- 26 ਜਨਵਰੀ ਤੋਂ ਸਾਰੇ ਤਹਿਸੀਲ ਤੇ ਜ਼ਿਲ੍ਹਾ ਪੱਧਰ ਦੇ ਹਸਪਤਾਲ ਐਕਸਰੇਅ ਮਸ਼ੀਨਾਂ ਨਾਲ ਲੈਸ ਹੋਣਗੇ : ਸੇਖਵਾਂ
- 65 ਲੱਖ ਤੋਂ ਵੱਧ ਮਰੀਜ਼ਾਂ ਨੇ ਆਮ ਆਦਮੀ ਕਲੀਨਿਕਾਂ ਤੋਂ ਸਿਹਤ ਸੇਵਾਵਾਂ ਦਾ ਲਾਭ ਲਿਆ
ਗੁਰਦਾਸਪੁਰ, 20 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਤੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ਇਕ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਸ ਮੁਹਿੰਮ ਤਹਿਤ 40 ਤੋਂ 42 ਸੇਵਾਵਾਂ ਬਿਨਾਂ ਕਿਸੇ ਦਿੱਕਤ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਮੁਹੱਈਆ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਉਨ੍ਹਾਂ ਨੂੰ ਇਨ੍ਹਾਂ ਸੇਵਾਵਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਭਟਕਣਾ ਨਹੀਂ ਪਵੇਗਾ। ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਤੇ ਸਿੱਖਿਆ ਖੇਤਰ ਵਿੱਚ ਵੀ ਵੱਡੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 26 ਜਨਵਰੀ 2024 ਤੋਂ ਪੰਜਾਬ ਦੇ ਸਾਰੇ ਤਹਿਸੀਲ ਤੇ ਜ਼ਿਲ੍ਹਾ ਪੱਧਰ ਦੇ ਹਸਪਤਾਲ ਐਕਸਰੇਅ ਮਸ਼ੀਨਾਂ ਨਾਲ ਲੈਸ ਹੋਣਗੇ। ਉਨ੍ਹਾਂ ਕਿਹਾ ਕਿ ਆਗਾਮੀ ਗਣਤੰਤਰ ਦਿਵਸ ਤੋਂ ਇਹ ਸਹੂਲਤ ਸਾਰੇ ਹਸਪਤਾਲਾਂ ਵਿੱਚ ਮੁਹੱਈਆ ਹੋਵੇਗੀ ਅਤੇ ਇਨ੍ਹਾਂ ਮਸ਼ੀਨਾਂ ਨੂੰ ਚਲਾਉਣ ਲਈ ਅਪਰੇਟਰ ਵੀ ਤਾਇਨਾਤ ਕੀਤੇ ਜਾਣਗੇ। ਚੇਅਰਮੈਨ ਸ. ਸੇਖਵਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿਹਤ ਖ਼ੇਤਰ ਨੂੰ ਨਵੀਂ ਦਿਸ਼ਾ ਦੇਣ ਲਈ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 42 ਤਰ੍ਹਾਂ ਦੇ ਕਲੀਨਿਕਲ ਟੈਸਟ ਬਿਲਕੁੱਲ ਮੁਫ਼ਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਤੋਂ 65 ਲੱਖ ਤੋਂ ਵੱਧ ਮਰੀਜ਼ਾਂ ਨੇ ਸਿਹਤ ਸੰਭਾਲ ਸੇਵਾਵਾਂ ਹਾਸਲ ਕੀਤੀਆਂ ਹਨ।