ਵਿਦਿਆਰਥੀਆਂ ਨੂੰ ਲੈ ਕੇ ਕੈਨੇਡਾ ਵਿਚ ਬਣਨਗੇ ਨਵੇਂ ਨਿਯਮ

ਕੈਨੇਡਾ : ਕੈਨੇਡਾ ਦੇ ਹਾਊਸ ਆਫ ਕਾਮਨਜ਼ ਦੀ ਸਿਟੀਜ਼ਨਸ਼ਿਪ ਤੇ ਇਮੀਗ੍ਰੇਸ਼ਨ ਬਾਰੇ ਸਟੈਂਡਿੰਗ ਕਮੇਟੀ ਨੇ ਕੈਨੇਡੀਆਈ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੈਨੇਡਾ ਵਿਚ ਆਉਣ ਵਾਲੇ ਕੌਮਾਂਤਰੀ ਵਿਦਿਆਰਥੀਆਂ ਦੀ ਮਦਦ ਵਾਸਤੇ ਤੇ ਉਹਨਾਂ ਦੀ ਸੁਰੱਖਿਆ ਵਾਸਤੇ ਤੁਰੰਤ ਲੋੜੀਂਦੇ ਕਦਮ ਚੁੱਕੇ। ਕੈਨੇਡਾ ਦੇ ਇਮੀਗ੍ਰੇਸ਼ਨ ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਨੇ ਵੀ ਇਸ ਐਲਾਨ ਪ੍ਰਤੀ ਹੁੰਗਾਰਾ ਭਰਿਆ ਹੈ। ਕਮੇਟੀ ਨੇ ਆਪਣੀ ਰਿਪੋਰਟ ਵਿਚ ਕਿਹਾ ਹੈ ਕਿ ਭਾਵੇਂ ਕੈਨੇਡਾ ਕੌਮਾਂਤਰੀ ਪੱਧਰ ’ਤੇ ਵਿਦਿਆਰਥੀਆਂ ਨੂੰ ਆਕਰਸ਼ਤ ਕਰਨ ਵਾਲਾ ਸਭ ਤੋਂ ਲੋਕਪ੍ਰਿਅ ਮੁਲਕ ਹੈ ਪਰ ਕੌਮਾਂਤਰੀ ਵਿਦਿਆਰਥੀਆਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਵਿਚ ਕੌਮਾਂਤਰੀ ਵਿਦਿਆਰਥੀ ਪ੍ਰੋਗਰਾਮਾਂ ਵਿਚ ਬਰਾਬਰੀ ਇਕ ਵੱਡਾ ਮੁੱਦਾ ਹੈ। ਇਸ ਤੋਂ ਇਲਾਵਾ ਸਟੱਡੀ ਪਰਮਿਟ ਤੇ ਇਮੀਗ੍ਰੇਸ਼ਨ ਪ੍ਰਕਿਰਿਆ ਵਿਚ ਵੀ ਤੇਜ਼ੀ ਲਿਆਂਦੀ ਜਾਣੀ ਚਾਹੀਦੀ ਹੈ। ਇਹ ਫੈਸਲਾ ਕੀਤਾ ਗਿਆ ਹੈ ਕਿ ਕੈਨੇਡਾ ਵਿਚ ਏਸ਼ੀਆਈ, ਅਫਰੀਕੀ ਤੇ ਫਰੈਂਚ ਬੋਲਣ ਵਾਲੇ ਮੁਲਕਾਂ ਤੋਂ ਵਿਦਿਆਰਥੀਆਂ ਨੂੰ ਆਕਰਸ਼ਤ ਕੀਤਾ ਜਾਵੇਗਾ। ਇਸਦੇ ਨਾਲ ਹੀ ਸਟੱਡੀ ਪਰਮਿਟ ਰਿਜੈਕਟ ਕਰਨ ਦੇ ਮਾਮਲਿਆਂ ਦੀ ਘੋਖ ਕੀਤੀ ਜਾਵੇਗੀ ਤੇ ਬਾਕੀ ਕਦਮ ਵੱਖਰੇ ਤੌਰ ’ਤੇ ਚੁੱਕੇ ਜਾਣਗੇ।