ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਇਸਦੀ ਸਾਂਭ ਸੰਭਾਲ ਅਤੇ ਪ੍ਰਬੰਧਨ ਦੀ ਸੁਚੱਜੀ ਵਿਧੀ ਅਪਣਾਉਣ ਲਈ ਕਿਸਾਨਾਂ ਦੇ ਸਹਿਯੋਗ ਦੀ ਬਹੁਤ ਜਰੂਰਤ : ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ 

ਬਟਾਲਾ, 16 ਸਤੰਬਰ : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਵਿੱਢੀ ਮੁਹਿੰਮ ਦੀ ਗੱਲ ਕਰਦਿਆਂ ਜਸਪ੍ਰਜੀਤ ਸਿੰਘ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਦਾਸਪੁਰ ਨੇ ਦੱਸਿਆ ਕਿ ਸਹਿਕਾਰੀ ਖੇਤੀਬਾੜੀ ਸਭਾਵਾਂ ਦੇ ਮੈਂਬਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵਲੋ ਕਿਸਾਨਾਂ ਦੀ ਮਦਦ ਲਈ ਰਵਾਇਤੀ ਦਰਾਂ ਤੇ ਸਰਫੇਸ ਸੀਡਰ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਫ਼ਸਲਾਂ ਦੀ ਰਹਿੰਦ ਖੂਹੰਦ ਨੂੰ ਜ਼ਮੀਨ ਵਿੱਚ ਹੀ ਸੰਭਾਲ ਕੇ ਅਤੇ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਜ਼ਿਲ੍ਹੇ ਦੀ ਹਰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਇਹ ਯਕੀਨੀ ਬਣਾਉਣਗੀਆਂ ਕਿ ਸੀਆਰਐਮ (crop residue management) ਮਸ਼ੀਨਰੀ ਦੀ ਵਿਆਪਕ ਵਰਤੋਂ ਕੀਤੀ ਜਾਵੇ। ਉਨਾਂ ਕਿਹਾ ਕਿ ਅਧਿਕਾਰੀਆਂ ਵੱਲੋਂ ਵੱਖ-ਵੱਖ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਪਰਾਲੀ ਦੀ ਸੁਚੱਜੀ ਵਰਤੋਂ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਪਰਾਲੀ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਤਾਂ ਦੂਸ਼ਿਤ ਹੁੰਦਾ ਹੀ ਹੈ, ਨਾਲ ਜ਼ਮੀਨ ਦੇ ਜ਼ਰੂਰੀ ਤੱਤ ਵੀ ਨਸ਼ਟ ਹੁੰਦੇ ਹਨ। ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਦਾਸਪੁਰ ਨੇ ਅੱਗੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਇਸਦੀ ਸਾਂਭ ਸੰਭਾਲ ਅਤੇ ਪ੍ਰਬੰਧਨ ਲਈ ਸੁਚੱਜੀ ਵਿਧੀ ਅਪਣਾਉਣ ਲਈ ਸਹਿਕਾਰਤਾ ਵਿਭਾਗ ਗੁਰਦਾਸਪੁਰ ਵਲੋ ਇਸ ਕਾਰਜ ਨੂੰ ਸਫਲ ਬਣਾਉਣ ਲਈ ਕਿਸਾਨਾਂ ਦੇ ਸਹਿਯੋਗ ਦੀ ਬਹੁਤ ਜਰੂਰਤ ਹੈ ਤਾ ਜੋ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਿਆ ਜਾ ਸਕੇ।