ਬਟਾਲਾ, 27 ਦਸੰਬਰ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਟਾਲਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੌਰ ਊਰਜਾ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ ਮੁਕਤ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ 20,000 ਖੇਤੀ ਟਿਊਬਵੈੱਲਾਂ ਨੂੰ ਸੂਰਜੀ-ਊਰਜਾ ਉੱਤੇ ਕਰੇਗੀ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਵਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਖੇਤੀ ਪੰਪ ਸੈੱਟਾਂ ਦੀ ਸੋਲਰਾਈਜ਼ੇਸ਼ਨ ਸਬੰਧੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿ੍ਹਆ ਜਾਵੇ। ਇਸ ਤੋਂ ਇਲਾਵਾ ਬੇਸ਼ਕੀਮਤੀ ਜਲ ਸਰੋਤਾਂ ਨੂੰ ਬਚਾਉਣ ਲਈ ਡਾਰਕ ਜ਼ੋਨ ਵਿੱਚ ਫੁਹਾਰਾ ਅਤੇ ਤੁਪਕਾ ਸਿੰਚਾਈ ਵਿਧੀ ਵਾਸਤੇ ਹੀ ਸੋਲਰ ਪੰਪਾਂ ਦੀ ਅਲਾਟਮੈਂਟ ਨੂੰ ਯਕੀਨੀ ਬਣਾਇਆ ਜਾਵੇ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਅਧਿਕਾਰੀਆਂ ਨੂੰ ਰਾਜ ਸਰਕਾਰ ਦੀਆਂ ਇਮਾਰਤਾਂ ਨੂੰ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲਾਂ ਨਾਲ ਲੈਸ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ ਗਿਆ ਹੈ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਵਰ ਸੈਕਟਰ ਨੂੰ ਡੀਕਾਰਬੋਨਾਈਜ਼ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ ਅਤੇ ਸੋਲਰ ਪੀ.ਵੀ. ਆਪਣੇ ਵੱਖ-ਵੱਖ ਲਾਭਾਂ ਸਦਕਾ ਨਵਿਆਉਣਯੋਗ ਊਰਜਾ ਦਾ ਸਭ ਤੋਂ ਪਸੰਦੀਦਾ ਸਰੋਤ ਬਣ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵਲੋਂ ਸਰਕਾਰੀ ਇਮਾਰਤਾਂ ਦੀਆਂ ਛੱਤਾਂ ’ਤੇ ਸੋਲਰ ਪੀ.ਵੀ. ਪੈਨਲ ਲਗਾਉਣ ਲਈ 436 ਸਰਕਾਰੀ ਇਮਾਰਤਾਂ ਦੀ ਚੋਣ ਕੀਤੀ ਗਈ ਹੈ ਅਤੇ ਪਹਿਲੇ ਪੜਾਅ ਵਿੱਚ 70 ਇਮਾਰਤਾਂ ਨੂੰ ਜਲਦ ਹੀ ਸੋਲਰ ਪੀ.ਵੀ. ਪੈਨਲਾਂ ਨਾਲ ਲੈਸ ਕੀਤਾ ਜਾਵੇਗਾ।