- ਵੱਖ-ਵੱਖ ਵਿਭਾਗਾਂ ਵੱਲੋਂ ਸਰਕਾਰ ਦੇ ਮਹੱਤਵਪੂਰਨ ਫਲੈਗਸ਼ਿੱਪ ਪ੍ਰੋਗਰਾਮਾਂ ਉਤੇ ਆਧਾਰਿਤ ਝਾਕੀਆਂ ਤਿਆਰ ਕਰਨ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਕਰਵਾਉਣ ਦੀ ਕੀਤੀ ਹਦਾਇਤ
- ਸਮੂਹ ਅਧਿਕਾਰੀਆਂ ਨੂੰ ਸਮਾਂ ਰਹਿੰਦੇ ਸਮੁੱਚੇ ਪ੍ਰਬੰਧਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਆਦੇਸ਼
ਤਰਨ ਤਾਰਨ, 16 ਜਨਵਰੀ : ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮਨਾਉਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਵਿਭਾਗਾਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਮੂਹ ਅਧਿਕਾਰੀਆਂ ਨੂੰ ਸਮਾਂ ਰਹਿੰਦੇ ਸਮੁੱਚੇ ਪ੍ਰਬੰਧਾਂ ਨੂੰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਸਿਵਲ ਸਰਜਨ ਡਾ. ਕਮਲਪਾਲ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਕਾਰਜ ਸਾਧਕ ਅਫ਼ਸਰ ਤਰਨ ਤਾਰਨ ਕਮਲਜੀਤ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਬਿਕਰਮਜੀਤ ਸਿੰਘ ਪੁਰੇਵਾਲ, ਜ਼ਿਲ੍ਹਾ ਯੂਥ ਅਫ਼ਸਰ ਮਿਸ ਜਸਲੀਨ ਕੌਰ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਕੈਬਨਿਟ ਮੰਤਰੀ ਪੰਜਾਬ ਮਿਸ ਅਨਮੋਲ ਗਗਨ ਮਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਾਰਜ ਸਾਧਕ ਅਫ਼ਸਰ ਤਰਨ ਤਾਰਨ ਨੂੰ ਸਮਾਰੋਹ ਵਾਲੇ ਸਥਾਨ ਅਤੇ ਸ਼ਹਿਰ ਦੇ ਆਲੇ-ਦੁਆਲੇ ਸਾਫ਼ ਸਫ਼ਾਈ ਦੇ ਪੁਖਤਾ ਪ੍ਰਬੰਧ ਕਰਨ ਅਤੇ ਮੁੱਖ ਚੌਂਕਾਂ ਦੀ ਸਜਾਵਟ ਲਈ ਢੁੱਕਵੇਂ ਕਦਮ ਚੁੱਕੇ ਜਾਣ ਦੀ ਹਦਾਇਤ ਕੀਤੀ।ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਮਾਰੋਹ ਵਾਲੇ ਸਥਾਨ ਤੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਸਮੇਤ ਐਬੂਲੈਂਸ ਦਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਅਤੇ ਖਾਣ ਪੀਣ ਵਾਲੀਆ ਵਸਤਾਂ ਦੀ ਜਾਂਚ ਕਰਨ ਲਈ ਫੂਡ ਚੈਕਿੰਗ ਟੀਮ ਤਾਇਨਾਤ ਕਰਨ ਦੇ ਆਦੇਸ਼ ਦਿੱਤੇ।ਉਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਸਰਕਾਰ ਦੇ ਮਹੱਤਵਪੂਰਨ ਫਲੈਗਸ਼ਿੱਪ ਪ੍ਰੋਗਰਾਮਾਂ ਉਤੇ ਆਧਾਰਿਤ ਝਾਕੀਆਂ ਤਿਆਰ ਕਰਨ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਕਰਵਾਉਣ ਦੀ ਹਦਾਇਤ ਵੀ ਕੀਤੀ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਸਮਾਗਮ ਨੂੰ ਲੈ ਕੇ ਸੋਂਪੀ ਡਿਊਟੀ ਨੂੰ ਤਨਦੇਹੀ ਅਤੇ ਜਿੰਮੇਵਾਰੀ ਨਾਲ ਨਿਭਾਉਣ ਦੇ ਆਦੇਸ਼ ਦਿੱਤੇ।ਉਹਨਾਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਵਿੱਚ ਸਮੂਹ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਸਾਡਾ ਰਾਸ਼ਟਰੀ ਤਿਉਹਾਰ ਹੈ ਅਤੇ ਇਸਨੂੰ ਪੂਰੇ ਚਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।