- ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ
ਬਟਾਲਾ, 3 ਨਵੰਬਰ 2024 : ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 2 ਨਵੰਬਰ ਤੱਕ 505260 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 482219 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਨਿਰਵਿਘਨ ਜਾਰੀ ਹੈ, ਕਿਸਾਨਾਂ ਨੂੰ 965 ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ 67 ਫੀਸਦ ਫਸਲ ਦੀ ਚੁਕਾਈ ਮੰਡੀਆਂ ਵਿਚੋਂ ਹੋ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 183615 ਮੀਟਰਕ ਟਨ, ਮਾਰਕਫੈੱਡ ਵਲੋਂ 125179 ਮੀਟਰਕ ਟਨ, ਪਨਸਪ ਵਲੋਂ 114084 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 56028 ਐੱਫ.ਸੀ.ਆਈ ਵੱਲੋਂ 3270 ਅਤੇ ਪ੍ਰਾਈਵੇਟ ਖਰੀਦ 43 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਫਸਲ ਵੇਚਣ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਨਾਲ ਹੀ ਉਨ੍ਹਾਂ ਅਪੀਲ ਕੀਤੀ ਕਿ ਝੋਨੇ ਦੀ ਫਸਲ ਕੱਟਣ ਉਪਰੰਤ ਪਰਾਲੀ ਨਾ ਸਾੜੀ ਜਾਵੇ ਅਤੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਵਰਤੀ ਜਾਵੇ।