‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਕੈਂਪਾਂ ’ਚ 44 ਤਰ੍ਹਾਂ ਦੀਆਂ ਸੇਵਾਵਾਂ ਲੋਕਾਂ ਦੇ ਘਰਾਂ ਦੇ ਨਜ਼ਦੀਕ ਕਰਵਾਈਆਂ ਜਾ ਰਹੀਆਂ ਮੁਹੱਈਆ - ਡਿਪਟੀ ਕਮਿਸ਼ਨਰ

ਗੁਰਦਾਸਪੁਰ, 12 ਫਰਵਰੀ : ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਗਏ ਕੈਂਪਾਂ ਵਿਚ ਲੋਕਾਂ ਨੂੰ 44 ਤਰ੍ਹਾਂ ਦੀਆਂ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੈਂਪਾਂ ਵਿੱਚ ਜਾ ਕੇ ਜਿਥੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਰਿਹਾ  ਹੈ ਓਥੇ ਨਾਲ ਹੀ ਉਨ੍ਹਾਂ ਨੂੰ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਂਪਾਂ ਦੌਰਾਨ ਬਿਨੈਕਾਰਾਂ ਦੀ ਸਹੂਲਤ ਲਈ ਹੈਲਪ ਡੈਸਕ ਬਣਾਏ ਗਏ ਹਨ ਤਾਂ ਜੋ ਉਨ੍ਹਾਂ ਨੂੰ ਫਾਰਮ ਭਰਨ ਆਦਿ ਵਿਚ ਸਹਾਇਤਾ ਕੀਤੀ ਜਾਵੇ ਅਤੇ ਵੱਧ ਤੋਂ ਵੱਧ ਲੋਕ ਇੰਨਾਂ ਕੈਂਪਾਂ ਰਾਹੀਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਹਰ ਜ਼ਿਲ੍ਹੇ ਅੰਦਰ ਸਬ ਡਵੀਜਨ ਪੱਧਰ ’ਤੇ ਲਗਾਏ ਜਾ ਰਹੇ ਇਹ ਕੈਂਪ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੀ ਸਹੂਲਤ ਲਈ ਕੀਤਾ ਗਿਆ ਨਿਵੇਕਲਾ ਉਪਰਾਲਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇੰਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮ ਕਰਵਾਉਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਕੈਂਪਾਂ ਵਿੱਚ ਸ਼ਿਕਾਇਤ ਨਿਵਾਰਨ ਵਿਧੀ ਤੋਂ ਇਲਾਵਾ 44 ਡੋਰ-ਟੂ-ਡੋਰ ਸੇਵਾਵਾਂ (ਡਾਇਲ 1076) ਨਾਲ ਸਬੰਧਤ ਵਸਨੀਕਾਂ ਨੂੰ ਮੌਕੇ 'ਤੇ ਉਪਲਬਧ ਕਰਵਾਉਣ ਦੇ ਵੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਵਿਸੇਸ ਤੌਰ ਉੱਤੇ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਸਬੰਧੀ ਪ੍ਰਾਪਤ ਪ੍ਰਤੀਬੇਨਤੀਆਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ਵਿੱਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੀਆਂ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐਨ.ਆਰ.ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ਵਿੱਚ ਤਬਦੀਲੀ ਆਦਿ ਸ਼ਾਮਲ ਹਨ।