ਹੜਾਂ ਨੂੰ ਮੁੱਖ ਰੱਖਦਿਆਂ ਦਰਿਆਵਾਂ ਦੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਸਿਹਤ ਵਿਭਾਗ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆ ਹਨ ਲੋੜੀਂਦੀਆਂ ਸਿਹਤ ਸੇਵਾਵਾਂ

ਤਰਨ ਤਾਰਨ, 12 ਜੁਲਾਈ : ਜ਼ਿਲਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਹਤ ਵਿਭਾਗ ਤਰਨ ਤਾਰਨ ਵੱਲੋਂ ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਹੜਾਂ ਨੂੰ ਮੁੱਖ ਰੱਖਦਿਆਂ ਦਰਿਆਵਾਂ ਦੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਸਿਹਤ ਵਿਭਾਗ ਵੱਲੋਂ ਲੋੜੀਂਦੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆ ਹਨ।ਸਿਹਤ ਅਤੇ ਪਰਿਵਾਰ ਵਿਭਾਗ ਵੱਲੋਂ ਅਜਿਹੇ ਪਿੰਡਾਂ ਦੇ ਵਸਨੀਕਾਂ ਲਈ ਵੱਖ ਵੱਖ ਮੈਡੀਕਲ ਰਿਸਪਾਂਸ ਟੀਮ ਗਠਿਤ ਕੀਤੀਆਂ ਗਈਆਂ ਹਨ, ਜਿਨਾਂ ਵੱਲੋਂ ਪਿੰਡਾਂ ਦੇ ਵਿੱਚ ਮੈਡੀਕਲ ਕੈਂਪ ਲਗਾਉਣ ਦੇ ਨਾਲ ਨਾਲ ਐਮਰਜੈਂਸੀ ਮੈਡੀਕਲ ਸੇਵਾਵਾਂ ਦੇ ਪ੍ਰਬੰਧ ਕੀਤੇ ਗਏ ਹਨ। ਪੰਜਾਬ ਸਰਕਾਰ ਦੀ ਹਦਾਇਤਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਬਲਾਕ ਘਰਿਆਲਾ, ਖੇਮਕਰਨ, ਸਰਹਾਲੀ, ਮੀਆਂਵਿੰਡ, ਖਡੂਰ ਸਾਹਿਬ ਦੇ ਪਿੰਡਾਂ ਦੇ ਵਿੱਚ ਸਿਹਤ ਸਹੂਲਤਾਂ ਨੂੰ ਸੁਚੱਜੇ ਢੰਗ ਨਾਲ ਕਾਇਮ ਰੱਖਿਆ ਹੈ। ਇਸ ਮੌਕੇ ਮੈਡੀਕਲ ਰਿਸਪਾਂਸ ਟੀਮਾਂ ਤੋਂ ਇਲਾਵਾ ਫੀਲਡ ਸਟਾਫ ਵੱਲੋਂ ਵੀ ਲੋਕਾਂ ਦੀ ਸੁਰੱਖਿਆ ਲਈ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਸਿਵਲ ਸਰਜਨ, ਡਾ.ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਮੌਜੂਦਾ ਪਰਿਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਕਰਮੀਆਂ ਨੂੰ ਹਰ ਵੇਲੇ ਚੌਕਸ ਰਹਿਣ ਦੀ ਹਦਾਇਤੀ ਕੀਤੀ ਗਈ ਹੈ ਅਤੇ ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਤੇ ਰਾਹਤ ਕੇਂਦਰਾਂ ਵਿੱਚ ਮੈਡੀਕਲ ਟੀਮਾਂ ਵੱਲੋਂ ਆਪਣੀਆਂ ਸੇਵਾਵਾਂ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਡਾ. ਰਾਏ ਨੇ ਕਿਹਾ ਕਿ ਅਜਿਹੇ ਸਮੇਂ ਦੌਰਾਨ ਹਰ ਇਕ ਵਿਅਕਤੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਜਾਰੀ ਸੁਝਾਵਾਂ ਦਾ ਪਹਿਲ ਦੇ ਅਧਾਰ ਪਾਲਣ ਕਰੇ। ਉਨਾਂ ਕਿਹਾ ਕਿ ਅਜਿਹੇ ਸਮੇਂ ਦੇ ਵਿੱਚ ਜੇਕਰ ਕਿਸੇ ਵਿਅਕਤੀ ਨੂੰ ਬੁਖਾਰ ਜਾਂ ਫਿਰ ਦਸਤ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਤੁਰੰਤ ਨਜ਼ਦੀਕੀ ਮੈਡੀਕਲ ਕੈਂਪ ਜਾਂ ਫਿਰ ਸਰਕਾਰੀ ਸਿਹਤ ਸੰਸਥਾ ਨਾਲ ਸਪੰਰਕ ਕਰੇ ਅਤੇ ਕਿਸੇ ਤਰਾਂ੍ਹ ਦਾ ਖੁਦ ਇਲਾਜ ਨਾ ਕੀਤਾ ਜਾਵੇ। ਉਨਾਂ ਕਿਹਾ ਕਿ ਕਿ ਹੜ ਵਰਗੀ ਪਰਿਸਥਿਤੀ ਦੌਰਾਨ ਦੂਸ਼ਿਤ ਪਾਣੀ ਅਤੇ ਕੀੜਿਆਂ ਦੇ ਕੱੱਟਣ ਨਾਲ ਆਮ ਤੌਰ ‘ਤੇ ਬੈਕਟੀਰੀਅਲ ਇਨਫੈਕਸ਼ਨ ਹੋਣ ਅਤੇ ਚਮੜੀ ਰੋਗ ਹੋਣ ਦਾ ਖਦਸ਼ਾਂ ਬਣਿਆ ਰਹਿੰਦਾ ਹੈ ਅਤੇ ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਪੂਰੀਆਂ ਬਾਗਾਂ ਵਾਲੇ ਕੱਪੜੇ ਪਾਏ ਜਾਣ ਅਤੇ ਰਬੜ ਦੇ ਬੂਟਾਂ ਦੀ ਵਰਤੋਂ ਕੀਤੀ ਜਾਵੇ। ਡਾ.ਰਾਏ ਨੇ ਕਿਹਾ ਕਿ ਅੀਜਹੇ ਸਮੇਂ ਦੌਰਾਨ ਸੱਪਾਂ ਦੇ ਕੱਟਣ ਦੀਆਂ ਘਟਨਾਵਾਂ ਦਾ ਵੀ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆ ਪਾਣੀ ਵਿੱਚ ਨਾ ਜਾਓ। ਉਨਾਂ ਕਿਹਾ ਕਿ ਸਿਰਫ ਸਾਫ ਪਾਣੀ ਦੀ ਵਰਤੋਂ ਕੀਤੀ ਜਾਵੇ ਅਤੇ ਪੀਣ ਵਾਲੇ ਪਾਣੀ ਨੂੰ ਉਬਾਲ ਕੇ ਠੰਡਾ ਕਰਕੇ ਵਰਤਿਆ ਜਾਵੇ।ਡਾ. ਰਾਏ ਨੇ ਕਿਹਾ ਕਿ ਸਿਹਤ ਵਿਭਾਗ ਮੌਜੂਦਾ ਸਥਿਤੀ ਨੂੰ ਨਜਿੱਠਣ ਦੇ ਨਾਲ ਨਾਲ ਆਮ ਨਾਗਰਿਕਾਂ ਦੀ ਸੇਵਾ ਦੇ ਵਿੱਚ ਤੱਤਪਰ ਹੈ।