ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਤਹਿਤ ਪ੍ਰਾਪਤ ਹੋਏ ਪ੍ਰੋਜੈਕਟਾਂ ਸਬੰਧੀ ਕੀਤਾ ਗਿਆ ਵਿਚਾਰ ਵਟਾਂਦਰਾ

ਤਰਨ ਤਾਰਨ, 23 ਜਨਵਰੀ : ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਵਿਸ਼ੇਸ ਮੀਟਿੰਗ ਹੋਈ। ਜਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ, ਤਰਨਤਾਰਨ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਵੱਲੋਂ ਮੀਟਿੰਗ ਦੀ ਸ਼ੁਰੂਆਤ ਕੀਤੀ ਗਈ ਅਤੇ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਤਹਿਤ ਹੁਣ ਤੱਕ ਪ੍ਰਾਪਤ ਹੋਏ ਪ੍ਰੋਜੈਕਟਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਤਰਨਤਾਰਨ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਸਿਵਲ ਸਰਜਨ, ਤਰਨਤਾਰਨ ਦਫਤਰ ਪਾਸੋਂ 05 ਮੁੱਖ ਕੰਮਾਂ ਦੀ ਚੋਣ ਪ੍ਰਾਪਤ ਹੋਣ ਉਪਰੰਤ ਪ੍ਰੋਜੈਕਟ ਤਿਆਰ ਕਰਕੇ ਅਗਲੀ ਮੀਟਿੰਗ ਵਿੱਚ ਜਿਲ੍ਹਾ ਪੱਧਰੀ ਕੰਨਵਰਜੈਂਸ ਕਮੇਟੀ ਸਾਹਮਣੇ ਪੇਸ਼ ਕਰ ਦਿੱਤੇ ਜਾਣਗੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਤਰਨਤਾਰਨ ਵੱਲੋਂ ਦੂਸਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਦੀਆਂ ਅਗਵਾਈ ਲੀਹਾਂ ਅਨੁਸਾਰ ਪ੍ਰੋਜੈਕਟ ਤਿਆਰ ਕਰਕੇ ਅਗਲੀ ਮੀਟਿੰਗ ਵਿੱਚ ਜਿਲ੍ਹਾ ਪੱਧਰੀ ਕੰਨਵਰਜੈਂਸ ਕਮੇਟੀ ਸਾਹਮਣੇ ਪੇਸ਼ ਕੀਤੇ ਜਾਣ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਗਈ ਕਿ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਬਾਕੀ ਰਹਿੰਦੇ ਵਰਤੋਂ ਸਰਟੀਫਿਕੇਟ ਜਲਦੀ ਤੋਂ ਜਲਦੀ ਭੇਜੇ ਜਾਣ।ਸਬੰਧਿਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਵਰਤੋਂ ਸਰਟੀਫਿਕੇਟ 26 ਜਨਵਰੀ, 2024 ਨੂੰ (ਸ਼ੁੱਕਰਵਾਰ) ਤੱਕ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਤਰਨਤਾਰਨ-ਕਮ-ਪ੍ਰੋਜੈਕਟ ਡਾਇਰੈਕਟਰ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਨੂੰ ਅਗਲੇਰੀ ਕਾਰਵਾਈ ਹਿੱਤ ਪੇਸ਼ ਕਰ ਦਿੱਤੇ ਜਾਣਗੇ।