75ਵੇਂ ਗਣਤੰਤਰ ਦਿਵਸ ਦੇ ਮੌਕੇ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਜ਼ਿਲਾ ਪੱਧਰੀ ਸਮਾਗਮ

  • ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਅਦਾ ਕੀਤੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ
  • ਪੰਜਾਬ ਪੁਲਿਸ, ਮਹਿਲਾ ਪੁਲਿਸ ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪਰੇਡ ਵਿੱਚ ਹਿੱਸਾ ਲਿਆ ਅਤੇ ਸ਼ਾਨਦਾਰ ਮਾਰਚ ਪਾਸਟ ਕਰਕੇ ਕੌਮੀ ਝੰਡੇ ਨੂੰ ਦਿੱਤੀ ਸਲਾਮੀ
  • ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ ਤੌਰ ‘ਤੇ ਕੀਤਾ ਗਿਆ ਸਨਮਾਨਿਤ ਕੀਤਾ ਗਿਆ ਤੇ ਲੋੜਵੰਦਾਂ ਨੂੰ ਵੰਡੇ ਟਰਾਈ ਸਾਈਕਲ ਤੇ ਸਲਾਈ ਮਸ਼ੀਨਾਂ
  • ਵੱਖ-ਵੱਖ ਖੇਤਰਾਂ ’ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸਖ਼ਸੀਅਤਾਂ ਅਤੇ ਬਿਹਤਰੀਨ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਕੀਤਾ ਸਨਮਾਨਿਤ
  • ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਵਿੱਦਿਅਕ ਅਦਾਰਿਆਂ ਵਿੱਚ ਸ਼ਨੀਵਾਰ ਦੀ ਛੁੱਟੀ ਦਾ ਕੀਤਾ ਐਲਾਨ

ਤਰਨ ਤਾਰਨ, 27 ਜਨਵਰੀ : 75ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਜ਼ਿਲਾ ਪੱਧਰੀ ਸਮਾਗਮ ਪੁਲਿਸ ਗਰਾਊਂਡ ਤਰਨ ਤਾਰਨ ਵਿਖੇ ਪੂਰੀ ਸ਼ਾਨੋ-ਸ਼ੌਕਤ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਜ਼ਿਲ੍ਹਾ ਤੇ ਸ਼ੈਸਨ ਜੱਜ ਸ਼੍ਰੀਮਤੀ ਪ੍ਰਿਆ ਸੂਦ, ਜ਼ਿਲਾ ਪੁਲਿਸ ਮੁਖੀ ਸ੍ਰੀ ਅਸ਼ਵਨੀ ਕਪੂਰ ਉਨਾਂ ਦੇ ਨਾਲ ਸਨ।ਸਮਾਗਮ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪਰੇਡ ਕਮਾਂਡਰ ਆਈ. ਪੀ. ਐੱਸ. ਸ੍ਰੀ ਰਿਸ਼ਭ ਭੋਲਾ ਦੀ ਅਗਵਾਈ ਵਿਚ ਪੰਜਾਬ ਪੁਲਿਸ, ਮਹਿਲਾ ਪੁਲਿਸ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪਰੇਡ ਵਿੱਚ ਹਿੱਸਾ ਲਿਆ ਅਤੇ ਸ਼ਾਨਦਾਰ ਮਾਰਚ ਪਾਸਟ ਕਰਕੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਅਤੇ ਸਰਕਾਰੀ ਸਕੀਮਾਂ ਨੂੰ ਦਰਸਾਉਂਦੀਆਂ ਦਿਲਕਸ਼ ਝਾਕੀਆਂ ਵੀ ਕੱਢੀਆਂ ਗਈਆਂ। ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ 75ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵੱਸਦੇ ਸਾਰੇ ਭਾਰਤੀਆਂ ਖ਼ਾਸ ਤੌਰ ‘ਤੇ ਪੰਜਾਬੀਆਂ ਵਧਾਈ ਦਿੱਤੀ ਅਤੇ ਕਿਹਾ ਕਿ ਮੈਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕਰਦਾ ਹਾਂ, ਜੋ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ। ਉਹਨਾਂ ਕਿਹਾ ਕਿ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੈ।ਇਸ ਪਵਿੱਤਰ ਦਿਹਾੜੇ ਮੌਕੇ ਉਹਨਾਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ।ਉਹਨਾਂ ਕਿਹਾ ਕਿ ਇਹ ਦਿਹਾੜਾ ਆਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ-ਘਾੜਿਆਂ ਵੱਲੋਂ ਭਾਰਤ ਦੇ ਸੁਨਹਿਰੀ ਭਵਿੱਖ ਬਾਰੇ ਲਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ ਉੱਤੇ ਝਾਤ ਮਾਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਸੰਕਲਪ ਹੈ। ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਅਤੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਰਾਜ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ 664 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਵਾ ਸੌ ਹੋਰ ਆਮ ਆਦਮੀ ਕਲੀਨਿਕ ਖੋਲਣ ਦੀ ਤਿਆਰੀ ਹੈ। ਇਨ੍ਹਾਂ ਕਲੀਨਿਕਾਂ ਵਿੱਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਲੈਬ ਟੈਸਟ ਦੀਆਂ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ. ਵੀ. ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਇਸ ਪਲਾਂਟ ਦਾ ਨਾਮ ਤੀਜੇ ਪਾਤਿਸ਼ਾਹ ਦੇ ਨਾਮ ਉੱਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਰੱਖਿਆ ਗਿਆ ਹੈ।ਪੰਜਾਬ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਸਦਕਾ 90 ਫੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ।ਜ਼ਿਲ੍ਹਾ ਤਰਨ ਤਾਰਨ ਵਿੱਚ 2 ਲੱਖ 08 ਹਜ਼ਾਰ 12 ਖਪਤਕਾਰਾਂ ਦਾ ਜ਼ੀਰੋ ਬਿੱਲ ਆ ਰਿਹਾ ਹੈ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਲਾਭ ਬਹਾਲ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਸਾਰੇ ਯੋਗ ਲਾਭਪਾਤਰੀ ਜਨਤਕ ਵੰਡ ਪ੍ਰਣਾਲੀ ਤਹਿਤ ਵੰਡੇ ਜਾ ਰਹੇ ਰਾਸ਼ਨ ਦਾ ਲਾਭ ਅਤੇ ਸੂਬਾ ਸਰਕਾਰ ਵੱਲੋਂ ਘਰ-ਘਰ ਰਾਸ਼ਨ ਪਹੁੰਚਾਉਣ ਲਈ ਸ਼ੁਰੂ ਕੀਤੀ ਜਾ ਰਹੀ ਸਕੀਮ ਦਾ ਫਾਇਦਾ ਉਠਾ ਸਕਣਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ “ਜਨ ਮਾਲ ਲੋਕ ਅਦਾਲਤਾਂ” ਲਗਾਈਆਂ ਗਈਆਂ ਅਤੇ ਇਸੇ ਮਹੀਨੇ 6 ਜਨਵਰੀ ‘ਤੇ 15 ਜਨਵਰੀ ਨੂੰ ਵਿਸ਼ੇਸ਼ ਕੈਂਪ ਲਗਾ ਕੇ ਬਕਾਇਆ ਪਏ ਇੰਤਕਾਲਾਂ ਦੇ 50,796 ਮਾਮਲੇ ਨਿਪਟਾਏ ਗਏ।ਜ਼ਿਲ੍ਹਾ ਤਰਨ ਤਾਰਨ ਵਿੱਚ ਲਗਾਏ ਵਿਸ਼ੇਸ ਕੈਂਪਾਂ ਦੌਰਾਨ ਲੱਗਭੱਗ 1500 ਇੰਤਕਾਲਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ ਗਿਆ। ਉਹਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਤਰਨ ਤਾਰਨ ਦੇ ਯਤਨਾਂ ਸਦਕਾ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਪਿਛਲੇ ਸਾਲ ਨਾਲੋਂ 36 ਫੀਸਦੀ ਘੱਟ ਹੋਈਆਂ ਹਨ । ਪਰਾਲੀ ਦੀ ਸਾਂਭ ਸੰਭਾਲ ਸਬੰਧੀ ਸਾਲ 2022-23 ਦੌਰਾਨ ਕਿਸਾਨਾਂ ਨੂੰ 1183 ਮਸ਼ੀਨਾਂ ਅਤੇ ਸਾਲ 2023-24 ਵਿੱਚ 837 ਮਸ਼ੀਨਾਂ ਸਬਸਿਡੀ ‘ਤੇ ਦਿੱਤੀਆਂ ਗਈਆਂ।ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਜ਼ਿਲਾ ਤਰਨਤਾਰਨ ਦੇ ਕਿਸਾਨਾਂ ਨੂੰ 26 ਲੱਖ 85 ਹਜ਼ਾਰ ਰੁਪਏ ਸਿੱਧੀ ਬਿਜਾਈ ਦਾ ਮਾਣਭੱਤਾ ਦਿੱਤਾ ਜਾ ਰਿਹਾ ਹੈ । ਉਹਨਾਂ ਕਿਹਾ ਕਿ ਸਿਹਤ ਵਿਭਾਗ, ਤਰਨ ਤਾਰਨ ਵੱਲੋ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ 18 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ ਫੇਸ-5 ਦੌਰਾਨ 11 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਜਲਦੀ ਸਪੁਰਦ ਕੀਤੇ ਜਾਣਗੇ।ਉਹਨਾਂ ਕਿਹਾ ਕਿ ਮਗਨਰੇਗਾ ਅਧੀਨ ਰੋਜ਼ਾਨਾ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਟੀਚਿਆਂ ਵਿੱਚ ਜ਼ਿਲ੍ਹਾ ਤਰਨ ਤਾਰਨ ਪੰਜਾਬ ਭਰ ਵਿੱਚ ਦੂਜੇ ਸਥਾਨ ‘ਤੇ ਪਹੁੰਚ ਗਿਆ ਹੈ। ਇਸ ਮੌਕੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਲਾਈ ਮਸ਼ੀਨਾਂ ਵੀ ਭੇਂਟ ਕੀਤੀਆਂ ਗਈਆਂ।ਇਸ ਤੋਂ ਇਲਾਵਾ ਖੇਮਕਰਨ, ਰਾਜੋਕੇ ਅਤੇ ਨਾਰਲੀ ਦੀਆਂ ਪਿੰਡ ਪੱਧਰੀ ਸੁਰੱਖਿਆ ਕੇਮਟੀਆਂ ਨੂੰ ਵੀ ਖਾਸ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਖੇਤਰਾਂ ’ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸਖ਼ਸੀਅਤਾਂ ਅਤੇ ਬਿਹਤਰੀਨ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਪਰੇਡ ਵਿੱਚ ਭਾਗ ਲੈਣ ਵਾਲੀਆਂ ਟੁਕੜੀਆਂ ਦਾ ਵੀ ਸਨਮਾਨ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਵਿੱਦਿਅਕ ਅਦਾਰਿਆਂ ਵਿੱਚ ਸ਼ਨੀਵਾਰ ਨੂੰ ਛੁੱਟੀ ਕਰਨ ਦਾ ਵੀ ਐਲਾਨ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਸਰਬਜੀਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਤਪ੍ਰੀਤ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪਾਲ ਸਿੰਘ ਪੰਨੂ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।