- ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ - ਰਮਨ ਬਹਿਲ
ਗੁਰਦਾਸਪੁਰ, 4 ਮਾਰਚ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਪਿੰਡ ਹਯਾਤ ਨਗਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ, ਸ੍ਰੀ ਕੇਸ਼ੋ ਬਹਿਲ, ਧਰੁਵ ਬਹਿਲ, ਬੀ.ਡੀ.ਪੀ.ਓ. ਪ੍ਰਗਟ ਸਿੰਘ, ਸ. ਮੁਖਦੇਵ ਸਿੰਘ ਆਲੋਵਾਲ ਪ੍ਰਧਾਨ ਕਿਸਾਨ ਵਿੰਗ, ਰਿਟਾਇਰਡ ਪ੍ਰਿੰਸੀਪਲ ਕੁਲਦੀਪ ਸਿੰਘ, ਜਸਵਿੰਦਰ ਪਾਲ ਸਿੰਘ, ਪੀਟਰ ਮੱਟੂ, ਓਂਕਾਰ ਸਿੰਘ ਨਾਗੀ, ਸੈਮ ਗਿੱਲ ਪੀਰਾਂ ਬਾਗ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਵੀ ਮੌਜੂਦ ਸਨ। ਪਿੰਡ ਹਯਾਤ ਨਗਰ ਵਿੱਚ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਅਤੇ ਸੀਵਰੇਜ ਦਾ ਉਦਘਾਟਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਹਯਾਤ ਨਗਰ ਵਿੱਚ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਕਾਸ ਕਾਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ ਪਿੰਡ ਹਯਾਤ ਨਗਰ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਵੀ ਕੀਤਾ ਗਿਆ ਹੈ, ਜਿਸ ਨਾਲ ਪਿੰਡ ਵਾਸੀਆਂ ਨੂੰ ਹੁਣ ਪਿੰਡ ਵਿਚ ਹੀ ਮਿਆਰੀ ਸਿਹਤ ਸੇਵਾਵਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਕ੍ਰਾਂਤੀ ਤਹਿਤ ਹੁਣ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਇਹ ਕਲੀਨਿਕ ਉਨ੍ਹਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਆਪਣੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿੱਚ ਸੂਬੇ ਦਾ ਰਿਕਾਰਡ ਵਿਕਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਹੂਲਤ ਮਿਲਣ ਨਾਲ 90 ਫ਼ੀਸਦੀ ਤੋਂ ਵੱਧ ਘਰਾਂ ਦਾ ਜ਼ੀਰੋ ਬਿੱਲ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਵੀ ਰਾਜ ਸਰਕਾਰ ਨੇ ਸਕੂਲ ਆਫ਼ ਐਂਮੀਨੈਂਸ ਖੋਲ੍ਹਣ ਦੇ ਨਾਲ ਸਾਰੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਵੀ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣੇਗਾ।