ਵੱਖ ਵਿਭਾਗਾਂ ਅਤੇ ਪ੍ਰਾਈਵੇਟ ਕੰਪਨੀਆਂ ਵਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ। ਇਸ ਮੌਕੇ ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ. ਨਵਾਂਸ਼ਹਿਰ, ਡਾ. ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ. ਬੰਗਾ ਮਨਰੀਤ ਰਾਣਾ ਅਤੇ ਐਸ.ਡੀ.ਐਮ ਬਲਾਚੌਰ ਵਿਕਰਮਜੀਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੈਸਟੀਵਲ ਦੇ ਵਿੱਚ ਕੋ-ਆਪ੍ਰੇਟਿਵ ਸੋਸਾਇਟੀਆਂ ਵਲੋਂ ਵੀ ਸਟਾਲ ਲਗਾਏ ਗਏ ਹਨ, ਜਿਨ੍ਹਾਂ ਦੇ ਵਿੱਚ ਖਾਣ-ਪੀਣ ਦੀਆਂ ਚੀਜਾਂ ਜਿਵੇਂ ਅਚਾਰ, ਮਰੱਬਾ, ਸ਼ਹਿਦ, ਸ਼ਰਬਤ ਆਦਿ ਸਭ ਤੋਂ ਜ਼ਿਆਦਾ ਪਸੰਦ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਵਲੋਂ ਵੀ ਸਜਾਵਟੀ ਸਮਾਨ ਦੇ ਸਟਾਲ ਲਗਾਏ ਗਏ ਹਨ। ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਖੇਡਾਂ, ਅਕਾਲ ਅਕੈਡਮੀ ਵਲੋਂ ਗਤਕਾ, ਵਿਦਿਆਰਥੀਆ ਵਲੋਂ ਫੈਸ਼ਨ ਸ਼ੋਅ ਅਤੇ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਫੈਸਟੀਵਲ ਦੇ ਦੂਸਰੇ ਦਿਨ ਪ੍ਰਸਿੱਧ ਗਾਇਕ ਰਵਿੰਦਰ ਗਰੇਵਾਲ ਨੇ ਆਪਣੇ ਗੀਤਾਂ ਦੇ ਨਾਲ ਪੰਡਾਲ ਵਿੱਚ ਮੌਜੂਦ ਸਰੋਤਿਆਂ ਦਾ ਮਨੋਰੰਜਨ ਕੀਤਾ। ਉਨ੍ਹਾਂ ਨੇ ਆਪਣੇ ਗੀਤਾਂ ਰਾਹੀਂ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਨ ਸਬੰਧੀ ਗੀਤ ਵੀ ਗਾਏ ਅਤੇ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਵਲੋਂ ਦਰਸਾਏ ਗਏ ਰਾਹ ‘ਤੇ ਚੱਲਣ ਦਾ ਸੰਦੇਸ਼ ਵੀ ਦਿੱਤਾ। ਇਸ ਮੌਕੇ ‘ਤੇ ਸਹਾਇਕ ਕਮਿਸ਼ਨਰ (ਜ) ਗੁਰਲੀਨ ਕੌਰ, ਪੰਜਾਬ ਗੁਡ ਗਵਰਨਸ ਫੈਲੋ ਸੰਜਨਾ ਸਕਸੈਨਾ, ਤਹਿਸੀਲਦਾਰ ਬੰਗਾ ਗੁਰਸੇਵਕ ਚੰਦ  ਤੋਂ ਇਲਾਵਾ ਭਾਰੀ ਸੰਖਿਆ ਦੇ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਸਥਾਨਕ ਲੋਕ ਵੀ ਮੌਜੂਦ ਸਨ।