ਅੰਮ੍ਰਿਤਸਰ, 03 ਅਪ੍ਰੈਲ : ਕਰ ਅਤੇ ਆਬਕਾਰੀ ਵਿਭਾਗ ਦੇ ਅੰਮ੍ਰਿਤਸਰ ਸਥਿਤ ਦਫਤਰ ਨੂੰ ਡਿਪਟੀ ਕਮਿਸ਼ਨਰ ਦਫਤਰ ਵਿਚ ਤਬਦੀਲ ਕਰਨ ਲਈ ਦੂਸਰੀ ਮੰਜਿਲ ਉਤੇ ਕਮਰੇ ਅਲਾਟ ਕਰ ਦਿੱਤੇ ਗਏ ਹਨ ਅਤੇ ਛੇਤੀ ਹੀ ਇਹ ਦਫਤਰ ਇੱਥੇ ਤਬਦੀਲ ਹੋ ਜਾਣਾ ਚਾਹੀਦਾ ਹੈ। ਉਕਤ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਕਰ ਤੇ ਆਬਕਾਰੀ ਦਫਤਰ ਲਈ ਬਣ ਰਹੀ ਇਮਾਰਤ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਵਿਚ ਨਾ ਤਾਂ ਦੇਰੀ ਹੋਵੇ ਅਤੇ ਨਾ ਹੀ ਕੰਮ ਦੀ ਗੁਣਵੱਤਾ ਵਿਚ ਕੋਈ ਕਮੀ ਰਹੇ। ਸ. ਹਰਭਜਨ ਸਿੰਘ ਨੇ ਕਿਹਾ ਕਿ ਇੰਨਾ ਵਿਭਾਗਾਂ ਦੇ ਦਫਤਰ ਸ਼ਹਿਰ ਵਿਚ ਦੋ ਵੱਖ-ਵੱਖ ਥਾਵਾਂ ਉਤੇ ਕਿਰਾਏ ਦੀਆਂ ਇਮਾਰਤਾਂ ਵਿਚ ਕੰਮ ਕਰ ਰਹੇ ਹਨ, ਜਿੰਨਾ ਦਾ ਸਰਕਾਰੀ ਖਜ਼ਾਨੇ ਵਿਚੋਂ ਕਰੀਬ 2 ਲੱਖ ਰੁਪਏ ਪ੍ਰਤੀ ਮਹੀਨਾ ਕਿਰਾਇਆ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਕਤ ਸਥਾਨਾਂ ਦੀਆਂ ਇਮਾਰਤਾਂ ਵੀ ਜ਼ਰ-ਜਰ ਹੋ ਚੁੱਕੀਆਂ ਹਨ ਅਤੇ ਲੋਕਾਂ ਨੂੰ ਆਪਣੇ ਕੰਮਾਂ ਲਈ ਵੱਖ-ਵੱਖ ਦਫਤਰਾਂ ਦੇ ਚੱਕਰ ਮਾਰਨੇ ਪੈ ਰਹੇ ਹਨ। ਇਸ ਲਈ ਇਨਾ ਦਫਤਰਾਂ ਨੂੰ ਛੇਤੀ ਤਿਆਰ ਕੀਤਾ ਜਾਵੇ। ਉਨਾਂ ਦੱਸਿਆ ਕਿ ਸਰਕਾਰ ਨੇ ਇਸ ਕੰਮ ਲਈ ਕਰੀਬ 5 ਕਰੋੜ ਰੁਪਏ ਦੀ ਰਕਮ ਜਾਰੀ ਕਰ ਦਿੱਤੀ ਹੈ ਅਤੇ ਤੁਸੀਂ ਛੇਤੀ ਕੰਮ ਕਰਕੇ ਇੰਨਾ ਦਫਤਰਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਤਬਦੀਲ ਕਰੋ। ਇਸ ਉਪਰੰਤ ਪੀ:ਡਬਲਿਯੂ:ਡੀ ਮੰਤਰੀ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਤੁਰੰਤ ਨੈਸ਼ਨਲ ਹਾਈਵੇ ਤੇ ਚੱਲ ਰਹੇ ਕੰਮਾਂ ਨੂੰ ਮੁਕੰਮਲ ਕਰਨ ਤਾਂ ਜੋ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕ ਕਿਨਾਰੇ ਮਲਬੇ ਨੂੰ ਤੁਰੰਤ ਹਟਾਇਆ ਜਾਵੇ ਕਿਉਂਕਿ ਇਸ ਨਾਲ ਦੁਰਘਟਨਾਵਾਂ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ।ਇਸ ਮੌਕੇ ਉਨਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਨਾਲ ਹਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਐਕਸੀਅਨ ਦਿਆਲ ਸ਼ਰਮਾ, ਏ ਈ ਟੀ ਸੀ ਸ੍ਰੀਮਤੀ ਸੁਪਨੰਦਨ ਅਤੇ ਹੋਰ ਅਧਿਕਾਰੀ ਵੀ ਹਾਜਰ ਸਨ।