ਮਹਾਰਾਸ਼ਟਰ 'ਚ ਵਾਪਰੀ ਘਟਨਾ ਚਿੰਤਾਜਨਕ, ਨਹੀਂ ਰੁਕ ਰਹੇ ਘੱਟ ਗਿਣਤੀਆਂ 'ਤੇ ਅੱਤਿਆਚਾਰ : ਗਿਆਨੀ ਹਰਪ੍ਰੀਤ ਸਿੰਘ 

ਅੰਮ੍ਰਿਤਸਰ, 31 ਮਈ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਮਹਾਰਾਸ਼ਟਰ ਵਿਚ ਸਿੱਖ ਬੱਚਿਆਂ ਨੂੰ ਭੀੜ ਵੱਲੋਂ ਬਹੁਤ ਬੇਰਹਿਮੀ ਨਾਲ ਕੁੱਟਿਆ ਜਾਂਦਾ ਹੈ ਤੇ ਇਕ ਬੱਚੇ ਦੀ ਮੌਤ ਹੋ ਜਾਂਦੀ ਹੈ ਤੇ ਦੂਜਾ ਗੰਭੀਰ ਜ਼ਖ਼ਮੀ ਹੈ ਜੋ ਹਸਪਤਾਲ ਦਾਖਲ ਹੈ। ਉਹਨਾਂ ਕਿਹਾ ਕਿ ਭਾਰਤ ਵਿਚ ਘੱਟ ਗਿਣਤੀਆਂ ’ਤੇ ਇਹ ਹਮਲੇ ਬਹੁਤ ਚਿੰਤਾਜਨਕ ਹਨ। ਉਹਨਾਂ ਕਿਹਾ ਕਿ ਜਿਹੜੀ ਨਾਂਦੇੜ ਸਾਹਿਬ ਤੋਂ ਜਾਣਕਾਰੀ ਪ੍ਰਾਪਤ ਹੋਈ ਹੈ, ਉਸ ਮੁਤਾਬਕ ਇਹ ਬੱਚੇ ਸੂਰ ਪਾਲਣ ਦਾ ਕੰਮ ਕਰਦੇ ਹਨ। ਇਸ ਇਲਾਕੇ ਵਿਚ ਬਹੁਤ ਸਾਰੇ ਸਿੱਖ ਪਰਿਵਾਰ ਸੂਰ ਪਾਲਣ ਦਾ ਕੰਮ ਕਰਦੇ ਹਨ। ਸੂਰ ਕਿਸੇ ਪਿੰਡ ਵਿਚ ਚਲੇ ਜਾਂਦੇ ਹਨ ਅਤੇ ਪਿੰਡ ਦੇ ਮੁਸਲਮਾਨ ਭਾਈਚਾਰੇ ਦੇ ਲੋਕ ਜਿਹੜੇ ਸੂਰ ਨੂੰ ਚੰਗਾ ਨਹੀਂ ਸਮਝਦੇ, ਉਥੋਂ ਹੀ ਤਕਰਾਰ ਬਾਜ਼ੀ ਸ਼ੁਰੂ ਹੋਈ ਜਿਸ ਦੌਰਾਨ ਮੁਸਲਿਮ ਭਾਈਚਾਰੇ ਦੇ ਮੈਂਬਰਾਂ ਨੇ ਇਹਨਾਂ ਬੱਚਿਆਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ। ਉਹਨਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਘੱਟ ਗਿਣਤੀ ਭਾਈਚਾਰੇ ਖਾਸ ਤੌਰ ’ਤੇ ਸਿੱਖ ਜੋ ਕੁੱਲ ਆਬਾਦੀ ਦਾ ਸਿਰਫ 2 ਫੀਸਦੀ ਹਨ । ਉਹਨਾਂ ਕਿਹਾ ਕਿ ਘੱਟ ਗਿਣਤੀਆਂ ਦੇ ਹੱਕਾਂ ਤੇ ਜਾਨ ਮਾਲ ਦੀ ਰਾਖੀ ਸਰਕਾਰ ਦਾ ਫਰਜ਼ ਹੈ। ਉਹਨਾਂ ਮਹਾਰਾਸ਼ਟਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਜਿਹੜੇ ਲੋਕਾਂ ਨੇ ਬੱਚੇ ਨੂੰ ਬੇਰਹਿਮੀ ਨਾਲ ਕੁੱਟ ਮਾਰ ਕਰ ਕੇ ਕਤਲ ਕੀਤਾ, ਉਹਨਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਹਨਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਤੁਰੰਤ ਇਕ ਵਫਦ ਭੇਜੇ ਅਤੇ ਪੀੜਤ ਪਰਿਵਾਰਾਂ ਦੀ ਮਦਦ ਕਰੇ। ਉਹਨਾਂ ਫਿਰ ਦੁਹਰਾਇਆ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ।