ਸਰਕਾਰੀ ਸੇਵਾਵਾਂ ਨੂੰ ਸਮੇਂ ਸਿਰ ਨੇਪਰੇ ਨਾ ਚਾੜਨ ਵਾਲੇ ਕਰਮਚਾਰੀਆਂ ਦੀ ਤੈਅ ਹੋਵੇਗੀ ਜਵਾਬਦੇਹੀ : ਡਿਪਟੀ ਕਮਿਸ਼ਨਰ 

  • ਵੱਖ ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ

ਅੰਮ੍ਰਿਤਸਰ, 9 ਸਤੰਬਰ 2024 : ਜਿਲੇ ਦੇ ਵੱਖ ਵੱਖ ਵਿਭਾਗਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ  ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਵਿਭਾਗ ਦੇ ਕੰਮ ਵਿੱਚ ਤੇਜੀ ਲਿਆਉਣ। ਉਨ੍ਹਾਂ ਨੇ ਸਬੰਧਤ ਤਹਿਸੀਲਦਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਮ ਵੇਖਣ ਵਿੱਚ ਆਇਆ ਹੈ ਕਿ ਜਮਾਂਬੰਦੀ ਦੇ ਕੰਮਾਂ ਵਿੱਚ ਲੋਕ ਕਾਫੀ ਖੱਜਲ ਖੁਆਰ ਹੋ ਰਹੇ ਹਨ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਜਮਾਂਬੰਦੀ ਦੇ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ   ਕਿਹਾ ਕਿ ਸੇਵਾ ਕੇਂਦਰਾਂ ਦੀ ਪੈਂਡੈਂਸੀ ਨੂੰ ਹਰ ਹਾਲਤ ਵਿੱਚ ਕਲੀਅਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਹਫਤੇ ਸੇਵਾ ਕੇਂਦਰਾਂ ਦੀ ਪੈਂਡੈਂਸੀ ਦਾ ਜਾਇਜਾ ਲਿਆ ਜਾਵੇਗਾ ਅਤੇ ਪੈਂਡੈਂਸੀ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਨਿਸ਼ਚਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਵੀ ਲੋਕ ਆਪਣਾ ਕੰਮ ਕਰਵਾਉਣ ਲਈ ਸਰਕਾਰੀ ਦਫਤਰਾਂ ਵਿੱਚ ਆਉਂਦੇ ਹਨ, ਉਨ੍ਹਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਕੀਤਾ ਜਾਵੇ। ਸ੍ਰੀ ਥੋਰੀ ਨੇ ਬਲਾਕ ਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕਰਦੇ ਕਿਹਾ ਕਿ ਉਹ ਓ:ਡੀ:ਐਫ ਸਕੀਮ ਅਧੀਨ ਹਰੇਕ ਬਲਾਕ ਵਿੱਚ 20-20 ਪਾਖਾਨੇ ਬਣਾਏ ਜਾਣ। ਇਸ ਮੌਕੇ ਵਧੀਕ  ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ ਸ੍ਰੀਮਤੀ ਪਰਮਜੀਤ ਕੋਰ ਨੇ ਦੱਸਿਆ ਕਿ ਜਿਲੇ ਦੇ 703 ਪਿੰਡਾਂ ਵਿੱਚ ਪਾਖਾਨੇ ਬਣਾਏ ਜਾਣੇ ਹਨ, ਜਿੰਨਾਂ ਵਿੱਚ 57 ਪਾਖਾਨੇ ਬਣ ਕੇ ਤਿਆਰ ਹੋ ਚੁੱਕੇ ਹਨ ਅਤੇ 646 ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਤੁਰੰਤ ਹੀ ਇਹ ਕੰਮ ਪੂਰਾ ਕਰ ਲਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਰਫੇਸੀ ਕੇਸਾਂ ਵਿੱਚ ਮੀਟਿੰਗ ਵਿੱਚ ਹਾਜਰ ਅਧਿਕਾਰੀਆਂ ਅਤੇ ਬੈਂਕ ਅਧਿਕਾਰੀਆਂ ਨੂੰ ਕਿਹਾ ਕਿ ਸਰਫੇਸੀ ਕੇਸਾਂ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਬੈਂਕਾਂ ਨਾਲ ਤਾਲਮੇਲ ਕਰਕੇ ਸਰਫੇਸੀ ਕੇਸਾਂ ਅਧੀਨ ਬਣਦੇ ਕਬਜੇ ਬੈਂਕਾਂ ਨੂੰ ਦਿਵਾਏ ਜਾਣ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ,  ਸਹਾਇਕ ਕਮਿਸ਼ਨਰ ਮੈਡਮ ਸੋਨਮ, ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ,  ਐਸ:ਡੀ:ਐਮ ਅਜਨਾਲਾ, ਸ੍ਰ ਅਰਵਿੰਦਰ ਸਿੰਘ, ਐਸ:ਡੀ:ਐਮ ਬਾਬਾ ਬਾਕਲਾ ਸ੍ਰ ਰਵਿੰਦਰ ਸਿੰਘ ਅਰੋੜਾ, ਐਸ:ਡੀ:ਐਮ ਲੋਪੋਕੇ ਮੈਡਮ ਅਮਨਦੀਪ ਕੂਰ ਘੁੰਮਣ, ਵਧੀਕ  ਮੁੱਖ ਪ੍ਰਸਾਸ਼ਕ ਪੁੱਡਾ ਸ੍ਰੀ ਰਜਤ ਓਬਰਾਏ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।