ਵਿਧਾਇਕ ਕਲਸੀ ਵਲੋਂ ਬਟਾਲਾ ਹਲਕੇ ਦੇ ਪਿੰਡਾਂ ਅਤੇ ਕਿਸਾਨੀ ਨਾਲ ਸਬੰਧਿਤ ਮੁੱਦਿਆਂ ’ਤੇ ਖੇਤੀਬਾੜੀ ਮੰਤਰੀ ਖੁੱਡੀਆਂ ਨਾਲ ਮੀਟਿੰਗ

  • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖੇਤੀ ਵਿਭਿੰਨਤਾ ਲਿਆਉਣ ਲਈ ਯਤਨਸ਼ੀਲ

ਬਟਾਲਾ, 3 ਅਗਸਤ : ਵਿਧਾਨ ਸਭਾ ਹਲਕੇ ਦੇ ਪਿੰਡਾਂ ਅੰਦਰ ਖੇਤੀਬਾੜੀ ਨਾਲ ਸਬੰਧਤ ਮੁੱਦਿਆਂ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਵਿਧਾਇਕ ਸ਼ੈਰੀ ਕਲਸੀ ਵਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਕੀਤੀ ਗਈ ਤੇ ਇਸ ਬਾਬਤ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਖੇਤੀਬਾੜੀ ਕਿੱਤੇ ਨੂੰਹੋਰ ਖੁਸ਼ਹਾਲ ਤੇ ਲਾਹੇਵੰਦ ਬਣਾਉਣ ਦਾ ਯਕੀਨ ਦਿਵਾਉਂਦਿਆਂ ਦੱਸਿਆ ਕਿ ਸੂਬੇ ਵਿੱਚ ਖੇਤੀਬਾੜੀ ਨੂੰ ਮੁੜ ਮੁਨਾਫ਼ੇ ਵਾਲਾ ਧੰਦਾ ਬਣਾਉਣ ਅਤੇ ਪੰਜਾਬ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਖਾਸ ਯਤਨ ਕੀਤੇ ਗਏ ਹਨ। ਉਨਾਂ ਕਿਹਾ ਕਿ ਪੰਜਾਬ ਦੇ ਕਿਸਾਨ ਬਹੁਤ ਹੀ ਮਿਹਨਤੀ ਹਨ ਅਤੇ ਉਨ੍ਹਾਂ ਦੀਆਂ ਅਣਥੱਕ ਮਿਹਨਤ ਸਦਕਾ ਹੀ ਪੰਜਾਬ ਨੂੰ ਦੇਸ਼ ਦੇ ਅੰਨਦਾਤਾ" ਦਾ ਖਿਤਾਬ ਮਿਲਿਆ ਹੈ ਪਰ ਹੁਣ ਸੂਬੇ ਦੇ ਖੇਤੀਬਾੜੀ ਅਰਥਚਾਰੇ ਨੂੰ ਹੋਰ ਮਜ਼ਬੂਤ ਕਰਨ ਲਈ ਤਕਨਾਲੋਜੀ, ਖੋਜ ਅਤੇ ਉਦਯੋਗਾਂ ਦੇ ਸਹਿਯੋਗ ਦੀ ਲੋੜ ਹੈ। ਉਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਖੇਤੀ ਵਿਭਿੰਨਤਾ ਲਿਆਉਣ ਲਈ ਯਤਨ ਕਰ ਰਹੀ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਛੇਤੀ ਖਰਾਬ ਹੋਣ ਵਾਲੇ ਫ਼ਲਾਂ ਅਤੇ ਸਬਜ਼ੀਆਂ ਦੀ ਸੰਭਾਲ ਅਤੇ ਨਿਰਯਾਤ ਨੂੰ ਵਧਾਉਣ ਦੇ ਨਾਲ-ਨਾਲ ਇਨ੍ਹਾਂ ਦੇ ਮੰਡੀਕਰਨ ਨੂੰ ਯਕੀਨੀ ਬਣਾਉਣ ਲਈ ਵੀ ਠੋਸ ਉਪਰਾਲੇ ਕਰ ਰਹੀ ਹੈ।