ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਕੀਤਾ ਜਾਗਰੂਕ

ਬਟਾਲਾ, 5 ਜੁਲਾਈ 2024 : ਡਾ. ਰਵਿੰਦਰ ਸਿੰਘ ਐਸ.ਐਮ. ਓ ਬਟਾਲਾ ਨੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰ ਦੇ ਆਲੇ-ਦੁਆਲੇ ਰੱਖੇ ਖਾਲੀ ਬਰਤਨਾਂ ਵਿੱਚ ਸਾਫ਼ ਪਾਣੀ ਨੂੰ ਜ਼ਿਆਦਾ ਦੇਰ ਤੱਕ ਖੜ੍ਹਾ ਨਾ ਰਹਿਣ ਦਿਓ, ਕਿਉਂਕਿ ਡੇਂਗੂ ਦਾ ਮੱਛਰ ਗੰਦੇ ਪਾਣੀ ਵਿੱਚ ਨਹੀਂ ਪਲਦਾ ਅਤੇ ਦਿਨ ਵੇਲੇ ਹਮਲਾ ਕਰਦਾ ਹੈ। ਉਨ੍ਹਾਂ ਦੱਸਿਆ ਕਿ ਸਿਰ ਦਰਦ ਅਤੇ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਈ ਜਾਵੇ। ਉਨਾਂ ਅੱਗੇ ਕਿਹਾ ਕਿ ਸਿਹਤ ਵਿਭਾਗ ਵਲੋਂ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਜਾ ਕੇ ਫਰਿੱਜਾਂ ਤੇ ਬਰਤਨਾਂ ਆਦਿ ਵਿੱਚ ਖੜ੍ਹੇ ਪਾਣੀ ਦੀ ਜਾਂਚ ਕਰ ਰਹੇ ਹਨ ਤਾਂ ਜੋ ਡੇਂਗੂ ਦੇ ਫੈਲਾਅ ਨੂੰ ਉਥੇ ਹੀ ਨਸ਼ਟ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਵਿਭਾਗ ਵੱਲੋਂ ਹਫ਼ਤੇ ਦੇ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵੀ ਮਨਾਇਆ ਜਾਂਦਾ ਹੈ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ। ਉਨਾਂ ਦੱਸਿਆ ਕਿ  ਇਸ ਦਿਨ ਘਰ ਵਿੱਚ ਰੱਖੇ ਕੂਲਰਾਂ, ਬਰਤਨਾਂ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ਼ ਕਰਨ ਸਬੰਧੀ ਦੱਸਿਆ ਜਾਂਦਾ ਹੈ, ਅਜਿਹੀਆਂ ਸਾਵਧਾਨੀਆਂ ਵਰਤ ਕੇ ਹੀ ਅਸੀਂ ਡੇਂਗੂ ਤੋਂ ਬਚ ਸਕਦੇ ਹਾਂ।