ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ `ਤੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ, ਮਲੇਰੀਆ ਤੋਂ ਬਚਾਅ ਲਈ ਕੀਤੀ ਜਾ ਰਹੀ ਹੈ ਫੌਗਿੰਗ ਤੇ ਸਪਰੇਅ

  • ਫੌਗਿੰਗ ਕਰਵਾਉਣ ਜਾਂ ਕਿਸੇ ਵੀ ਫੀਡਬੈਕ ਲਈ ਸਬੰਧਤ ਨਗਰ ਕੌਂਸਲ, ਨਗਰ ਨਿਗਮ ਦੇ ਦਫ਼ਤਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਸੋਸ਼ਲ ਮੀਡੀਆ ਹੈਂਡਲਜ਼ ਉੱਪਰ ਕੀਤਾ ਜਾ ਸਕਦਾ ਹੈ ਸੰਪਰਕ

ਗੁਰਦਾਸਪੁਰ, 29 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਸਮੂਹ ਨਗਰ ਕੌਂਸਲਾਂ ਅਤੇ ਨਗਰ ਨਿਗਮ ਬਟਾਲਾ ਦੀਆਂ ਟੀਮਾਂ ਵੱਲੋਂ ਫੌਗਿੰਗ ਅਤੇ ਸਪਰੇਅ ਕਰਨ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਸ਼ਹਿਰੀ ਖੇਤਰਾਂ ਵਿੱਚ ਫੌਗਿੰਗ ਦੀਆਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਰੋਜ਼ਾਨਾ ਹਰ ਵਾਰਡ ਵਾਈਜ਼ ਫੌਗਿੰਗ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਵਿਸ਼ੇਸ਼ ਸਾਵਧਾਨੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਪਿੰਡਾਂ-ਸ਼ਹਿਰਾਂ ਵਿੱਚ ਫੌਗਿੰਗ ਤੇ ਮੱਛਰ ਮਾਰਨ ਵਾਲੀ ਦਵਾਈ ਦੀ ਸਪਰੇਅ ਕੀਤੀ ਜਾ ਰਹੀ ਹੈ ਓਥੇ ਨਾਲ ਹੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸ਼ਹਿਰਾਂ ਵਿੱਚ ਮੱਛਰਾਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਨਗਰ ਨਿਗਮ ਬਟਾਲਾ ਵੱਲੋਂ ਵਾਰਡ ਵਾਈਜ ਪਲਾਨ ਬਣਾ ਕੇ ਰੋਜ਼ਾਨਾਂ ਫੌਗਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਬਟਾਲਾ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਵੱਲੋਂ ਇਸਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜੇਕਰ ਸ਼ਹਿਰ ਦੇ ਕਿਸੇ ਵੀ ਖੇਤਰ ਵਿੱਚ ਫੌਗਿੰਗ ਕਰਨ ਵਾਲੀ ਟੀਮ ਨਹੀਂ ਪਹੁੰਚੀ ਜਾਂ ਕਿਤੇ ਦੁਬਾਰਾ ਵੀ ਫੌਗਿੰਗ ਦੀ ਲੋੜ ਹੈ ਤਾਂ ਉਹ ਸਬੰਧਤ ਨਗਰ ਕੌਂਸਲ, ਨਗਰ ਨਿਗਮ ਦੇ ਦਫ਼ਤਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਸੋਸਲ ਮੀਡੀਆ ਹੈਂਡਲਜ਼ (dc gurdaspur facebook page) ਉੱਪਰ ਵੀ ਸੰਪਰਕ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਇਸਦੇ ਨਾਲ ਹੀ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਆਲੇ-ਦੁਆਲੇ ਦੇ ਪਾਣੀ ਨਾ ਖੜ੍ਹਾ ਹੋਣ ਦੇਣ ਅਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ। ਆਪਣੇ ਘਰਾਂ ਦੀਆਂ ਛੱਤਾਂ `ਤੇ ਪਏ ਪੁਰਾਣੇ ਟਾਇਰਾਂ, ਕਬਾੜ ਦਾ ਸਮਾਨ, ਗਮਲਿਆਂ, ਕੂਲਰਾਂ ਅਤੇ ਫਰਿਜ਼ਾਂ ਵਿਚਲੇ ਪਾਣੀ ਨੂੰ ਸਾਫ਼ ਕਰਨ ਤਾਂ ਜੋ ਓਥੇ ਮੱਛਰ ਪੈਦਾ ਨਾ ਹੋ ਸਕਣ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਸਦਕਾ ਅਸੀਂ ਡੇਂਗੂ, ਮਲੇਰੀਆ ਵਰਗੀਆਂ ਬਿਮਾਰੀਆਂ ਨੂੰ ਰੋਕਣ ਵਿੱਚ ਅਸਾਨੀ ਨਾਲ ਕਾਮਯਾਬ ਹੋ ਸਕਦੇ ਹਾਂ।