ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਊਰੋਲੋਜਿਕਲ ਤੇ ਇੰਟਲੈਕਚੁਅਲ ਡਿਸਏਬਲ ਨਾਗਰਿਕਾਂ ਦੀ ਵੀ ਬਣੇਗੀ ਵੋਟ : ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 25 ਅਗਸਤ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੁਣ ਨਿਊਰੋਲੋਜਿਕਲ ਤੇ ਇੰਟਲੈਕਚੁਅਲ ਤੌਰ ਤੇ ਡਿਸਏਬਲ ਨਾਗਰਿਕਾਂ ਨੂੰ ਵੀ ਵੋਟਰ ਸੂਚੀਆਂ ਵਿੱਚ ਰਜਿਸਟਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਜਿਹੇ ਵਿਅਕਤੀਆਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਸਪੈਸ਼ਲ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ, ਜ਼ਿਲ੍ਹਾ ਸਿੱਖਿਆ ਅਫ਼ਸਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜਿਹੜੇ ਨਿਊਰੋਲੋਜਿਕਲ ਤੇ ਇੰਟਲੈਕਚੁਅਲ ਤੌਰ ਤੇ ਡਿਸਏਬਲ ਵਿਅਕਤੀਆਂ ਦੀਆਂ ਵੋਟਾਂ ਨਹੀਂ ਬਣੀਆਂ ਉਨ੍ਹਾਂ ਨੂੰ ਵੋਟਰ ਸੂਚੀ ਵਿੱਚ ਰਜਿਸਟਰ ਕਰਨ ਲਈ ਫੌਰੀ ਕਾਰਵਾਈ ਸ਼ੁਰੂ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਅਜਿਹੇ ਵਿਅਕਤੀਆਂ ਦੀਆਂ ਵੋਟਾਂ ਨਹੀਂ ਬਣੀਆਂ ਉਸ ਸਬੰਧੀ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਅਤੇ ਬੂਥ ਲੈਵਲ ਅਫ਼ਸਰ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਬੀ.ਐਲ.ਓ. ਉਸ ਵਿਅਕਤੀ ਦੇ ਘਰ ਜਾ ਕੇ ਉਸ ਦੀ ਵੋਟ ਬਣਾ ਸਕਣ।