ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਡੀਜੀ ਸਿੰਘ ਨੇ ਵੱਖ ਵੱਖ ਸਕੂਲਾਂ ਵਿੱਚ ਮਿਸ਼ਨ ਸਮਰਥ ਦੀਆਂ ਚੱਲ ਰਹੀਆਂ ਗਤੀਵਿਧੀਆਂ ਦਾ ਕੀਤਾ ਨਿਰੀਖਣ

  • ਮਿਸ਼ਨ ਸਮਰਥ ਗੁਣਾਤਮਕ ਸਿੱਖਿਆ ਦਾ ਹੈ ਅਧਾਰ:- ਡੀਜੀ ਸਿੰਘ

ਪਠਾਨਕੋਟ,  02 ਜੁਲਾਈ 2024 : ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਹਰਭਗਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਮਿਰਜ਼ਾਪੁਰ , ਮਿਡਲ ਸਕੂਲ ਮਿਰਜ਼ਾਪੁਰ, ਸਰਕਾਰੀ ਪ੍ਰਾਇਮਰੀ ਸਕੂਲ ਫਤਿਹਗੜ, ਸਰਕਾਰੀ ਹਾਈ ਸਕੂਲ ਫਤਿਹਗੜ, ਸਰਕਾਰੀ ਪ੍ਰਾਇਮਰੀ ਸਕੂਲ ਐਮਾਂ ਚੰਗਾ ਸਕੂਲਾਂ ਵਿੱਚ ਮਿਸ਼ਨ ਸਮਰੱਥ ਤਹਿਤ ਚੱਲ ਰਹੀਆਂ ਗਤੀਵਿਧੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਆਪਣੇ ਨਿਰੀਖਣ ਦੌਰਾਨ ਜਿਥੇ ਉਨ੍ਹਾਂ ਵੱਲੋਂ ਸਕੂਲਾਂ ਵਿੱਚ ਮਿਡ ਡੇ ਮੀਲ, ਬੱਚਿਆਂ ਦੀ ਹਾਜ਼ਰੀ ਅਤੇ ਨਵੇਂ ਦਾਖਲਿਆਂ ਆਦਿ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਉੱਥੇ ਹੀ ਉਨ੍ਹਾਂ ਵੱਲੋਂ ਮਿਸ਼ਨ ਸਮਰੱਥ ਨੂੰ ਪੂਰੀ ਨਿਸ਼ਠਾ ਨਾਲ ਲਾਗੂ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਸਕੂਲਾਂ ਵਿੱਚ ਬੱਚਿਆਂ ਦੀ ਹਾਜ਼ਰੀ 100% ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਇਸ ਮੌਕੇ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਡੀਜੀ ਸਿੰਘ ਨੇ ਕਿਹਾ ਕਿ ਮਿਸ਼ਨ ਸਮਰਥ ਗੁਣਾਤਮਕ ਸਿੱਖਿਆ ਦਾ ਆਧਾਰ ਹੈ। ਇਸ ਮਿਸ਼ਨ ਨਾਲ ਬੱਚਿਆਂ ਦੇ ਸਿੱਖਣ ਪੱਧਰ ਵਿੱਚ ਸੁਧਾਰ ਹੋਵੇਗਾ।ਉਨ੍ਹਾਂ ਕਿਹਾ ਕਿ ਸਾਡੀ ਪ੍ਰਮੁੱਖਤਾ  ਸਿੱਖਿਆ ਦੀ ਗੁਣਵੱਤਾ ਵਿੱਚ ਵਾਧਾ ਕਰਨਾ ਹੈ। ਬੱਚਿਆਂ ਨੂੰ ਉਨ੍ਹਾਂ ਦੇ ਪੱਧਰ ਅਨੁਸਾਰ ਸਿੱਖਿਆ ਦੇਕੇ ਸਮੇਂ ਦਾ ਹਾਣੀ ਬਨਾਉਣਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫ਼ਰਜ ਹੈ ਕਿ ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੇ "ਮਿਸ਼ਨ ਸਮਰੱਥ" ਪ੍ਰੋਜੈਕਟ ਨੂੰ ਕਾਮਯਾਬ ਕਰਨ ਲਈ ਸਾਰੇ ਰਲ-ਮਿਲਕੇ ਹਮਲਾ ਮਾਰੀਏ ਅਤੇ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਆਪਣੇ ਸਕੂਲਾਂ ਵਿੱਚ ਹੂਬਹੂ ਲਾਗੂ ਕਰੀਏ।