ਗੁਰਦਾਸਪੁਰ, 20 ਦਸੰਬਰ : ਹਰ ਸਾਲ ਦੀ ਤਰਾਂ ਇਸ ਸਾਲ ਵੀ ਮਨਾਏ ਜਾਣ ਵਾਲੇ ਕ੍ਰਿਸਮਿਸ ਦੇ ਤਿਉਹਾਰ ਮੌਕੇ ਈਸਾਈ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਧਾਰਮਿਕ ਸੰਗਠਨਾਂ ਵੱਲੋਂ ਕ੍ਰਿਸਮਿਸ ਦੇ ਤਿਉਹਾਰ ਤੋਂ ਪਹਿਲਾਂ ਸ਼ੋਭਾ ਯਾਤਰਾ ਅਤੇ ਹੋਰ ਸਮਾਗਮ ਕੀਤੇ ਜਾਣੇ ਹਨ ਅਤੇ ਕ੍ਰਿਸਮਿਸ ਵਾਲੇ ਦਿਨ 24-25 ਦਸੰਬਰ ਨੂੰ ਵੱਖ-ਵੱਖ ਗਿਰਜਾਘਰਾਂ ਵਿੱਚ ਸਮਾਗਮ ਕਰਵਾਏ ਜਾਣੇ ਹਨ। ਕ੍ਰਿਸਮਿਸ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਉੱਪ ਮੰਡਲ ਮੈਜਿਸਟਰੇਟਸ ਸਮੇਤ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਸੁਰੱਖਿਆ ਇੰਤਜ਼ਾਮ ਪੁਖਤਾ ਕਰਨ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਚੌਕਸੀ ਵਧਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਸ ਵੀ ਜਗ੍ਹਾ ’ਤੇ ਕ੍ਰਿਸਮਿਸ ਦੇ ਸਮਾਗਮ ਹੋ ਰਹੇ ਹਨ, ਉਸ ਜਗ੍ਹਾ ’ਤੇ ਸੁਰੱਖਿਆ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਉੱਪ ਮੰਡਲ ਮੈਜਿਸਟਰੇਟਸ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੀ-ਆਪਣੀ ਸਬ-ਡਵੀਜ਼ਨ ਵਿੱਚ ਆਪਣੇ ਪੱਧਰ ’ਤੇ ਡਿਊਟੀ ਮੈਜਿਸਟਰੇਟ ਤਾਇਨਾਤ ਕਰਨਗੇ।