ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜ ਲਗਾਤਾਰ ਜਾਰੀ-ਡਿਪਟੀ ਕਮਿਸ਼ਨਰ

  • ਸੰਗਤਾਂ ਦੇ ਸਹਿਯੋਗ ਨਾਲ ਬੰਨ੍ਹ ਵਿੱਚ ਪਏ ਪਾੜ ਨੂੰ ਜਲਦੀ ਹੀ ਕਰ ਲਿਆ ਜਾਵੇਗਾ ਪੂਰਨ

ਤਰਨ ਤਾਰਨ, 25 ਅਗਸਤ : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਆਈ. ਏ. ਐੈੱਸ. ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ, ਧਾਰਮਿਕ ਸੰਸਥਾਵਾਂ, ਸਮਾਜ ਸੇਵੀ ਜਥੇਬੰਦੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜ ਲਗਾਤਾਰ ਜਾਰੀ ਹਨ।ਉਹਨਾਂ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਬੰਨ੍ਹ ਵਿੱਚ ਪਏ ਪਾੜ ਨੂੰ ਜਲਦੀ ਹੀ ਪੂਰਨ ਕਰ ਲਿਆ ਜਾਵੇਗਾ ਅਤੇ ਲੋਕਾਂ ਨੂੰ ਰਾਹਤ ਮਿਲੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪੀੜ੍ਹਤ ਲੋਕਾਂ ਲਈ 07 ਰਾਹਤ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਉਹਨਾਂ ਨੂੰ ਰਾਸ਼ਨ, ਪੀਣ ਵਾਲਾ ਸਾਫ਼ ਪਾਣੀ, ਮੈਡੀਕਲ ਸਹਾਇਤਾ, ਦਵਾਈਆਂ ਅਤੇ ਹੋਰ ਲੋੜੀਂਦੀਆਂ ਸੁਵਧਿਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਪਸ਼ੂ ਪਾਲਕਾਂ ਦੇ ਪਸ਼ੂਆਂ ਲਈ ਵੀ 02 ਰਾਹਤ ਕੇਂਦਰ ਬਣਾਏ ਗਏ ਹਨ, ਜਿੱਥੇ ਪਸ਼ੂਆਂ ਲਈ ਚਾਰਾ, ਸਾਇਲੇਜ਼ ਤੇ ਫੀਡ ਆਦਿ ਮੁਹੱਈਆ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪਸ਼ੂਆਂ ਦੇ ਇਲਾਜ ਲਈ ਵੀ ਉੱਚਿਤ ਪ੍ਰਬੰਧ ਕੀਤੇ ਗਏ ਹਨ।ਉਹਨਾਂ ਕਿਹਾ ਕਿ ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਉਨ੍ਹਾਂ ਵੱਲੋਂ ਬਹੁਤ ਵੱਡਮੁੱਲੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੇਵਾ ਭਾਵਨਾ ਨਾਲ ਇਹ ਸੰਸਥਾਵਾਂ ਹੜ੍ਹ ਪੀੜ੍ਹਤ ਲੋਕਾਂ ਲਈ ਨਿਰਸਵਾਰਥ ਹੋ ਕੇ ਕਾਰਜ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਵੱਲੋਂ ਲੋਕਾਂ ਲਈ ਲੰਗਰ, ਪਸ਼ੂਆਂ ਲਈ ਚਾਰਾ ਤੋਂ ਇਲਾਵਾ ਹੋਰ ਲੋੜ ਅਨੁਸਾਰ ਵਸਤੂਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਹਰ ਸੰਭਵ ਮੱਦਦ ਲਈ ਦਿਨ ਰਾਤ ਕੰਮ ਕਰ ਰਿਹਾ ਹੈ। ਉਹਨਾਂ ਅਪੀਲ ਕੀਤੀ ਕਿ ਜ਼ਿਲ੍ਹਾ ਵਾਸੀ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾ ਤੇ ਮੱਦਦ ਲਈ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦੇ ਨੰੰਬਰ 1852-224107 ‘ਤੇ ਸੰਪਰਕ ਕਰਨ।