ਅੰਮ੍ਰਿਤਸਰ, 6 ਅਪ੍ਰੈਲ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 12 ਤੋਂ 15 ਅਪ੍ਰੈਲ ਤੱਕ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਗੁਰਮਤਿ ਸਮਾਗਮਾਂ ਦਾ ਐਲਾਨ ਕੀਤਾ ਹੈ। ਇਸ ਨਾਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੀ ਅਪੀਲ ਅਨੁਸਾਰ ਵਿਸਾਖੀ ’ਤੇ ਸਰਬੱਤ ਖਾਲਸਾ ਸੱਦਣ ਦੀ ਸੰਭਾਵਨਾ ਖਤਮ ਹੋ ਗਈ ਹੈ। ਜਥੇਦਾਰ ਨੇ ਸੰਗਤਾਂ ਨੂੰ ਗੁਰਮਤਿ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਜ਼ਿਕਰਯੋਗ ਹੈ ਕਿ ਜਥੇਦਾਰ ਨੇ ਭਲਕੇ 7 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਹੀ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਚਰਚਾ ਲਈ ਪ੍ਰੋਗਰਾਮ ਰੱਖਿਆ ਹੈ, ਜਿਸ ਵਿਚ ਪੱਤਰਕਾਰਾਂ ਨੂੰ ਸੱਦਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਅੰਮ੍ਰਿਤਪਾਲ ਮਾਮਲੇ ਵਿਚ ਜਿਹੜੇ ਪੱਤਰਕਾਰਾਂ ਅਤੇ ਚੈਨਲਾਂ ਨੇ ਨਿਰਦੋਸ਼ ਸਿੱਖਾਂ ਦੇ ਹੱਕ ਵਿਚ ਆਵਾਜ਼ ਚੁੱਕੀ ਸੀ, ਪੰਜਾਬ ਸਰਕਾਰ ਨੇ ਉਹਨਾਂ ਦੀ ਆਵਾਜ਼ ਕਾਰਵਾਈ ਕਰ ਕੇ ਬੰਦ ਕਰ ਦਿੱਤੀ ਹੈ। ਇਸੇ ਲਈ ਹੁਣ ਮੀਟਿੰਗ ਵਿਚ ਕੌਮੀ ਹਿੱਤਾਂ ਦੀ ਪਹਿਰੇਦਾਰੀ ਵਾਸਤੇ ਸਿੱਖ ਮੀਡੀਆ ਦਾ ਯੋਗਦਾਨ, ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ, ਸਿੱਖ ਮੀਡੀਆ ਨੂੰ ਚੁਣੋਤੀਆਂ ਅਤੇ ਭਵਿੱਖ ਦੀ ਰਣਨੀਤੀ ਦੇ ਵਿਸ਼ੇ ’ਤੇ ਚਰਚਾ ਕੀਤੀ ਜਾਵੇਗੀ।