ਡਿਪਟੀ ਕਮਿਸ਼ਨਰ ਨੇ ਨਵੇਂ ਫ਼ਰਦ ਕੇਂਦਰ ਦਾ ਉਦਘਾਟਨ ਕੀਤਾ

  • ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਵਚਨਬੱਧ - ਡਿਪਟੀ ਕਮਿਸ਼ਨਰ

ਗੁਰਦਾਸਪੁਰ, 30 ਅਕਤੂਬਰ :  ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਬਲਾਕ-ਬੀ ਵਿਖੇ ਨਵੇਂ ਬਣੇ ਫਰਦ ਕੇਂਦਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ੍ਰੀ ਲਕਸ਼ੇ ਕੁਮਾਰ ਜ਼ਿਲ੍ਹਾ ਮਾਲ ਅਫਸਰ ਗੁਰਦਾਸਪੁਰ, ਸ੍ਰੀਮਤੀ ਰਾਜਵਿੰਦਰ ਕੌਰ ਤਹਿਸੀਲਦਾਰ ਗੁਰਦਾਸਪੁਰ, ਸ੍ਰੀ ਹਿਰਦੇਪਾਲ ਸਿੰਘ ਨਾਇਬ ਤਹਿਸੀਲਦਾਰ ਗੁਰਦਾਸਪੁਰ ਤੋਂ ਇਲਾਵਾ ਫਰਦ ਕੇਂਦਰ, ਗੁਰਦਾਸਪੁਰ ਦਾ ਸਮੂਹ ਸਟਾਫ਼ ਹਾਜ਼ਰ ਸੀ। ਫ਼ਰਦ ਕੇਂਦਰ ਦਾ ਉਦਘਾਟਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਸ ਨਵੇਂ ਬਣੇ ਫ਼ਰਦ ਕੇਂਦਰ ਵਿੱਚ ਮਾਲ ਰਿਕਾਰਡ ਨਾਲ ਸਬੰਧਤ ਫਰਦਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ਨਾਲ ਆਮ ਲੋਕਾਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਫਰਦ ਕੇਂਦਰਾਂ ’ਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਹੁਤ ਵਧੀਆ ਹਨ ਅਤੇ ਲੋਕਾਂ ਨੂੰ ਬਿਨ੍ਹਾਂ ਕਿਸੇ ਦੇਰੀ ਫ਼ਰਦਾਂ ਮਿਲ ਰਹੀਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ, ਗੁਰਦਾਸਪੁਰ ਵੱਲੋਂ ਨਕਲ ਲੈਣ ਆਏ ਪ੍ਰਾਰਥੀ ਨੂੰ ਕੰਪਿਊਟਰਾਈਜਡ ਨਕਲ ਦੇ ਕੇ ਫ਼ਰਦ ਕੇਂਦਰ ਦੀ ਸ਼ੁਰੂਆਤ ਕੀਤੀ ਗਈ। ਉਹਨਾਂ ਕਿਹਾ ਕਿ ਜੇਕਰ ਫ਼ਰਦ ਕੇਂਦਰ ਵਿਖੇ ਫ਼ਰਦ ਲੈਣ ਆਏ ਕਿਸੇ ਵਿਅਕਤੀ ਨੂੰ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਉਹ ਡਿਪਟੀ ਕਮਿਸ਼ਨਰ ਦਫ਼ਤਰ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਵਚਨਬੱਧ ਹੈ।