ਬਟਾਲਾ ਸ਼ਹਿਰ ਦਾ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ, ਮੇਰੀ ਮੁੱਖ ਤਰਜੀਹ : ਵਿਧਾਇਕ ਸ਼ੈਰੀ ਕਲਸੀ

  • ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਦਫਤਰ ਵਿਖੇ ਕੀਤੀ ਲੋਕ ਮਿਲਣੀ

ਬਟਾਲਾ, 31 ਅਗਸਤ 2024 : ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦਾ ਚਹੁਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਾਲਾਂਬੱਧੀ ਮੁਸ਼ਕਿਲਾਂ ਦਾ ਹੱਲ, ਮੇਰੀ ਮੁੱਖ ਤਰਜੀਹ ਹੈ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਪਣੇ ਦਫਤਰ ਵਿਖੇ ਕੀਤੀ ਲੋਕ ਮਿਲਣੀ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਜਮੀਨੀ ਪੱਧਰ ਤੇ ਪਹੁੰਚਾਇਆ ਜਾਵੇ ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਵਿੱਚ ਕੋਈ ਢਿੱਲਮੱਠ ਨਾ ਵਰਤਣ। ਇਸ ਮੌਕੇ ਗੱਲ ਕਰਦਿਆਂ   ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਵਲੋਂ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾਣ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਲੋਕਾਂ ਦੀਆਂ ਦਹਾਕਿਆਂ ਪੁਰਾਣੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਦਫਤਰਾਂ ਵਿੱਚ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਮੰਤਵ ਤਹਿਤ ਉਨਾਂ ਵਲੋਂ ਲਗਾਤਾਰ ਲੋਕ ਮਿਲਣੀ ਕੀਤੀ ਜਾਂਦੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੀਆਂ ਬਣੀਆਂ ਸਰਕਾਰਾਂ ਵਲੋਂ ਲੋਕਾਂ ਨੂੰ ਅਣਡਿੱਠ ਕੀਤਾ ਗਿਆ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਅਣਗੋਲਿਆ ਕੀਤਾ ਗਿਆ, ਜਿਸ ਕਾਰਨ ਲੋਕ ਰੋਜਮੱਰਾ ਦੀਆਂ ਮੁਸ਼ਕਿਲਾਂ ਨਾਲ ਜੂਝਦੇ ਰਹੇ। ਉਨਾਂ ਦੱਸਿਆ ਕਿ ਉਹ ਲਗਾਤਾਰ ਲੋਕਾਂ ਵਿੱਚ ਰਹਿ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਵਾ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਬਟਾਲਾ ਸ਼ਹਿਰ ਸਮੇਤ ਵਿਧਾਨ ਸਭਾ ਹਲਕਾ ਬਟਾਲਾ ਦਾ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪੁਜਦਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।