ਪਾਕਿਸਤਾਨ 'ਚ ਸਿੱਖਾਂ ਨੂੰ ਵੱਖਰੀ ਕੌਮ ਦਾ ਦਰਜਾ ਮਿਲਣਾ ਖੁਸ਼ੀ ਦੀ ਗੱਲ ਹੈ : ਪ੍ਰਧਾਨ ਧਾਮੀ

ਸ੍ਰੀ ਅੰਮ੍ਰਿਤਸਰ ਸਾਹਿਬ : ਪਾਕਿਸਤਾਨ ’ਚ ਮਰਦਮਸ਼ੁਮਾਰੀ ਦੇ ਫਾਰਮ ਵਿੱਚ ਸਿੱਖਾਂ ਨੂੰ ਵੱਖੀ ਕੌਮ ਦਾ ਦਰਜਾ ਦੇਣ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਾਰਜ ਲਈ ਯਤਨ ਕਰਨ ਵਾਲਿਆਂ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਲੰਮੇ ਅਰਸੇ ਬਾਅਦ ਮਾਨਤਾ ਮਿਲਣਾ ਪੂਰੀ ਕੌਮ ਲਈ ਖੁਸ਼ੀ ਦੀ ਗੱਲ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਨਾਲ ਪਾਕਿਸਤਾਨ ਵੱਸਦੇ ਸਿੱਖਾਂ ਦੇ ਮੁੱਢਲੇ ਅਧਿਕਾਰਾਂ ਅਤੇ ਵੱਖ-ਵੱਖ ਥਾਵਾਂ ’ਤੇ ਪ੍ਰਤੀਨਿਧਤਾ ਲਈ ਫਾਇਦਾ ਮਿਲੇਗਾ ਅਤੇ ਦੇਸ਼ ਅੰਦਰ ਸਿੱਖਾਂ ਦੇ ਸਹੀ ਅੰਕੜੇ ਬਾਰੇ ਵੀ ਸਪੱਸ਼ਟਤਾ ਬਣੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੂਰੀ ਦੁਨੀਆਂ ਵਿਚ ਸਿੱਖਾਂ ਨੇ ਆਪਣੀ ਵੱਖਰੀ ਪਛਾਣ ਨਾਲ ਵੱਡੇ ਮੁਕਾਮ ਹਾਸਿਲ ਕੀਤੇ ਹਨ ਅਤੇ ਸਿੱਖਾਂ ਨੂੰ ਉਨ੍ਹਾਂ ਦੀ ਪਛਾਣ ਸਹਿਤ ਹਰ ਦੇਸ਼ ਨੂੰ ਪ੍ਰਵਾਨ ਕਰਨਾ ਜ਼ਰੂਰੀ ਹੈ।