ਮੁੱਖ ਮੰਤਰੀ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਸਿੱਖਿਆ ਖੇਤਰ ਵਿੱਚ ਆਈ ਉਸਾਰੂ ਤਬਦੀਲੀ - ਜਗਰੂਪ ਸੇਖਵਾਂ

  • ਪ੍ਰੀ-ਪ੍ਰਾਇਮਰੀ (1) ਵਿੰਗ ਦੇ ਦਾਖ਼ਲਿਆਂ ਵਿੱਚ 16.3 ਫੀਸਦੀ ਅਤੇ ਪ੍ਰੀ-ਪ੍ਰਾਇਮਰੀ (2) ਵਿੰਗ ਦੇ ਦਾਖ਼ਲਿਆਂ ਵਿੱਚ 9.9 ਫੀਸਦੀ ਦਾ ਵਾਧਾ ਦਰਜ

ਗੁਰਦਾਸਪੁਰ, 25 ਜੁਲਾਈ : ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਘਵਾਈ ਹੇਠ ਪੰਜਾਬ ਸਰਕਾਰ ਦੀਆਂ ਲਾਮਿਸਾਲ ਕੋਸ਼ਿਸ਼ਾਂ ਸਦਕਾ ਸਰਕਾਰੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗਾਂ ਵਿੱਚ ਦਾਖ਼ਲਿਆਂ ਵਿੱਚ ਅਦੁੱਤੀ ਵਾਧਾ ਦਰਜ ਹੋਇਆ ਹੈ, ਜਿਸ ਤੋਂ ਸਿੱਖਿਆ ਖ਼ੇਤਰ ਵਿੱਚ ਹੋਈ ਉਸਾਰੂ ਤਬਦੀਲੀ ਦਾ ਪਤਾ ਲੱਗਦਾ ਹੈ। ਇਸ ਬਾਰੇ ਗੱਲ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਖੇਤਰ ਵਿੱਚ ਸੁਧਾਰ ਉਤੇ ਵੱਡਾ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾਂਦੀ ਸਿੱਖਿਆ ਵਿੱਚ ਸੁਧਾਰ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਕਿ ਇਨਾਂ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ, ਕਾਨਵੈਂਟ ਸਕੂਲਾਂ ਵਿੱਚ ਪੜਨ ਵਾਲੇ ਆਪਣੇ ਹਾਣੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋ ਸਕਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨੂੰ ਹੁਣ ਬੂਰ ਪੈਣਾ ਸ਼ੁਰੂ ਹੋ ਗਿਆ ਹੈ ਅਤੇ ਇਨਾਂ ਸਕੂਲਾਂ ਦੇ ਦਾਖ਼ਲਿਆਂ ਵਿੱਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ। 
ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਸ ਤੱਥ ਦਾ ਪਤਾ ਇਸ ਗੱਲੋਂ ਵੀ ਲਾਇਆ ਜਾ ਸਕਦਾ ਹੈ ਕਿ ਪ੍ਰੀ-ਪ੍ਰਾਇਮਰੀ (1) ਵਿੰਗ ਦੇ ਦਾਖ਼ਲਿਆਂ ਵਿੱਚ 16.3 ਫੀਸਦੀ ਅਤੇ ਪ੍ਰੀ-ਪ੍ਰਾਇਮਰੀ (2) ਵਿੰਗ ਦੇ ਦਾਖ਼ਲਿਆਂ ਵਿੱਚ 9.9 ਫੀਸਦੀ ਦਾ ਵਾਧਾ ਦਰਜ ਹੋਇਆ ਹੈ। ਉਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਮਿਆਰੀ ਸਿੱਖਿਆ ਦੇ ਸਮਾਨਅਰਥੀ ਬਣਨ ਦੀ ਗਵਾਹੀ ਇਹ ਤੱਥ ਵੀ ਭਰਦੇ ਹਨ ਕਿ ਪ੍ਰਾਈਵੇਟ ਸਕੂਲਾਂ ਦੇ ਵੱਡੀ ਗਿਣਤੀ ਵਿਦਿਆਰਥੀ ਹੁਣ ਆਪਣੇ ਸਕੂਲ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਰੁਝਾਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਅਤੇ ਉਹ ਦਿਨ ਦੂਰ ਨਹੀਂ, ਜਦੋਂ ਇਨਾਂ ਸਕੂਲਾਂ ਦੇ ਵਿਦਿਆਰਥੀ ਹਰੇਕ ਖ਼ੇਤਰ ਵਿੱਚ ਆਪਣੀ ਵੱਖਰੀ ਪਛਾਣ ਸਾਬਤ ਕਰਨਗੇ। ਸ. ਸੇਖਵਾਂ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਸਿੱਖਿਆ ਖ਼ੇਤਰ ਵਿੱਚ ਤਬਦੀਲੀ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਸੂਬੇ ਦੇ ਸਿੱਖਿਆ ਖ਼ੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਬੁਨਿਆਦੀ ਢਾਂਚੇ ਅਤੇ ਮਨੁੱਖੀ ਸਰੋਤਾਂ ਦੇ ਵਿਕਾਸ ਉਤੇ ਵੱਧ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਭਰ ਵਿੱਚੋਂ ਮਿਆਰੀ ਸਿੱਖਿਆ ਦੇ ਕੇਂਦਰ ਵਜੋਂ ਉੱਭਰੇਗਾ।