ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਹਲਕਾ ਖੇਮਕਰਨ ਦੇ ਸਰਹੱਦੀ ਪਿੰਡਾਂ ਵਿੱਚ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਕੀਤਾ ਦੌਰਾ

  • ਲੋਕਾਂ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਬਿਨ੍ਹਾ ਕਿਸੇ ਡਰ-ਭੈਅ ਤੋਂ ਨਿਡਰ ਹੋ ਕੇ ਕਰਨ ਦੀ ਕੀਤੀ ਅਪੀਲ
  • ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਪੋਲਿੰਗ ਸਟੇਸ਼ਨਾਂ ‘ਤੇ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਹੂਲਤਾਂ ਦਾ ਲਿਆ ਜਾਇਜ਼ਾ

ਤਰਨਤਾਰਨ, 20 ਮਾਰਚ : ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਚੋਣ ਅਫਸਰ, ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਸਥਿਤ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ।ਸ਼੍ਰੀ ਬਾਜਵਾ ਵੱਲੋਂ ਪਿੰਡ ਸੁਰਸਿੰਘ, ਸਿੰਘਪੁਰਾ, ਨਾਰਲਾ ਅਤੇ ਪੂਹਲਾ ਦਾ ਦੌਰਾ ਕਰਕੇ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਪੋਲਿੰਗ ਸਟੇਸ਼ਨਾਂ ‘ਤੇ ਮੁਹੱਈਆ ਕੀਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫਸਰ, ਸ਼੍ਰੀ ਬਾਜਵਾ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲਾ ਚੋਣ ਦਫਤਰ ਪੂਰੀ ਤਰਾਂ੍ਹ ਮੁਸਤੈਦ ਹੈ ਅਤੇ ਇਸ ਸਮੇਂ ਜ਼ਿਲਾ ਪ੍ਰਸ਼ਾਸਨ ਵੱਲੋਂ ਹਰ ਇੱਕ ਮਤਦਾਤਾ ਨੂੰ ਆਪਣੇ ਮਤ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਦੌਰਾਨ ਉਹਨਾਂ ਵੱਲੋਂ ਹਲਕਾ ਖੇਮਕਰਨ ਦੇ ਸਰਹੱਦੀ ਪਿੰਡਾਂ ਵਿੱਚ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ।ਉਹਨਾਂ ਕਿਹਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਫੋਰਸ ਤੇ ਨਾਲ ਨੀਮ ਫੌਜੀ ਬਲਾਂ ਦੇ ਜਵਾਨਾਂ ਦੀ ਵੀ ਤਇਨਾਤੀ ਕੀਤੀ ਗਈ ਹੈ। ਉਹਨਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਬਿਨ੍ਹਾ ਕਿਸੇ ਡਰ-ਭੈਅ ਤੋਂ ਨਿਡਰ ਹੋ ਕੇ ਕਰਨ। ਸ਼੍ਰੀ ਬਾਜਵਾ ਨੇ ਦੱਸਿਆ ਕਿ ਵਿੱਚ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨ ‘ਤੇ ਵੋਟ ਪਾਉਣ ਲਈ ਆਉਣ ਵਾਲੇ ਵੋਟਰਾਂ ਨੂੰ ਮਿਆਰੀ ਸਹੂਲਤਾਂ ਜਿਵੇਂ ਪੀਣ ਵਾਲਾ ਪਾਣੀ, ਛਾਂ ਅਤੇ ਹੋਰ ਲੋੜੀਂਦੀਆਂ ਸੁਵਿਧਾਵਾਂ ਮੁਹੱਇਆ ਕਰਵਾਈਆ ਜਾਣਗੀਆਂ। ਉਨਾਂ ਕਿਹਾ ਕਿ ਪੋਲਿੰਗ ਸਟੇਸ਼ਨ ‘ਤੇ ਤਾਇਨਾਤ ਸਬੰਧਤ ਬੀ. ਐਲ. ਓਜ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਪੋਲਿੰਗ ਸਟੇਸ਼ਨ ਦੇ ਰੱਖ ਰਖਾਅ ਪ੍ਰਤੀ ਸੰਵੇਦਨਸ਼ੀਲ ਰਹਿਣ ਤਾਂ ਜੋ ਚੋਣ ਪ੍ਰਕਿਰਿਆ ਨੂੰ ਵਧੀਆ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ “ਇਸ ਵਾਰ, 70 ਪਾਰ” ਵੋਟਿੰਗ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਜ਼ਿਲ੍ਹਾ ਤਰਨ ਤਾਰਨ ਵਿੱਚ ਵੋਟ ਪੋਲਿੰਗ ਦੇ ਇਸ ਟੀਚੇ ਨੂੰ ਪੂਰਾ ਕਰਨ ਲਈ ਜ਼ਿਲ੍ਹੇ ਦੇ ਸਾਰੇ ਵੋਟਰਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਵੋਟਰ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ।ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਲੋਕਤੰਤਰ ਵਿੱਚ ਆਪਣੀ ਭਾਗੀਦਾਰੀ ਵਧਾਉਣ ਦੀ ਅਪੀਲ ਕੀਤੀ।