ਆਸਟ੍ਰੇਲੀਆ ‘ਚ ਪੜ੍ਹਨ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਨੂੰ ਝਟਕਾ

  • ਆਸਟ੍ਰੇਲੀਅਨ ਯੂਨੀਵਰਸਿਟੀਆਂ ਨੇ ਪੰਜਾਬ ਸਮੇਤ ਇਹਨਾਂ ਰਾਜਾਂ ਦੇ ਵਿਦਿਆਰਥੀਆਂ ਦੇ ਦਾਖਲੇ ਤੇ ਲਗਾਈ ਰੋਕ

ਸਿਡਨੀ, 25 ਮਈ : ਆਸਟ੍ਰੇਲੀਆ ‘ਚ ਪੜ੍ਹਨ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਲਈ ਇਕ ਬੁਰੀ ਖ਼ਬਰ ਸਾਹਮਣੇ ਆਈ ਹੈ, ਜਾਣਕਾਰੀ ਅਨੁਸਾਰ ਆਸਟ੍ਰੇਲੀਆ ਦੀਆਂ ਕਈ ਯੂਨੀਵਰਸਿਟੀਆਂ ਨੇ ਪੰਜਾਬ ਸਮੇਤ 4 ਰਾਜਾਂ ਅਤੇ ਯੂਟੀ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਦੇ ਦਾਖਲੇ ‘ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਹੈ। ਆਸਟ੍ਰੇਲੀਅਨ ਅਖਬਾਰ ਸਿਡਨੀ ਮਾਰਨਿੰਗ ਹੇਰਾਲਡ ਮੁਤਾਬਕ ਆਸਟ੍ਰੇਲੀਆ ਦੀਆਂ ਦੋ ਵੱਡੀਆਂ ਯੂਨੀਵਰਸਿਟੀਆਂ ਨੇ ਪਿਛਲੇ ਹਫਤੇ ਆਪਣੇ ਸਿੱਖਿਆ ਏਜੰਟਾਂ ਨੂੰ ਪੱਤਰ ਲਿਖਿਆ ਸੀ। ਇਸ ਵਿੱਚ ਪੰਜਾਬ, ਹਰਿਆਣਾ, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨੂੰ ਦਾਖ਼ਲ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਆਸਟ੍ਰੇਲੀਆ ਦਾ ਗ੍ਰਹਿ ਵਿਭਾਗ ਕਸ਼ਮੀਰ ਸਮੇਤ ਇਨ੍ਹਾਂ 4 ਰਾਜਾਂ ਦੇ ਵਿਦਿਆਰਥੀਆਂ ਦੀਆਂ ਵੀਜ਼ਾ ਅਰਜ਼ੀਆਂ ਨੂੰ ਲਗਾਤਾਰ ਰੱਦ ਕਰ ਰਿਹਾ ਹੈ। ਗੌਰਤਲਬ ਹੈ ਕਿ ਪਿਛਲੇ ਮਹੀਨੇ ਆਸਟ੍ਰੇਲੀਆ ਦੀਆਂ 4 ਯੂਨੀਵਰਸਿਟੀਆਂ ਨੇ ਭਾਰਤੀ ਵਿਦਿਆਰਥੀਆਂ ‘ਤੇ ਵਿਦਿਆਰਥੀ ਵੀਜ਼ੇ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਸੀ, ਕਿਹਾ ਗਿਆ ਸੀ ਕਿ ਭਾਰਤੀ ਵਿਦਿਆਰਥੀ ਵੀਜ਼ਾ ਲੈ ਕੇ ਪੜ੍ਹਾਈ ਕਰਨ ਦੀ ਬਜਾਏ ਨੌਕਰੀ ਲਈ ਆਸਟ੍ਰੇਲੀਆ ਆ ਰਹੇ ਹਨ।