- ਡਿਪਟੀ ਕਮਿਸ਼ਨਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਲਾਹਾ ਲੈਣ ਦੀ ਅਪੀਲ
ਤਰਨ ਤਾਰਨ, 21 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਐੱਨ. ਡੀ. ਏ. ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਬਤੌਰ ਕਮਿਸ਼ਨਡ ਅਫਸਰ ਬਣਨ ਲਈ ਸਿਖਲਾਈ ਦੇਣ ਦੇ ਉਦੇਸ਼ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐੱਫ.ਪੀ.ਆਈ) ਦੀ ਸਥਾਪਨਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਇੰਸਟੀਚਿਊਟ ਲੜਕਿਆਂ ਨੂੰ ਵਧੀਆ ਸਿਖਲਾਈ ਸਹੂਲਤਾ ਪ੍ਰਦਾਨ ਕਰਦਾ ਹੈ ਅਤੇ ਐਨ. ਡੀ. ਏ. ਦੀ ਯੂ. ਪੀ. ਐਸ. ਸੀ. ਪ੍ਰੀਖਿਆਂ ਦੇ ਨਾਲ-ਨਾਲ ਸਰਵਿਸਿਜ਼ ਸਿਲੈਕਸ਼ਨ ਬੋਰਡ ਦੀ ਤਿਆਰੀ ਵਿੱਚ ਵੀ ਉਹਨਾਂ ਦੀ ਮੱਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਇੰਸਟੀਚਿਊਟ ਸਥਿਤੀ ਸਰੀਰਕ ਅਤੇ ਨਰਸ ਹੁਨਰ ਸਿਖਲਾਈ ਪ੍ਰਦਾਨ ਕਰਦਾ ਹੈ, ਜੋ ਨੋਜਵਾਨ ਲੜਕਿਆਂ ਨੂੰ ਦੇਸ਼ ਦਾ ਚੰਗਾ ਨਾਗਰਿਕ ਬਣਨ ਲਈ ਤਿਆਰ ਕਰਦਾ ਹੈ। ਉਹਨਾਂ ਕਿਹਾ ਕਿ ਸਿਖਲਾਈ, ਰਹਿਣ-ਸਹਿਣ, ਮੈਸਿੰਗ, ਵਰਦੀਆਂ ਆਦਿ ਦੀ ਮੁਫਤ ਸਹੂਲਤ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਹੈ। ਇਸ ਸੰਸਥਾ ਤੋਂ ਹੁਣ ਤੱਕ ਐਨਡੀਏ/ਸੇਵਾ ਅਕੈਡਮੀਆ ਵਿਚ ਸ਼ਾਮਿਲ ਹੋਏ ਕੈਡਿਟਾਂ ਦੀ ਕੁੱਲ ਗਿਣਤੀ 217 ਹੈ, ਜਿੰਨਾਂ ਵਿਚੋਂ 141 ਕੈਡਿਟਾਂ ਨੂੰ ਭਾਰਤੀ ਆਰਮਡ ਫੋਰਸਿਜ਼ ਵਿੱਚ ਬਤੌਰ ਅਫਸਰਾਂ ਵਜੋਂ ਕਮਿਸ਼ਨਡ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਸੰਸਥਾ ਦੀ ਵੈੱਬਸਾਈਟ www.afpipunjab.org 'ਤੇ ਵਿਜ਼ਿਟ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਸੰਸਥਾ ਸੈਕਟਰ-77, ਮੋਹਾਲੀ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐੱਫ.ਪੀ.ਆਈ) ਵਿਖੇ ਸਥਾਪਿਤ ਹੈ।