- ਲੋਕ ਅਦਾਲਤਾਂ ਵਿੱਚ ਛੇਤੀ ਨਿਆਂ ਮਿਲਣ ਦੇ ਨਾਲ ਸਮੇਂ ਤੇ ਧੰਨ ਦੀ ਬੱਚਤ ਹੋਣ ਤੋਂ ਇਲਾਵਾ ਆਪਸੀ ਦੁਸ਼ਮਣੀ ਵੀ ਖ਼ਤਮ ਹੁੰਦੀ ਹੈ
ਗੁਰਦਾਸਪੁਰ, 4 ਮਾਰਚ : ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ੍ਰੀ ਰਜਿੰਦਰ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 9 ਮਾਰਚ 2024 ਨੂੰ ਲੱਗ ਰਹੀ ਰਾਸ਼ਟਰੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਆਪਣੇ ਕੇਸਾਂ ਨੂੰ ਲਗਾ ਕੇ ਸਸਤਾ ਤੇ ਛੇਤੀ ਨਿਆਂ ਹਾਸਲ ਕਰਨ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਧੰਨ ਅਤੇ ਸਮਾਂ ਬਚਾਉਣ ਦੇ ਨਾਲ ਉਨ੍ਹਾਂ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਉਨ੍ਹਾਂ ਕਿਹਾ ਕਿ ਗੰਭੀਰ ਕਿਸਮ ਦੇ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਜੋ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਲੋਕ ਅਦਾਲਤਾਂ ਵਿੱਚ ਫ਼ੈਸਲੇ ਲਈ ਸ਼ਾਮਿਲ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਜੋ ਝਗੜਾ ਅਦਾਲਤ ਵਿੱਚ ਨਾ ਚੱਲਦਾ ਹੋਵੇ, ਉਹ ਮਾਮਲਾ ਵੀ ਲੋਕ ਅਦਾਲਤ ਵਿੱਚ ਦਰਖਾਸਤ ਦੇ ਕੇ ਰਾਜ਼ੀਨਾਮੇ ਲਈ ਲਿਆਂਦਾ ਜਾ ਸਕਦਾ ਹੈ । ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਲੋਕ ਅਦਾਲਤਾਂ ਹਰ ਮਹੀਨੇ ਦੇ ਅਖੀਰਲੇ ਕੰਮਕਾਜੀ ਸ਼ਨੀਵਾਰ ਨੂੰ ਰਾਜ ਦੀਆਂ ਸਾਰੀਆਂ ਅਦਾਲਤਾਂ ਵਿੱਚ ਲਗਾਈਆਂ ਜਾਂਦੀਆਂ ਹਨ। ਇਸ ਦੇ ਨਾਲ-ਨਾਲ ਲੇਬਰ ਕੋਰਟ ਅਤੇ ਉਪਭੋਗਤਾ ਫੋਰਮ ਵਿੱਚ ਹਰ ਮਹੀਨੇ ਦੇ ਅਖੀਰਲੇ ਸ਼ੁੱਕਰਵਾਰ ਨੂੰ ਲੋਕ-ਅਦਾਲਤ ਲਗਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਸਮੇਂ-ਸਮੇਂ 'ਤੇ ਔਰਤਾਂ ਅਤੇ ਬੱਚਿਆਂ ਦੇ ਕੇਸਾਂ ਸੰਬੰਧੀ, ਪਰਿਵਾਰਿਕ ਕੇਸ, ਮੋਟਰ ਦੁਰਘਟਨਾ ਕੇਸ ਆਦਿ ਲਈ ਸਪੈਸ਼ਲ ਲੋਕ ਅਦਾਲਤਾਂ ਅਤੇ ਮੈਗਾ ਲੋਕ ਅਦਾਲਤਾਂ ਦਾ ਆਯੋਜਨ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿਚ ਕੇਸ ਲਗਾਉਣ ਦੇ ਚਾਹਵਾਨ ਵਿਅਕਤੀ, ਜੇਕਰ ਕੇਸ ਅਦਾਲਤ ਵਿੱਚ ਲੰਬਿਤ ਹੈ ਤਾਂ ਸਬੰਧਿਤ ਅਦਾਲਤ ਦੇ ਜੱਜ ਸਾਹਿਬਾਨ ਨੂੰ ਅਤੇ ਜੇਕਰ ਝਗੜਾ/ਕੇਸ ਅਦਾਲਤ ਵਿੱਚ ਲੰਬਿਤ ਨਹੀਂ ਹੈ ਤਾਂ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੂੰ ਲਿਖਤੀ ਦਰਖਾਸਤ ਰਾਹੀਂ ਬੇਨਤੀ ਕਰ ਸਕਦੇ ਹਨ। ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ। ਲੋਕ ਅਦਾਲਤ ਵਿੱਚ ਛੇਤੀ ਤੇ ਸਸਤਾ ਨਿਆਂ ਮਿਲਦਾ ਹੈ ਇਸ ਦੇ ਫ਼ੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਲੋਕ ਅਦਾਲਤਾਂ ਦੇ ਫ਼ੈਸਲੇ ਖ਼ਿਲਾਫ਼ ਕੋਈ ਅਪੀਲ ਨਹੀਂ ਹੁੰਦੀ ਅਤੇ ਇਸ ਵਿਚ ਫ਼ੈਸਲਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ। ਲੋਕ ਅਦਾਲਤ ਵਿਚ ਫ਼ੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫ਼ੀਸ ਵੀ ਵਾਪਸ ਮਿਲ ਜਾਂਦੀ ਹੈ ਇਸ ਦੇ ਫ਼ੈਸਲੇ ਅੰਤਿਮ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਅਤੇ ਲੋਕ ਅਦਾਲਤ ਵਿੱਚ ਕੇਸ ਲਗਵਾਉਣ ਲਈ ਜ਼ਿਲ੍ਹਾ ਤੇ ਸੈਸ਼ਨਜ਼-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਿਟੀ, ਗੁਰਦਾਸਪੁਰ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਚੇਅਰਪਰਸਨ, ਉਪ-ਮੰਡਲ ਪੱਧਰੀ ਕਾਨੂੰਨੀ ਸੇਵਾ ਕਮੇਟੀ ਗੁਰਦਾਸਪੁਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।