ਪੁਲਿਸ ਦੇ ਸਾਂਝ ਸਟਾਫ ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ

  • ਪੁਲਿਸ ਹੈਲਪ ਲਾਈਨ 112 ਅਤੇ ਨੈਸ਼ਨਲ ਹਾਈਵੇ ਦੇ ਹੈਲਪ ਲਾਈਨ ਨੰਬਰ 1033 ਬਾਰੇ ਵੀ ਜਾਣਕਾਰੀ ਦਿੱਤੀ

ਬਟਾਲਾ, 26 ਜੁਲਾਈ 2024 : ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਘੱਟ ਉਮਰ ਦੇ ਡਰਾਈਵਿੰਗ ਵਿਰੁੱਧ ਨਵੇਂ ਕਾਨੂੰਨ ਅਤੇ ਸੁਰੱਖਿਅਤ ਡਰਾਈਵਿੰਗ ਆਦਤਾਂ ਨੂੰ ਉਤਸ਼ਾਹਿਤ ਕਰਨ ਲਈ ਇਸ ਦੇ ਕਾਨੂੰਨੀ ਨਤੀਜਿਆਂ ਬਾਰੇ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਨੇ ਕਿਹਾ ਕਿ ਸਕੂਟਰ ਜਾਂ ਮੋਟਰਸਾਈਕਲ ਚਲਾਉਂਦੇ ਸਮੇਂ ਹੈਲਮਟ ਜ਼ਰੂਰ ਪਾਉਣਾ ਚਾਹੀਦਾ ਹੈ ਅਤੇ ਬਾਈਕ ਦੀ ਸਪੀਡ ਵੀ ਨਾਰਮਲ ਰੱਖਣੀ ਚਾਹੀਦੀ ਹੈ। ਇਸਦੇ ਨਾਲ ਹੀ ਚਾਰ ਪਹੀਆ ਵਾਹਨ ਚਾਲਕਾਂ ਨੂੰ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਫ਼ੋਨ ਦੀ ਵਰਤੋਂ ਬਿਲਕੁਲ ਨਹੀਂ ਕਰਨੀ ਚਾਹੀਦੀ ਕਿਉਂਕਿ ਅਜਿਹਾ ਹੋਣ ਨਾਲ ਕਈ ਤਰ੍ਹਾਂ ਦੇ ਹਾਦਸੇ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਡਰਾਈਵਿੰਗ ਲਾਇਸੈਂਸ ਸਮੇਤ ਵਾਹਨ ਦੇ ਕਾਗ਼ਜ਼ਾਤ ਜ਼ਰੂਰ ਨਾਲ ਰੱਖਣੇ ਚਾਹੀਦੇ ਹਨ। ਉਨਾਂ ਨੇ ਅੱਗੇ ਕਿਹਾ ਕਿ ਜੇਕਰ ਕੋਈ 18 ਸਾਲ ਤੋਂ ਘੱਟ ਉਮਰ ਦਾ ਬੱਚਾ ਬਿਨਾਂ ਲਾਇਸੈਂਸ ਦੇ ਵਾਹਨ ਚਲਾਉਂਦਾ ਹੈ ਤਾਂ ਉਸ ਬੱਚੇ ਦੇ ਮਾਪਿਆਂ ਖਿਲਾਫ ਕਾਨੂੰਨੀ ਕਾਰਵਾਈ ਹੋ ਸਕਦੀ ਹੈ। ਇਸ ਮੌਕੇ ਉਨ੍ਹਾਂ ਪੁਲਿਸ ਹੈਲਪ ਲਾਈਨ 112 ਅਤੇ ਨੈਸ਼ਨਲ ਹਾਈਵੇ ਦੇ ਹੈਲਪ ਲਾਈਨ ਨੰਬਰ 1033 ਬਾਰੇ ਵੀ ਜਾਣਕਾਰੀ ਦਿੱਤੀ।