ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਕੰਮ ਸ਼ੁਰੂ : ਕੋਮਲ ਮਿੱਤਲ

  • ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
  • ਦਾਅਵੇ ਅਤੇ ਇਤਰਾਜ਼ 9 ਦਸੰਬਰ ਤੱਕ ਪੇਸ਼ ਕੀਤੇ ਜਾ ਸਕਦੇ ਹਨ
  • 26 ਦਸੰਬਰ ਤੱਕ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ
  • ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਕੀਤੀ ਅਪੀਲ

ਹੁਸ਼ਿਆਰਪੁਰ, 28 ਅਕਤੂਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਅਗਵਾਈ ਹੇਠ ਅੱਜ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਅੱਜ ਹੋ ਗਈ ਹੈ ਅਤੇ 9 ਦਸੰਬਰ 2023 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 4 ਨਵੰਬਰ 2023, 5 ਨਵੰਬਰ 2023, 2 ਦਸੰਬਰ 2023 ਅਤੇ 3 ਦਸੰਬਰ 2023 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿਸ ਦੌਰਾਨ ਬੀ.ਐਲ.ਓਜ਼ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪੋ-ਆਪਣੇ ਪੋਲਿੰਗ ਸਟੇਸ਼ਨਾਂ 'ਤੇ ਬੈਠ ਕੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 26 ਦਸੰਬਰ, 2023 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ, 2024 ਨੂੰ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦੀ ਉਮਰ 1 ਜਨਵਰੀ 2024 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੈ, ਉਹ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 6 ਵਿਚ ਬਿਨੈ ਪੱਤਰ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿਚ ਸ਼ਾਮਲ ਨਾਮ ’ਤੇ ਇਤਰਾਜ਼ ਉਠਾਉਣ ਜਾਂ ਵੋਟ ਕੱਟਣ ਲਈ ਫਾਰਮ ਨੰਬਰ 7, ਵੋਟਰ ਸੂਚੀ ਵਿਚ ਪਹਿਲਾਂ ਤੋਂ ਦਰਜ ਕਿਸੇ ਤਰੁੱਟੀ ਨੂੰ ਦਰੁਸਤ ਕਰਨ, ਪਤੇ ਵਿਚ ਦਰੁਸਤੀ,  ਡੁਪਲੀਕੇਟ ਵੋਟਰ ਕਾਰਡ ਲਈ ਫਾਰਮ ਨੰਬਰ 8 ਸਬੰਧਤ ਬੂਥ ਲੈਵਲ ਅਫਸਰ ਨੂੰ ਦਿੱਤਾ ਜਾਵੇ। ਇਸ ਤੋਂ ਇਲਾਵਾ ਹੈਲਪਲਾਈਨ ਐਪ ਜਾਂ ਵੋਟਰ ਪੋਰਟਲ ਰਾਹੀਂ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਅਤੇ ਬੀ.ਐਲ.ਓਜ਼ ਨਾਲ ਤਾਲਮੇਲ ਕਰਕੇ ਵੱਧ ਤੋਂ ਵੱਧ ਵੋਟਾਂ ਬਣਾਉਣ ਵਿਚ ਸਹਿਯੋਗ ਕਰਨ। ਇਸ ਮੌਕੇ ਸਹਾਇਕ ਕਮਿਸ਼ਨਰ ਦਿਵਿਆ ਪੀ ਤੋਂ ਇਲਾਵਾ ਚੋਣ ਕਾਨੂੰਗੋ ਦੀਪਕ ਕੁਮਾਰ, ਹਰਪ੍ਰੀਤ ਕੌਰ, ਆਮ ਆਦਮੀ ਪਾਰਟੀ ਤੋਂ ਧੀਰਜ ਸ਼ਰਮਾ, ਬਹੁਜਨ ਸਮਾਜ ਪਾਰਟੀ ਤੋਂ ਮਦਨ ਸਿੰਘ, ਠੇਕੇਦਾਰ ਰਜਿੰਦਰ, ਭਾਜਪਾ ਤੋਂ ਭੂਸ਼ਨ ਕੁਮਾਰ ਸ਼ਰਮਾ, ਸੀ.ਪੀ.ਆਈ.(ਐਮ) ਤੋਂ ਬਲਵਿੰਦਰ ਸਿੰਘ, ਗੁਰਮੇਲ ਸਿੰਘ ਅਤੇ ਰਜਨੀਸ਼ ਟੰਡਨ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਘੂ ਟੰਡਨ ਹਾਜ਼ਰ ਸਨ।