ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ 776 ਪਿੰਡਾਂ ਵਿੱਚ ਨਿਯੁਕਤ ਕੀਤੇ ਗਏ ਨੋਡਲ ਅਫ਼ਸਰ-ਡਿਪਟੀ ਕਮਿਸ਼ਨਰ

  • ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ ‘ਤੇ ਕੀਤਾ ਜਾਵੇਗਾ ਸਨਮਾਨਿਤ
  • ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਹੀ ਮਿਲਾ ਕੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ ਦੀ ਕੀਤੀ ਅਪੀਲ

ਅੰਮ੍ਰਿਤਸਰ 29 ਸਤੰਬਰ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫ਼ਸਲਾਂ ਦੀ ਰਹਿੰਦ ਖੂੰਹਦ/ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਨ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਅਮਿਤ ਤਲਵਾੜ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਡੇ ਪੱਧਰ ਉੱਪਰ ਵਾਤਾਵਰਨ ਪੱਖੀ ਖੇਤੀਬਾੜੀ ਸੰਦ, ਜਿੰਨ੍ਹਾਂ ਨਾਲ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਸੰਭਵ ਹੈ, ਕਿਸਾਨਾਂ ਨੂੰ ਭਾਰੀ ਸਬਸਿਡੀ ਉੱਪਰ ਮੁਹੱਈਆ ਕਰਵਾ ਜਾ ਰਹੇ ਹਨ।ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਿਦਆਂ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਹੀ ਮਿਲਾ ਕੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਕਿਸਾਨ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣਗੇ, ਉਨ੍ਹਾਂ ਕਿਸਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਪਰਾਲੀ ਨੂੰ ਅੱਗ ਲੱਗਣ ਨਾਲ ਹੋਣ ਵਾਲੀਆਂ ਹਾਨੀਆਂ ਬਾਰੇ ਸਕੂਲਾਂ, ਕਾਲਜਾਂ ਵਿੱਚ ਵੱਡੀ ਗਿਣਤੀ ਵਿੱਚ ਜਾਗਰੂਕਤਾ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਪਿੰਡ ਪੱਧਰੀ ਕੈਂਪ ਆਯੋਜਿਤ ਕਰਕੇ ਵੱਧ ਤੋਂ ਵੱਧ ਕਿਸਾਨਾਂ ਨੂੰ ਸਰਫੇਸ ਸੀਡਰ ਮਸ਼ੀਨ ਬਾਰੇ ਦੱਸਿਆ ਜਾ ਰਿਹਾ ਹੈ ਕਿ ਕਿਵੇਂ ਕਿਸਾਨ ਇਸ ਮਸ਼ੀਨ ਦੀ ਮੱਦਦ ਨਾਲ ਪਰਾਲੀ ਨੂੰ ਬਿਨ੍ਹਾਂ ਸਾੜੇ ਤੇ ਵਾਹੇ ਕਣਕ ਦੀ ਬਿਜਾਈ ਕਰ ਸਕਦੇ ਹਨ। ਸਰਫੇਸ ਸੀਡਰ ਕੰਬਾਈਨ ਦੁਆਰਾ ਕਟਾਈ ਕੀਤੇ ਝੋਨੇ ਦੇ ਖੇਤ ਵਿੱਚ ਬੀਜ ਅਤੇ ਖਾਦ ਨੂੰ ਇੱਕੋਂ ਸਮੇਂ ਪਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਇਹ ਖੜ੍ਹੀ ਝੋਨੇ ਦੀ ਪਰਾਲੀ ਨੂੰ ਕਤਰਾ ਕਰਕੇ ਮਲਚ ਬਣਾ ਦਿੰਦਾ ਹੈ। ਸਰਫੇਸ ਸੀਡਰ ਇੱਕ ਘੰਟੇ ਵਿੱਚ 15 ਏਕੜ ਕਣਕ ਦੀ ਬਿਜਾਈ ਕਰ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਉਨ੍ਹਾਂ ਉੱਪਰ ਵੀ ਆਮ ਕਿਸਾਨਾਂ ਵਾਂਗ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਫਸਲਾਂ ਦੀ ਰਹਿੰਦ ਖੂੰਹਦ/ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 776 ਪਿੰਡਾਂ ਵਿੱਚ ਨੋਡਲ ਅਫ਼ਸਰ ਨਿਯੁਕਤ ਕੀਤੇ ਹਨ। ਨੋਡਲ ਅਫ਼ਸਰਾਂ ਤੋਂ ਇਲਾਵਾ ਸਬ-ਡਵੀਜ਼ਨ ਵਾਈਜ਼ 50 ਕਲੱਸਟਰ ਅਫ਼ਸਰਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਹ ਟੀਮਾਂ ਕਿਸਾਨਾਂ ਵਿੱਚ ਜਾਗਰੂਕਤਾ ਫੈਲਾਉਣ ਤੋਂ ਇਲਾਵਾ ਅੱਗ ਲਗਾਉਣ ਦੀ ਸੂਰਤ ਵਿੱਚ ਬਣਦੀ ਕਾਨੂੰਨੀ ਵੀ ਕਾਰਵਾਈ ਕਰਨਗੀਆਂ