- ਭਾਰਤ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸ਼ੁਰੂ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ
ਗੁਰਦਾਸਪੁਰ, 17 ਨਵੰਬਰ : ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਲੋਕ ਭਲਾਈ ਸਕੀਮਾਂ ਦੀ ਹੇਠਲੇ ਪੱਧਰ ਤੱਕ ਜਾਣਕਾਰੀ ਅਤੇ ਲਾਭ ਪਹੁੰਚਾਉਣ ਲਈ ‘ਵਿਕਸਤ ਭਾਰਤ ਸੰਕਲਪ ਯਤਾਰਾ’ ਦੀ ਸ਼ੁਰੂਆਤ ਕੀਤੀ ਜਾਵੇਗੀ ਜੋ ਕਿ 15 ਜਨਵਰੀ 2024 ਤੱਕ ਚੱਲੇਗੀ। ਇਸ ਜਾਗਰੂਕਤਾ ਮੁਹਿੰਮ ਸਬੰਧੀ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਭਾਰਤ ਸਰਕਾਰ ਦੇ ਘੱਟ ਗਿਣਤੀ ਸਮੁਦਾਇਯ ਮੰਤਰਾਲੇ ਦੇ ਡਿਪਟੀ ਸੈਕਟਰੀ ਸ੍ਰੀ ਅੰਕੁਰ ਯਾਦਵ ਆਈ.ਏ.ਐੱਸ. ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਸੈਕਟਰੀ ਸ੍ਰੀ ਅੰਕੁਰ ਯਾਦਵ ਨੇ ਕਿਹਾ ਕਿ ‘ਵਿਕਸਤ ਭਾਰਤ ਸੰਕਲਪ ਯਤਾਰਾ’ ਅਗਲੇ ਕੁਝ ਦਿਨਾਂ ਵਿਚ ਸ਼ੁਰੂ ਹੋਵੇਗੀ ਜਿਸ ਤਹਿਤ ਵਿਸ਼ੇਸ਼ ਜਾਗਰੂਕਤਾ ਵੈਨਾਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਭਾਰਤ ਸਰਕਾਰ ਦੀਆਂ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣਗੀਆਂ। ਉਨ੍ਹਾਂ ਕਿਹਾ ਕਿ ਜਾਗਰੂਕਤਾ ਵੈਨਾਂ ਰਾਹੀਂ ਭਾਰਤ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਬਾਰੇ ਵੀਡੀਓ ਰਾਹੀਂ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਗਰੂਕਤਾ ਮੁਹਿੰਮ ਤਹਿਤ ਪਿੰਡਾਂ ਦੇ ਨਾਲ ਸ਼ਹਿਰ ਵੀ ਕਵਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ ’ਤੇ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਇਸ ਮੁਹਿੰਮ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ‘ਵਿਕਸਤ ਭਾਰਤ ਸੰਕਲਪ ਯਤਾਰਾ’ ਨੂੰ ਸਫਲ ਬਣਾਉਣ ਵਿੱਚ ਆਪਣਾ ਸਹਿਯੋਗ ਦੇਣ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਰਵਿੰਦਰਪਾਲ ਸਿੰਘ ਸੰਧੂ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਡੀ.ਡੀ.ਪੀ.ਓ. ਸ੍ਰੀ ਸਤੀਸ਼ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ, ਐੱਲ.ਡੀ.ਐੱਮ. ਸ੍ਰੀ ਕੇਵਲ ਕਲਸੀ, ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਸੋਨੀ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।