ਗੁਰਦਾਸਪੁਰ, 24 ਅਪ੍ਰੈਲ : ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪੂਰੇ ਜ਼ੋਰਾਂ `ਤੇ ਚੱਲ ਰਹੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 210967 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿੱਚੋਂ 198497 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਅਲਾਟ ਕੀਤੀਆਂ ਮੰਡੀਆਂ ਵਿੱਚੋਂ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਜਿਣਸ ਦੀ ਅਦਾਇਗੀ ਨਾਲੋਂ-ਨਾਲ ਕਰਨ ਦੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਕਿਸਾਨਾਂ ਨੂੰ ਅਦਾਇਗੀ ਵੀ ਸਮੇਂ ਸਿਰ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਲਿਆਂਦੀ ਜਾ ਰਹੀ ਕਣਕ ਦਾ ਬਿਨਾਂ ਕੋਈ ਕੱਟ ਲਾਇਆਂ ਪੂਰਾ ਭਾਅ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਪ੍ਰਤੀ ਕੁਇੰਟਲ ਦਾ ਘੱਟੋ-ਘੱਟ ਸਮਰਥਨ ਮੁੱਲ 2125 ਰੁਪਏ ਮੁਹੱਈਆ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਏਜੰਸੀਵਾਰ ਖਰੀਦ ਅੰਕੜਿਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 67398 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ 44351 ਮੀਟ੍ਰਿਕ ਟਨ, ਪਨਸਪ ਵੱਲੋਂ 41369 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 40048 ਮੀਟ੍ਰਿਕ ਟਨ ਅਤੇ ਭਾਰਤੀ ਖੁਰਾਕ ਨਿਗਮ ਵੱਲੋਂ 5331 ਮੀਟ੍ਰਿਕ ਟਨ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਗਈ ਕਣਕ ਦੀ ਲਿਫਟਿੰਗ ਵੀ ਚੱਲ ਰਹੀ ਹੈ ਜਿਸ ਤਹਿਤ 51286 ਮੀਟ੍ਰਿਕ ਟਨ ਦੀ ਲਿਫਟਿੰਗ ਕੀਤੀ ਗਈ ਹੈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੰ ਮੰਡੀਆਂ ਵਿੱਚ ਕਿਸੇ ਪ੍ਰਕਾਰ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਪੂਰੇ ਤੋਲ ਅਤੇ ਭਾਅ ਉੱਪਰ ਖਰੀਦੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਪੂਰੀ ਤਰ੍ਹਾਂ ਪੱਕਣ ’ਤੇ ਹੀ ਮੰਡੀ ਵਿੱਚ ਵੇਚਣ ਲਈ ਲੈ ਕੇ ਆਉਣ।