ਗੁਰਬਾਣੀ ਪ੍ਰਸਾਰਣ ਮੁੱਦਾ, ਐਸਜੀਪੀਸੀ ਪ੍ਰਧਾਨ ਦੀ ਮੁੱਖ ਮੰਤਰੀ ਮਾਨ ਨੂੰ ਤਾੜਨਾ, "ਸਿੱਖਾਂ ਦੇ ਧਾਰਮਿਕ ਮਾਮਲਿਆਂ ਨੂੰ ਉਲਝਾਉਣ ਦੀ ਕੋਸ਼ਿਸ਼ ਨਾ ਕਰੋ"

ਅੰਮ੍ਰਿਤਸਰ, 18 ਜੂਨ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵਿੱਟਰ 'ਤੇ ਟਵੀਟ ਕਰਦਿਆਂ ਕਿਹਾ ਗਿਆ ਸੀ ਕੇ, "ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਬ ਜੀ ਤੋਂ ਗੁਰਬਾਣੀ ਦਾ ਪ੍ਰਸਾਰਣ ਸਭ ਲਈ ਮੁਫਤ ਹੋਵੇਗਾ ...no tender required..ਕੈਬਨਿਟ ਚ ..20 ਜੂਨ ਨੂੰ ਵਿਧਾਨ ਸਭਾ ਚ ਮਤਾ ਆਵੇਗਾ..." ਜਿਸ ਦੇ ਜਵਾਬ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਟਵੀਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਾੜਨਾ ਕੀਤੀ ਹੈ ਕੇ 'ਸਿੱਖਾਂ ਦੇ ਧਾਰਮਿਕ ਮਾਮਲਿਆਂ ਨੂੰ ਉਲਝਾਉਣ ਦੀ ਕੋਸ਼ਿਸ਼ ਨਾ ਕਰੋ।' ਐਸਜੀਪੀਸੀ ਪ੍ਰਧਾਨ ਨੇ ਟਵੀਟ ਕਰਦਿਆਂ ਕਿਹਾ ਕਿ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ, ਸਿੱਖਾਂ ਦੇ ਧਾਰਮਿਕ ਮਾਮਲਿਆਂ ਨੂੰ ਉਲਝਾਉਣ ਦੀ ਕੋਸ਼ਿਸ਼ ਨਾ ਕਰੋ। ਸਿੱਖੀ ਦੇ ਮਾਮਲੇ ਸੰਗਤ ਦੀ ਭਾਵਨਾਵਾਂ ਤੇ ਸਰੋਕਾਰਾਂ ਨਾਲ ਸਬੰਧਤ ਹਨ, ਜਿਨ੍ਹਾਂ 'ਚ ਸਰਕਾਰਾਂ ਨੂੰ ਸਿੱਧੇ ਤੌਰ 'ਤੇ ਦਖ਼ਲ ਕਰਨ ਦਾ ਕੋਈ ਹੱਕ ਨਹੀਂ। ਤੁਸੀਂ ਸਿੱਖ ਗੁਰਦੁਆਰਾ ਐਕਟ 1925 'ਚ ਸੋਧ ਕਰਕੇ ਨਵੀਂ ਧਾਰਾ ਜੋੜਨ ਦੀ ਗੱਲ ਕਰ ਰਹੇ ਹੋ, ਜਿਸ ਦੀ ਪ੍ਰਕਿਰਿਆ ਬਾਰੇ ਤੁਹਾਨੂੰ ਜਾਣਕਾਰੀ ਨਹੀਂ। ਇਹ ਕਾਰਜ ਸਿੱਖ ਸੰਗਤ ਵੱਲੋਂ ਚੁਣੀ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ਾਂ ਨਾਲ ਭਾਰਤ ਸਰਕਾਰ ਸੰਸਦ ਵਿੱਚ ਹੀ ਕਰ ਸਕਦੀ ਹੈ। ਪੰਜਾਬ ਸਰਕਾਰ ਨੂੰ ਇਸ ਐਕਟ ਵਿੱਚ ਸੋਧ ਕਰਨ ਦਾ ਕੋਈ ਅਧਿਕਾਰ ਨਹੀਂ। ਆਪਣੇ ਸਿਆਸੀ ਹਿੱਤਾਂ ਲਈ ਕੌਮ ਨੂੰ ਦੁਵਿਧਾ ਵਿੱਚ ਪਾਉਣ ਤੋਂ ਬਾਜ ਆਓ। ਗੁਰਬਾਣੀ ਪ੍ਰਸਾਰਣ ਆਮ ਪ੍ਰਸਾਰਣ ਨਹੀਂ, ਇਸ ਦੀ ਪਵਿੱਤਰਤਾ ਤੇ ਮਰਯਾਦਾ ਨੂੰ ਨਜ਼ਰਅੰਦਾਜ ਨਹੀਂ ਕੀਤਾ ਜਾ ਸਕਦਾ।"

02