ਅੰਮ੍ਰਿਤਸਰ, 08 ਜਨਵਰੀ : ਪੰਜਾਬ ’ਚ ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਇੰਚਾਰਜ ਦਵਿੰਦਰ ਯਾਦਵ ਨੇ ਅੱਜ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਉਹ ਆਪਣੀ ਨਿਯੁਕਤੀ ਤੋਂ ਬਾਅਦ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਲਈ ਸ੍ਰੀ ਦਰਬਾਰ ਸਾਹਿਬ ਪਹੁੰਚੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਦੁਰਗਿਆਨਾ ਮੰਦਰ ਅਤੇ ਰਾਮ ਤੀਰਥ ਵਿਖੇ ਵੀ ਮੱਥਾ ਟੇਕਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਆਗੂਆਂ ਵਿਚ ਵੀ ਇਕਜੁੱਟਤਾ ਦਿਸੀ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਹਾਜ਼ਰ ਰਹੇ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਦਵਿੰਦਰ ਯਾਦਵ ਨੇ ਸਪੱਸ਼ਟ ਕਿਹਾ ਕਿ ਉਹ ਆਮ ਆਦਮੀ ਪਾਰਟੀ ਨਾਲ ਚੋਣ ਗਠਜੋੜ ਅਤੇ ਸੀਟਾਂ ਦੀ ਵੰਡ ਸਬੰਧੀ ਕੁਝ ਨਹੀਂ ਕਹਿਣਗੇ। ਜਾਣਕਾਰੀ ਮਿਲੀ ਹੈ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਦਵਿੰਦਰ ਯਾਦਵ 11 ਜਨਵਰੀ ਤੱਕ ਪਹੁੰਚ ਵਿਚ ਹੀ ਰਹਿਣਗੇ। ਇਸੇ ਦੌਰਾਨ ਉਹ ਤਿੰਨ ਦਿਨ ਚੰਡੀਗੜ੍ਹ ਸਥਿਤ ਪਾਰਟੀ ਦੇ ਦਫਤਰ ਵਿਚ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੀਟਿੰਗਾਂ ਵੀ ਕਰਨਗੇ। ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਹੋਵੇਗੀ ਅਤੇ ਮੁੱਖ ਵਿਸ਼ਾ ਅਗਾਮੀ ਲੋਕ ਸਭਾ ਚੋਣਾਂ ਹੀ ਹੋਣਗੀਆਂ।