"ਆਪ ਦੀ ਸਰਕਾਰ ਆਪ ਦੇ ਦੁਆਰ" ਸਕੀਮ ਜਨ ਸੇਵਾ ਖੇਤਰ ਵਿੱਚ ਭਗਵੰਤ ਮਾਨ ਸਰਕਾਰ ਦੀ ਨਵੀਂ ਕ੍ਰਾਂਤੀ ਦਾ ਆਗਾਜ਼

  • ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਲੱਗੇ 25 ਵਿਸ਼ੇਸ਼ ਕੈਂਪਾਂ ਜਰੀਏ ਲੋਕਾਂ ਨੂੰ ਇੱਕੋ ਥਾਂ ਮਿਲੀਆਂ ਵੱਖ-ਵੱਖ ਤਰ੍ਹਾਂ ਦੀਆਂ 44 ਸੇਵਾਵਾਂ
  • ਡਿਪਟੀ ਕਮਿਸ਼ਨਰ ਸਮੇਤ ਅਧਿਕਾਰੀਆਂ ਨੇ ਇਨ੍ਹਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਵਾਰਨ ਕੀਤਾ

ਗੁਰਦਾਸਪੁਰ, 6 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ `ਆਪ ਦੀ ਸਰਕਾਰ ਆਪ ਦੇ ਦੁਆਰ` ਦਾ ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਅਗਾਜ਼ ਹੋ ਗਿਆ ਹੈ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ 25 ਵਿਸ਼ੇਸ਼ ਕੈਂਪ ਲਗਾਏ ਗਏ ਜਿਥੇ ਆਮ ਲੋਕਾਂ ਨੂੰ ਇੱਕੋ ਥਾਂ ਵੱਖ-ਵੱਖ ਤਰਾਂ ਦੀਆਂ 44 ਸੇਵਾਵਾਂ ਦਾ ਲਾਭ ਦਿੱਤਾ ਗਿਆ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਇਨ੍ਹਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਨਿਵਾਰਨ ਕੀਤਾ ਗਿਆ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ "ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ" ਤਹਿਤ ਅੱਜ ਜ਼ਿਲ੍ਹੇ ਪਿੰਡਾਂ ਤੇ ਸ਼ਹਿਰਾਂ ਵਿੱਚ 25 ਵਿਸ਼ੇਸ਼ ਕੈਂਪ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਆਮ ਲੋਕਾਂ ਨੂੰ ਇੱਕੋ ਥਾਂ ਵੱਖ-ਵੱਖ ਤਰ੍ਹਾਂ ਦੀਆਂ 44 ਸੇਵਾਵਾਂ ਮੁਹੱਈਆ ਹੋ ਰਹੀਆਂ ਹਨ ਤੇ ਇਹ ਕੈਂਪ ਜਨ ਸੇਵਾ ਖੇਤਰ ਵਿੱਚ ਪੰਜਾਬ ਸਰਕਾਰ ਦੀ ਨਵੀਂ ਕ੍ਰਾਂਤੀ ਦਾ ਆਗਾਜ਼ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਹੁਣ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਰਹੇਗੀ ਅਤੇ ਇਨ੍ਹਾਂ ਕੈਂਪਾਂ ਰਾਹੀਂ ਲੋਕਾਂ ਨੂੰ ਉਹਨਾਂ ਦੇ ਘਰਾਂ ਨੇੜੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇੱਕ ਮਹੀਨੇ ਵਿੱਚ ਜ਼ਿਲ੍ਹਾ ਗੁਰਦਾਸਪੁਰ ਵਿੱਚ 900 ਤੋਂ ਵੱਧ ਅਜਿਹੇ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 1076 ਨੰਬਰ ਵੀ ਜਾਰੀ ਕੀਤਾ ਗਿਆ ਹੈ, ਜਿਸ `ਤੇ ਸੰਪਰਕ ਕਰਕੇ ਲੋਕਾਂ ਵੱਲੋਂ ਆਪਣੇ ਘਰਾਂ ਵਿੱਚ ਹੀ ਸਰਕਾਰੀ ਸਹੂਲਤਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ `ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ `ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਇਹਨਾਂ ਕੈਂਪਾਂ ਦਾ ਲਾਭ ਲੈਣ।