ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ 21 ਅਗਸਤ ਤੱਕ ਕਰਵਾਈ ਜਾਵੇਗੀ ਵੋਟਰ ਵੈਰੀਫਿਕੇਸ਼ਨ : ਜ਼ਿਲ੍ਹਾ ਚੋਣ ਅਫ਼ਸਰ

  • ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਕਰਨਗੇ ਸਰਵੇਖਣ

ਜਲੰਧਰ, 20 ਜੁਲਾਈ : ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਲਈ ਬੂਥ ਲੈਵਲ ਅਫ਼ਸਰਾਂ ਰਾਹੀਂ 21 ਜੁਲਾਈ ਤੋਂ 21 ਅਗਸਤ ਤੱਕ ਘਰ-ਘਰ ਸਰਵੇਖਣ ਕਰਵਾਇਆ ਜਾਵੇਗਾ ਤਾਂ ਜੋ ਵੋਟਰਾਂ ਦੇ ਵੇਰਵਿਆਂ ਵਿਚ ਕੋਈ ਤਰੁੱਟੀ ਨਾ ਰਹੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਮੌਜੂਦਾ ਵੋਟਰ ਸੂਚੀ ਵਿੱਚ ਦਰਜ ਵੋਟਰਾਂ ਦੀ ਵੈਰੀਫਿਕੇਸ਼ਨ ਕੀਤੀ ਜਾਵੇਗੀ ਅਤੇ ਇਹ ਕੰਮ ਬੂਥ ਲੈਵਲ ਅਫ਼ਸਰਾਂ ਵੱਲੋਂ ਬੀ.ਐਲ.ਓ. ਐਪ ਰਾਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰ ਸੂਚੀ ਵਿੱਚ ਪਹਿਲਾਂ ਤੋਂ ਦਰਜ ਵੇਰਵਿਆਂ ਨੂੰ ਚੈੱਕ ਕਰਨ ਤੋਂ ਇਲਾਵਾ ਸਰਵੇ ਦੌਰਾਨ ਯੋਗ ਵਿਅਕਤੀ, ਜਿਹੜੇ ਵੋਟਰ ਸੂਚੀ ਵਿੱਚ ਦਰਜ ਨਹੀਂ ਹਨ, ਸੰਭਾਵਿਤ ਵੋਟਰਾਂ ਦੇ ਵੇਰਵੇ ਅਤੇ ਵੋਟਰ ਕਾਰਡ ਨੂੰ ਆਧਾਰ ਨੰਬਰ ਨਾਲ ਲਿੰਕ ਕਰਨ ਦਾ ਕੰਮ ਵੀ ਕੀਤਾ ਜਾਵੇਗਾ।